ਚੰਡੀਗੜ੍ਹ : ਪੰਜਾਬ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਛੱਡ ਚੁੱਕੇ ਵਿਅਕਤੀਆਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕਰਨ ਦੀ ਤਿਆਰੀ ’ਚ ਹੈ। ਇਸ ਲਈ ਅੱਜ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਡਾ. ਬਲਬੀਰ ਸਿੰਘ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ’ਚ ਫੈਸਲਾ ਲਿਆ ਗਿਆ ਕਿ ਨਸ਼ਿਆਂ ਦੀ ਦਲਦਲ ’ਚੋਂ ਨਿਕਲ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕੀਤਾ ਜਾਵੇਗਾ।
ਸ੍ਰੀ ਅਰੋੜਾ ਨੇ ਅਧਿਕਾਰੀਆਂ ਨੂੰ ਇਲਾਜ ਕਰਵਾ ਚੁੱਕੇ ਨਸ਼ਾ ਪੀੜਤਾਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਲਈ ਪ੍ਰਾਜੈਕਟ ਪ੍ਰਬੰਧਨ ਯੂਨਿਟ (ਪੀਐੱਮਯੂ) ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਨਸ਼ਿਆਂ ਵੱਲ ਮੁੜ ਜਾਣ ਤੋਂ ਰੋਕਿਆ ਜਾ ਸਕੇ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐੱਸਡੀਐੱਮ), ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਰੁਜ਼ਗਾਰ ਅਤੇ ਉਦਮ ਬਿਊਰੋ (ਡੀਬੀਈਈ) ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਨਸ਼ਿਆਂ ਤੋਂ ਮੁਕਤ ਹੋ ਚੁੱਕੇ ਵਿਅਕਤੀਆਂ ਨੂੰ ਹੁਨਰ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਦਾ ਉਦੇਸ਼ ਨਸ਼ੇ ਛੱਡ ਚੁੱਕੇ ਵਿਅਕਤੀਆਂ ਵਿੱਚ ਚੰਗੀਆਂ ਆਦਤਾਂ ਅਤੇ ਹੁਨਰ ਪੈਦਾ ਕਰਨਾ ਹੈ।