ਸ਼ਹੀਦੀ ਸਮਾਗਮ ’ਚ ਨੱਚਣ ਟੱਪਣ ਦਾ ਮਾਮਲਾ: ਕੈਬਨਿਟ ਮੰਤਰੀ ਹਰਜੋਤ ਬੈਂਸ ਸਪਸ਼ਟੀਕਰਨ ਲਈ ਸਿੰਘ ਸਾਹਿਬਾਨ ਅੱਗੇ ਪੇਸ਼

ਸ਼ਹੀਦੀ ਸਮਾਗਮ ’ਚ ਨੱਚਣ ਟੱਪਣ ਦਾ ਮਾਮਲਾ: ਕੈਬਨਿਟ ਮੰਤਰੀ ਹਰਜੋਤ ਬੈਂਸ ਸਪਸ਼ਟੀਕਰਨ ਲਈ ਸਿੰਘ ਸਾਹਿਬਾਨ ਅੱਗੇ ਪੇਸ਼

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਬੀਤੇ ਦਿਨੀਂ ਸ੍ਰੀਨਗਰ ਵਿਚ ਕਰਵਾਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਨੂੰ ਲੈ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ।

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਆਪਣਾ ਪੱਖ ਸਪਸ਼ਟ ਕਰਨ ਲਈ ਤਲਬ ਕੀਤਾ ਗਿਆ ਸੀ। ਉਨ੍ਹਾਂ ਤੋਂ ਇਲਾਵਾ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਨੂੰ ਵੀ ਤਲਬ ਕੀਤਾ ਗਿਆ ਸੀ। ਅਕਾਲ ਤਖ਼ਤ ਸਕੱਤਰੇਤ ਵਿਚ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੋਲਾ ਤੇ ਹੋਰ ਸ਼ਾਮਲ ਹਨ।

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਪੁੱਜਣ ਤੋਂ ਪਹਿਲਾਂ ਇੱਥੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮੱਥਾ ਟੇਕਿਆ ਅਤੇ ਹੁਣ ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਆਪਣਾ ਪੱਖ ਰੱਖਣ ਲਈ ਪੁੱਜੇ ਹਨ। ਉਨ੍ਹਾਂ ਚਿੱਟੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਤੇ ਦਾਹੜੇ ਦਾ ਪ੍ਰਕਾਸ਼ ਕੀਤਾ ਹੋਇਆ ਹੈ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਪੰਜ ਸਿੰਘ ਸਾਹਿਬਾਨ ਦੀ ਅੱਜ ਦੀ ਇਕੱਤਰਤਾ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਦਾ ਮਾਮਲਾ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ। ਬੀਤੇ ਦਿਨ ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਉਹ ਆਰਐਸਐਸ ਦੇ ਮੁਖੀ ਸਾਹਮਣੇ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰ ਰਹੇ ਸਨ । ਇਸ ਤੋਂ ਇਲਾਵਾ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਕੋਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਦੀ ਕੀਤੀ ਗਈ ਮੰਗ ਦਾ ਮਾਮਲਾ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪੱਤਰ ਅਗਲੇਰੀ ਕਾਰਵਾਈ ਵਾਸਤੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਵੱਲ ਭੇਜ ਦਿੱਤਾ ਗਿਆ ਸੀ।

Share: