ਮੌਨਸੂਨ ਇਜਲਾਸ ਦੇ ਪਹਿਲੇ ਦਿਨ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਸ਼ੋਰ-ਸ਼ਰਾਬੇ ਅਤੇ ‘ਆਪ੍ਰੇਸ਼ਨ ਸਿੰਧੂਰ’ ਉੱਤੇ ਚਰਚਾ ਦੀ ਮੰਗ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਪਹਿਲੇ ਦਿਨ ਪਹਿਲਗਾਮ ਦਹਿਸ਼ਤੀ ਹਮਲੇ, ਅਪਰੇਸ਼ਨ ਸਿੰਧੂਰ ਤੇ ਕੁਝ ਹੋਰਨਾਂ ਮੁੱਦਿਆਂ ’ਤੇ ਚਰਚਾ ਦੀ ਮੰਗ ਕਰਦੇ ਹੋਏ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਹੰਗਾਮਾ ਕੀਤਾ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਕਰੀਬ 20 ਮਿੰਟਾਂ ਬਾਅਦ ਹੀ ਸਦਨ ਨੂੰ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਉਧਰ ਰਾਜ ਸਭਾ ਦੀ ਕਾਰਵਾਈ ਜਾਰੀ ਹੈ। ਵਿਰੋਧੀ ਧਿਰਾਂ ਵੱਲੋਂ ਇਹੀ ਮੁੱਦੇ ਉਪਰਲੇ ਸਦਨ ਵਿਚ ਚੁੱਕੇ ਜਾਣ ਦੀ ਉਮੀਦ ਹੈ।
ਇਸ ਤੋਂ ਪਹਿਲਾਂ ਕਾਂਗਰਸ ਦੇ ਕਈ ਸੰਸਦ ਮੈਂਬਰਾਂ ਨੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਪਹਿਲਗਾਮ ਦਹਿਸ਼ਤੀ ਹਮਲੇ ਤੇ ਆਪਰੇਸ਼ਨ ਸਿੰਧੂਰ ਨਾਲ ਜੁੜੇ ਫਿਕਰਾਂ ’ਤੇ ਚਰਚਾ ਦੀ ਮੰਗ ਕਰਦੇ ਹੋਏ ਸੋਮਵਾਰ ਨੂੰ ਦੋਵਾਂ ਸਦਨਾਂ ਦੀ ਕਾਰਵਾਈ ਮੁਲਤਵੀ ਕਰਨ ਦੇ ਨੋਟਿਸ ਦਿੱਤੇ। ਸੰਸਦ ਦਾ ਮੌਨਸੂਨ ਸੈਸ਼ਨ ਸੋਮਵਾਰ (21 ਜੁਲਾਈ) ਤੋਂ ਸ਼ੁਰੂ ਹੋ ਰਿਹਾ ਹੈ ਅਤੇ 21 ਅਗਸਤ ਤੱਕ ਕੁੱਲ 21 ਮੀਟਿੰਗਾਂ ਦਾ ਪ੍ਰਸਤਾਵ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਲੋਕ ਸਭਾ ਵਿੱਚ ਮੁਲਤਵੀ ਨੋਟਿਸ ਦਿੱਤਾ ਜਿਸ ਵਿੱਚ ਪਹਿਲਗਾਮ ਹਮਲੇ ਵਿੱਚ ‘ਸੁਰੱਖਿਆ ਖਾਮੀਆਂ’ ਅਤੇ ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਵਿਦੇਸ਼ ਨੀਤੀ ਦੇ ਮੁੱਦੇ ’ਤੇ ਚਰਚਾ ਦੀ ਮੰਗ ਕੀਤੀ ਗਈ। ਕਾਂਗਰਸ ਦੇ ਲੋਕ ਸਭਾ ਮੈਂਬਰ ਅਮਰ ਸਿੰਘ ਨੇ ਇੱਕ ਨੋਟਿਸ ਦਿੱਤਾ ਹੈ ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਸਦਨ ਵਿੱਚ ਨਿਰਧਾਰਿਤ ਸਾਰੇ ਕੰਮ ਮੁਲਤਵੀ ਕੀਤੇ ਜਾਣ ਅਤੇ ਪਹਿਲਗਾਮ ਦਹਿਸ਼ਤੀ ਹਮਲੇ, ਇਸ ਤੋਂ ਬਾਅਦ ਕੀਤੇ ਗਏ ਆਪ੍ਰੇਸ਼ਨ ਸਿੰਧੂਰ ਅਤੇ ਵਿਦੇਸ਼ ਨੀਤੀ ਦੇ ਮੁੱਦੇ ਨਾਲ ਸਬੰਧਤ ‘ਸੁਰੱਖਿਆ ਖਾਮੀਆਂ’ ’ਤੇ ਚਰਚਾ ਕੀਤੀ ਜਾਵੇ। ਰਾਜ ਸਭਾ ਵਿੱਚ, ਕਾਂਗਰਸ ਮੈਂਬਰ ਰਣਦੀਪ ਸੁਰਜੇਵਾਲਾ ਨੇ ਨਿਯਮ 267 ਤਹਿਤ ਇੱਕ ਨੋਟਿਸ ਦਿੱਤਾ ਅਤੇ ਕਿਹਾ ਕਿ ਸਦਨ ਵਿੱਚ ਸਾਰਾ ਕੰਮਕਾਜ ਬੰਦ ਕਰ ਦਿੱਤਾ ਜਾਣਾ ਚਾਹੀਦਾ ਹੈ ਅਤੇ ਪਹਿਲਗਾਮ ਅਤਿਵਾਦੀ ਹਮਲੇ ਅਤੇ ਆਪ੍ਰੇਸ਼ਨ ਸਿੰਧੂਰ ਨਾਲ ਸਬੰਧਤ ਚਿੰਤਾਵਾਂ ’ਤੇ ਚਰਚਾ ਹੋਣੀ ਚਾਹੀਦੀ ਹੈ।

