ਕੁਰਾਲੀ : ਪੁਲੀਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਅੱਜ ਥਾਣਾ ਸਦਰ ਕੁਰਾਲੀ ਅਧੀਨ ਪੈਂਦੇ ਪਿੰਡ ਚਟੌਲੀ ਕਲਾਂ ਵਿੱਚ ਸਾਂਝੀ ਕਾਰਵਾਈ ਕਰਦਿਆਂ ਨਸ਼ਾ ਤਸਕਰ ਵੱਲੋਂ ਪੰਚਾਇਤੀ ਜ਼ਮੀਨ ’ਤੇ ਕੀਤੀ ਗ਼ੈਰਕਾਨੂੰਨੀ ਉਸਾਰੀ ਢਾਹ ਦਿੱਤੀ। ਇਹ ਕਾਰਵਾਈ ਜ਼ਿਲ੍ਹਾ ਪੁਲੀਸ ਮੁਖੀ ਹਰਮਨਦੀਪ ਸਿੰਘ ਹਾਂਸ ਦੇ ਨਿਰਦੇਸ਼ਾਂ ’ਤੇ ਡੀਐੱਸਪੀ (ਮੁੱਲਾਂਪੁਰ ਗਰੀਬਦਾਸ) ਮੋਹਿਤ ਅਗਰਵਾਲ ਅਤੇ ਐੱਸਐੱਚਓ ਗੌਰਵਬੰਸ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਕੀਤੀ ਗਈ। ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
ਡੀਐੱਸਪੀ ਅਗਰਵਾਲ ਨੇ ਦੱਸਿਆ ਕਿ ਅੱਜ ਪਿੰਡ ਚਟੌਲੀ ਕਲਾਂ ਦੇ ਨਸ਼ਾ ਤਸਕਰ ਦਿਲਪ੍ਰੀਤ ਸਿੰਘ ਵੱਲੋਂ ਕੀਤੀ ਗ਼ੈਰਕਾਨੂੰਨੀ ਉਸਾਰੀ ਢਾਹ ਦਿੱਤੀ ਗਈ ਹੈ। ਉਨ੍ਹਾ ਦੱਸਿਆ ਕਿ ਦਿਲਪ੍ਰੀਤ ਸਿੰਘ ਖ਼ਿਲਾਫ਼ ਕੁਰਾਲੀ ਪੁਲੀਸ ਨੇ 29 ਮਈ, 2022 ਨੂੰ 445 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਕੇਸ ਦਰਜ ਕੀਤਾ ਸੀ। ਇਸ ਮਾਮਲੇ ਕਾਰਨ ਹੀ ਦਿਲਪ੍ਰੀਤ ਜੇਲ੍ਹ ਵਿੱਬ ਬੰਦ ਹੈ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਦੀ ਇਹ ਕਾਰਵਾਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਲਈ ਸਖ਼ਤ ਸੁਨੇਹਾ ਹੈ। ਇਸੇ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਹਰਮਨਦੀਪ ਸਿੰਘ ਹਾਂਸ ਨੇ ਵੀ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਅਜਿਹੀਆਂ ਗ਼ੈਰਕਾਨੂੰਨੀ ਗਤੀਵਿਧੀਆਂ ਬੰਦ ਕਰਨ ਜਾਂ ਫਿਰ ਇਸੇ ਤਰ੍ਹਾਂ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਤਾਕੀਦ ਕੀਤੀ। ਇਸ ਮੌਕੇ ਡਿਊਟੀ ਮੈਜਿਸਟ੍ਰੇਟ ਵਜੋਂ ਨਾਇਬ ਤਹਿਸੀਲਦਾਰ (ਮਾਜਰੀ) ਰਾਜਵੀਰ ਸਿੰਘ ਮਰਵਾਹ ਅਤੇ ਪੰਚਾਇਤ ਅਫ਼ਸਰ ਬਲਾਕ ਮਾਜਰੀ ਮਨਦੀਪ ਸਿੰਘ ਮੌਜੂਦ ਸਨ।