ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਜਿਸ ਨੂੰ ਆਪਣੀ ਨਵੀਂ ਫਿਲਮ ‘ਸਰਦਾਰ ਜੀ 3’ ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨਾਲ ਕੰਮ ਕਰਨ ’ਤੇ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਦੀ ਹਮਾਇਤ ’ਚ ਨਿੱਤਰ ਆਏ।
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਉੱਘੇ ਪੰਜਾਬੀ ਅਦਾਕਾਰ ਦੀ ਹਮਾਇਤ ਕਰਦਿਆਂ ਆਖਿਆ ਕਿ ਦਿਲਜੀਤ ਦੁਸਾਂਝ ਇੱਕ ਪ੍ਰਸਿੱਧ ਭਾਰਤੀ ਕਲਾਕਾਰ ਹਨ ਜਿਨਾਂ ਨੇ ਵਿਸ਼ਵ ਪੱਧਰ ’ਤੇ ਸਾਨੂੰ ਸਾਰਿਆਂ ਨੂੰ ਮਾਣ ਦਿਵਾਇਆ ਹੈ। ਦਿਲਜੀਤ ਨੇ ਭਾਰਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਵਿਸ਼ਵ ਪੱਧਰ ਤੇ ਵੱਖਰੀ ਪਹਿਚਾਣ ਦਵਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੌਮਾਂਤਰੀ ਨੁਮਾਇੰਦਗੀ ਕਰਨ ਵਾਲੇ ਵਿਅਕਤੀ ਦੀ ਸ਼ਲਾਘਾ ਕਰਨੀ ਚਾਹੀਦੀ ਹੈ ਨਾ ਕਿ ਉਸ ਨੂੰ ਲੈ ਕੇ ਸਵਾਲ ਕੀਤੇ ਜਾਣੇ ਚਾਹੀਦੇ ਹਨ।
ਬਾਜਵਾ ਨੇ ਕਿਹਾ ਕਿ ਸਾਨੂੰ ਦਿਲਜੀਤ ਦੋਸਾਂਝ ਵਰਗੇ ਭਾਰਤੀ ਕਲਾਕਾਰਾਂ ਦੇ ਯੋਗਦਾਨ ਨੂੰ ਕਮਜ਼ੋਰ ਨਹੀਂ ਹੋਣ ਦੇਣਾ ਚਾਹੀਦਾ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਉਹ ਦਿਲਜੀਤ ਦੋਸਾਂਝ ਦੇ ਨਾਲ ਖੜ੍ਹੇ ਹਨ ਅਤੇ ਉਸ ਨਾਲ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਨਹੀਂ ਹੋਣ ਦੇਣਗੇ।

