ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਦਾ ਪੱਖ ਸੁਣਨ ਮਗਰੋਂ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬੱਗਾ ਕਲਾਂ ਅਤੇ ਅਖਾੜਾ ’ਚ ਸੀਬੀਜੀ ਪਲਾਂਟਾਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ। ਮੁੱਖ ਮੰਤਰੀ ਨੇ ਇਸ ਕਮੇਟੀ ਨੂੰ ਸਮਾਂਬੱਧ ਢੰਗ ਨਾਲ ਆਪਣੀ ਰਿਪੋਰਟ ਸੌਂਪਣ ਲਈ ਕਿਹਾ। ਮਾਹਿਰ ਕਮੇਟੀ ਨੂੰ ਇਨ੍ਹਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਮੀਟਿੰਗਾਂ ਕਰਨ ਲਈ ਕਿਹਾ ਗਿਆ ਅਤੇ ਪਲਾਟਾਂ ਨਾਲ ਸਬੰਧਤ ਮਾਮਲਿਆਂ ਦੀ ਘੋਖ ਕਰਨ ਲਈ ਵੀ ਹੁਕਮ ਦਿੱਤੇ ਗਏ। ਕਮੇਟੀ ਨੂੰ ਇਨ੍ਹਾਂ ਪਿੰਡਾਂ ਦੇ ਲੋਕਾਂ ਦੇ ਤੌਖਲੇ ਦੂਰ ਕਰਨ ਵਾਸਤੇ ਕਿਹਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸੇ ਵੀ ਉਲੰਘਣਾ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਪਿੰਡ ਵਾਸੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਪ੍ਰਦੂਸ਼ਣ ਨਿਯਮਾਂ ਦੀ ਕਿਸੇ ਵੀ ਉਲੰਘਣਾ ਬਾਰੇ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾਵੇਗੀ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇ ਨਿਯਮਾਂ ਦੀ ਉਲੰਘਣਾ ਕੀਤੀ ਤਾਂ ਕਾਰਵਾਈ ਹੋਵੇਗੀ। ਮੁੱਖ ਮੰਤਰੀ ਨੇ ਦੋਵੇਂ ਪਿੰਡਾਂ ਦੇ ਲੋਕਾਂ ਅੱਗੇ ਪਿੰਡ ਘੁੰਗਰਾਲੀ ਵਿੱਚ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਸਥਾਪਿਤ ਕੀਤੇ ਗਏ ਪਲਾਂਟ ਦੀ ਮਿਸਾਲ ਵੀ ਪੇਸ਼ ਕੀਤੀ।
Posted inNews
ਮੁੱਖ ਮੰਤਰੀ ਵੱਲੋਂ ਸੀਬੀਜੀ ਪਲਾਂਟਾਂ ਦੀ ਘੋਖ ਕਰਨ ਦੇ ਹੁਕਮ

