ਚੰਡੀਗੜ੍ਹ : ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਦੇ ਮੱਦੇਨਜ਼ਰ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਵਿਸ਼ੇਸ਼ ਇਜਲਾਸ ਦੌਰਾਨ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐੱਮਬੀ ਦੇ ਫ਼ੈਸਲੇ ਖ਼ਿਲਾਫ਼ ਮਤਾ ਲਿਆਉਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਾਮ ਇੱਥੇ ਵਿਧਾਇਕਾਂ ਅਤੇ ਵਜ਼ੀਰਾਂ ਦੀ ਪਾਣੀਆਂ ਦੇ ਮੁੱਦੇ ’ਤੇ ਸੱਦੀ ਮੀਟਿੰਗ ਵਿੱਚ ਇਸ ਫ਼ੈਸਲੇ ਤੋਂ ਜਾਣੂ ਕਰਾਇਆ। ਵਿਧਾਨ ਸਭਾ ਇਜਲਾਸ ਦੌਰਾਨ ਪੰਜਾਬ ਦੇ ਜਲ ਸਰੋਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣ ਬਾਰੇ ਚਰਚਾ ਹੋਵੇਗੀ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਬੈਠਕ ਮਗਰੋਂ ਦੱਸਿਆ ਕਿ ਭਲਕੇ 2 ਮਈ ਨੂੰ ਸਵੇਰੇ 10 ਵਜੇ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਨੂੰ ਪਾਣੀਆਂ ਦੇ ਮੌਜੂਦਾ ਮੁੱਦੇ ’ਤੇ ਸਪੱਸ਼ਟ ਸਟੈਂਡ ਲੈਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਪੰਜਾਬ ਦੇ ਲੋਕਾਂ ਨੂੰ ਪਤਾ ਚੱਲ ਜਾਵੇਗਾ ਕਿ ਕੌਣ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕੌਣ ਭਾਜਪਾ ਦਾ ਸਮਰਥਨ ਕਰਦਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਗ ਕੀਤੀ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਆਗੂਆਂ ਨੂੰ ਇਸ ਨਾਜ਼ੁਕ ਮੁੱਦੇ ’ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਪੰਜਾਬ ਵਿੱਚ ਪਾਣੀਆਂ ਦੇ ਅਧਿਕਾਰਾਂ ਦੇ ਭਖਦੇ ਮੁੱਦੇ ’ਤੇ ਚਰਚਾ ਦੌਰਾਨ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਕੁਦਰਤੀ ਸਰੋਤਾਂ ਨਾਲ ਲਗਾਤਾਰ ਵਿਸ਼ਵਾਸਘਾਤ ਅਤੇ ਸ਼ੋਸ਼ਣ ਦੀ ਨਿੰਦਾ ਕੀਤੀ। ਉਨ੍ਹਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਤਰੁਣ ਚੁੱਘ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਭਾਜਪਾ ਆਗੂਆਂ ਨੂੰ ਸਿੱਧੇ ਤੌਰ ’ਤੇ ਚੁਣੌਤੀ ਦਿੱਤੀ ਕਿ ਉਹ ਪੰਜਾਬ ਦੀ ਭਲਾਈ ਜਾਂ ਭਾਜਪਾ ਪ੍ਰਤੀ ਆਪਣੀ ਵਫ਼ਾਦਾਰੀ ਵਿੱਚੋਂ ਇੱਕ ਦੀ ਚੋਣ ਕਰਨ।
Posted inNews
ਪਾਣੀਆਂ ਦਾ ਮਸਲਾ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 5 ਨੂੰ
