ਐੱਸਏਐੱਸ ਨਗਰ (ਮੁਹਾਲੀ) : ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਪਰਦੀਪ ਸਿੰਘ ਢਿੱਲੋਂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਅੱਜ ਪਰਦੀਪ ਢਿੱਲੋਂ ਦੇ ਤੀਜੀ ਵਾਰ 26 ਮਈ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਵਿਜੀਲੈਂਸ ਦੀ ਜਾਂਚ ਟੀਮ ਨੇ ਢਿੱਲੋਂ ਦੇ ਘਰ ਸਣੇ ਹੋਰ ਟਿਕਾਣਿਆਂ ਦੀ ਤਲਾਸ਼ੀ ਲਈ ਸਰਚ ਵਾਰੰਟ ਵੀ ਹਾਸਲ ਕੀਤੇ ਹਨ। ਬੀਤੀ ਰਾਤ ਵੀ ਵਿਜੀਲੈਂਸ ਨੇ ਸੈਕਟਰ-80 ਸਥਿਤ ਢਿੱਲੋਂ ਦੇ ਘਰ ’ਤੇ ਛਾਪਾ ਮਾਰਿਆ ਸੀ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਹਾਲੀ ਦੇ ਸੈਕਟਰ-80 ਦੇ ਵਸਨੀਕ ਟਰਾਂਸਪੋਰਟ ਅਧਿਕਾਰੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਪਰਮਾਰ ਸਣੇ ਐੱਸਐੱਸਪੀ ਵਿਜੀਲੈਂਸ ਸਵਰਨਪ੍ਰੀਤ ਸਿੰਘ ਅਤੇ ਏਆਈਜੀ ਹਰਪ੍ਰੀਤ ਸਿੰਘ ਨੂੰ ਮੁਅੱਤਲ ਕੀਤਾ ਗਿਆ ਸੀ। ਪਰਦੀਪ ਸਿੰਘ ਢਿੱਲੋਂ ਨੇ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਸਰਕਾਰੀ ਵਕੀਲ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਸੀ ਕਿ ਆਰਟੀਏ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਕਰਨੀ ਬਹੁਤ ਜ਼ਰੂਰੀ ਹੈ। ਉਧਰ, ਬਚਾਅ ਪੱਖ ਦੇ ਵਕੀਲ ਨੇ ਇਹ ਦਲੀਲ ਦਿੱਤੀ ਸੀ ਕਿ ਆਰਟੀਏ ਪਰਦੀਪ ਢਿੱਲੋਂ ਜਾਂਚ ਵਿੱਚ ਸ਼ਾਮਲ ਹੋ ਕੇ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ ਪਰ ਅਦਾਲਤ ਨੇ ਉੁਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਢਿੱਲੋਂ ਕੋਲ ਮੁਹਾਲੀ ਸਣੇ ਪਟਿਆਲਾ ਦੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਦਾ ਵੀ ਚਾਰਜ ਸੀ। ਉਹ ਕਾਫ਼ੀ ਸਮੇਂ ਤੋਂ ਮੁਹਾਲੀ ਵਿੱਚ ਤਾਇਨਾਤ ਸੀ। ਉਨ੍ਹਾਂ ਨੇ ਸਾਲ ਬਾਅਦ ਸੇਵਾਮੁਕਤ ਹੋਣਾ ਸੀ ਪ੍ਰੰਤੂ ਅਖੀਰਲੇ ਪੜਾਅ ’ਤੇ ਪਹੁੰਚ ਕੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਤਹਿਤ ਵਿਜੀਲੈਂਸ ਦੇ ਸ਼ਿਕੰਜੇ ਵਿੱਚ ਫਸ ਗਿਆ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਹੀ ਸੂਬੇ ਵਿੱਚ ਡਰਾਈਵਿੰਗ ਲਾਇਸੈਂਸ ਘਪਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਵਿਜੀਲੈਂਸ ਵੱਲੋਂ ਬੀਤੀ 7 ਅਪਰੈਲ ਨੂੰ ਪੰਜਾਬ ਭਰ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਦਫ਼ਤਰਾਂ ਸਮੇਤ ਡਰਾਈਵਿੰਗ ਟੈਸਟ ਸੈਂਟਰਾਂ ’ਤੇ ਛਾਪੇ ਮਾਰੇ ਗਏ ਸਨ।
ਲਾਇਸੈਂਸ ਘਪਲੇ ’ਚ ਲੱਗਪੱਗ 16 ਕੇਸ ਦਰਜ ਕੀਤੇ ਗਏ ਸਨ ਅਤੇ ਸਬੰਧਤ ਵਿਅਕਤੀਆਂ ਕੋਲੋਂ 40,900 ਰੁਪਏ ਜ਼ਬਤ ਕਰਨ ਦੀ ਗੱਲ ਕਹੀ ਜਾ ਰਹੀ ਸੀ ਪ੍ਰੰਤੂ ਵਿਜੀਲੈਂਸ ਦੀ ਢਿੱਲਮੱਠ ਕਾਰਨ ਘਪਲੇ ਵਿੱਚ ਸ਼ਾਮਲ ਵਿਅਕਤੀ ਫ਼ਰਾਰ ਹੋ ਗਏ।