ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਰਾਜੋਆਣਾ ਨੂੰ ਮਿਲਣਗੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗੜਗੱਜ

ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਰਾਜੋਆਣਾ ਨੂੰ ਮਿਲਣਗੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗੜਗੱਜ

ਪਟਿਆਲਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਪਹੁੰਚ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਦਿੱਤੀ। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਪਿਛਲੇ 30 ਸਾਲਾਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਰਾਜੋਆਣਾ ਨੂੰ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਪ੍ਰੰਤੂ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਲਟਕ ਰਿਹਾ ਹੈ।

ਸਾਲ 2012 ਵਿਚ ਰਾਜੋਆਣਾ ਨੂੰ ਪਟਿਆਲਾ ਜੇਲ੍ਹ ਵਿੱਚ ਫਾਂਸੀ ਦੇਣ ਲਈ ਦਿਨ ਮੁਕੱਰਰ ਕੀਤਾ ਗਿਆ ਸੀ, ਪਰ ਉਦੋਂ ਰਾਜੋਆਣਾ ਵੱਲੋਂ ਕੋਈ ਵੀ ਕਾਨੂੰਨੀ ਚਾਰਾਜੋਈ ਨਾ ਕੀਤੇ ਜਾਣ ਕਰਕੇ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ਦੇ ਅਧਾਰ ’ਤੇ ਰਾਸ਼ਟਰਪਤੀ ਨੇ ਫਾਂਸੀ ’ਤੇ ਰੋਕ ਲਾ ਕੇ ਫਾਈਲ ਅਗਲੇਰੀ ਕਾਰਵਾਈ ਲਈ ਗ੍ਰਹਿ ਮੰਤਰਾਲੇ ਕੋਲ ਭੇਜ ਦਿੱਤੀ ਸੀ। ਇਹ ਫਾਈਲ ਉਦੋਂ ਤੋਂ ਉੱਥੇ ਹੀ ਪਈ ਹੈ।

ਉਧਰ ਰਾਜੋਆਣਾ ਮੰਗ ਕਰ ਰਹੇ ਹਨ ਕਿ ਉਸ ਦੀ ਫਾਂਸੀ ਸਬੰਧੀ ਫੈਸਲੇ ਦਾ ਨਿਪਟਾਰਾ ਜਲਦੀ ਕੀਤਾ ਜਾਵੇ। ਇਸ ਮੰਗ ਦੀ ਪੂਰਤੀ ਲਈ ਉਹ ਦੋ ਵਾਰ ਮਰਨ ਵਰਤ ਵੀ ਰੱਖ ਚੁੱਕੇ ਹਨ।

Share: