ਮਜੀਠੀਆ ਦੀ ਮੁਹਾਲੀ ਕੋਰਟ ’ਚ ਪੇਸ਼ੀ ਅੱਜ; ਅਕਾਲੀ ਵਰਕਰਾਂ ਨੂੰ ਮੁਹਾਲੀ ਆਉਣ ਤੋਂ ਰੋਕਣ ਲੱਗੀ ਪੁਲੀਸ ਪੱਬਾਂ ਭਾਰ

ਮਜੀਠੀਆ ਦੀ ਮੁਹਾਲੀ ਕੋਰਟ ’ਚ ਪੇਸ਼ੀ ਅੱਜ; ਅਕਾਲੀ ਵਰਕਰਾਂ ਨੂੰ ਮੁਹਾਲੀ ਆਉਣ ਤੋਂ ਰੋਕਣ ਲੱਗੀ ਪੁਲੀਸ ਪੱਬਾਂ ਭਾਰ

ਮੁਹਾਲੀ : ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੱਤ ਦਿਨਾ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਮੁਹਾਲੀ ਕੋਰਟ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਮਜੀਠੀਆ ਦੇ ਵਕੀਲ ਉਨ੍ਹਾਂ ਦੀ ਗ੍ਰਿਫ਼ਤਾਰੀ ਖਿਲਾਫ਼ ਪਹਿਲਾਂ ਹੀ ਹਾਈ ਕੋਰਟ ਪਹੁੰਚ ਗਏ ਹਨ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਅਣਐਲਾਨੀ ਐਮਰਜੈਂਸੀ ਲਾ ਦਿੱਤੀ ਹੈ। ਆਪਣੇ ਫੇਸਬੁੱਕ ਅਕਾਊਂਟ ਉੱਤੇ ਲੋਧੀ ਨੰਗਲ ਖੇਤਰ ਦੇ ਅਕਾਲੀ ਵਰਕਰਾਂ ਦੀ ਇੱਕ ਵੀਡੀਓ ਕਲਿੱਪ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ ਕਿ ਅੱਜ ਮੁਹਾਲੀ ਕੋਰਟ ਵਿਚ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਉਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਆ ਰਹੇ ਅਕਾਲੀ ਵਰਕਰਾਂ ਨੂੰ ਨਾਕਾਬੰਦੀ ਕਰਕੇ ਰਸਤਿਆਂ ਵਿੱਚ ਰੋਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਮੁਹਾਲੀ ਨਹੀਂ ਆਉਣ ਦਿੱਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਅਜਿਹੀਆਂ ਦਮਨਕਾਰੀ ਕਾਰਵਾਈਆਂ ਨਾਲ ਅਕਾਲੀ ਵਰਕਰ ਡਰਨ ਵਾਲੇ ਨਹੀਂ ਹਨ ਅਤੇ ਉਹ ਇਸ ਦਾ ਲੋਕ ਲਹਿਰ ਬਣਾ ਕੇ ਡਟ ਕੇ ਜਵਾਬ ਦੇਣਗੇ।

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੱਤ ਦਿਨਾਂ ਦਾ ਵਿਜੀਲੈਂਸ ਰਿਮਾਂਡ ਖਤਮ ਹੋਣ ਮਗਰੋਂ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਦੂਜੇ ਪਾਸੇ ਅਕਾਲੀ ਦਲ ਵੱਲੋਂ ਇਸ ਸਬੰਧੀ ਮੁਹਾਲੀ ਦੇ ਫੇਜ਼ ਅੱਠ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰਤਾ ਸੱਦੀ ਗਈ ਹੈ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਵੀ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ।

Share: