ਪੀਯੂ ਵਿਦਿਆਰਥੀ ਕੌਂਸਲ ਚੋਣਾਂ: ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਮੀਤ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ

ਪੀਯੂ ਵਿਦਿਆਰਥੀ ਕੌਂਸਲ ਚੋਣਾਂ: ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਮੀਤ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ 3 ਸਤੰਬਰ ਨੂੰ ਹੋਣ ਜਾ ਰਹੀਆਂ ਵਿਦਿਆਰਥੀ ਕੌਂਸਲ ਚੋਣਾਂ ਦੇ ਮੱਦੇਨਜ਼ਰ ਅੱਜ ਵਿਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਮੀਤ ਪ੍ਰਧਾਨ ਦੇ ਅਹੁਦੇ ਲਈ ਸਰਗਰਮ ਆਗੂ ਅਸ਼ਮੀਤ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ।

ਉਕਤ ਐਲਾਨ ਅੱਜ ਇੱਥੇ ਸਟੂਡੈਂਟਸ ਸੈਂਟਰ ਵਿੱਚ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਅਸ਼ਮੀਤ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਜਿੱਤ ਯਕੀਨੀ ਬਣਾਉਣ ਲਈ ਸਾਰੇ ਆਗੂਆਂ ਨੂੰ ਪੂਰੇ ਉਤਸ਼ਾਹ ਨਾਲ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਜਥੇਬੰਦੀ ਦੇ ਚੋਣ ਇੰਚਾਰਜ ਹਰਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਸੱਥ’ ਦੀ ਸਥਾਪਨਾ 2017 ਵਿੱਚ ਇੱਕ ਡਿਸਕਸ਼ਨ ਗਰੁੱਪ ਵਜੋਂ ਕੀਤੀ ਗਈ ਸੀ। ਇਸ ਜਥੇਬੰਦੀ ਨੇ ਯੂਨੀਵਰਸਿਟੀ ਵਿੱਚ ਖੁੱਲ੍ਹ ਕੇ ਪੰਥ ਅਤੇ ਪੰਜਾਬ ਦੇ ਮਸਲਿਆਂ ਦੀ ਤਰਜ਼ਮਾਨੀ ਕੀਤੀ ਅਤੇ ਇਸ ਨੇ ਲਗਾਤਾਰ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਯੂਨੀਵਰਸਿਟੀ ਵਿੱਚ ਉਭਾਰਿਆ ਹੈ। ਇਸ ਸਾਲ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਸੈਨੇਟ ਨੂੰ ਬਚਾਉਣ ਲਈ ਸਭ ਤੋਂ ਲੰਬਾ ਧਰਨਾ ਵੀ ‘ਸੱਥ’ ਵੱਲੋਂ ਹੀ ਅਗਵਾਈ ਕਰਕੇ ਲਗਾਇਆ ਗਿਆ ਸੀ।

ਇਸ ਮੌਕੇ ਅਸ਼ਮੀਤ ਸਿੰਘ ਨੇ ਮੀਤ-ਪ੍ਰਧਾਨ ਦੇ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਹਿਲਾਂ ਵੀ ਵਿਦਿਆਰਥੀ ਹਿੱਤਾਂ ਦੀ ਖਾਤਿਰ ਲੰਬੇ ਸੰਘਰਸ਼ਾਂ ਵਿੱਚ ਪੂਰੀ ਸਰਗਰਮੀ ਨਾਲ ਹਿੱਸਾ ਲੈਂਦੇ ਆ ਰਹੇ ਹਨ ਅਤੇ ਭਵਿੱਖ ਵਿੱਚ ਵੀ ਪੂਰੀ ਸ਼ਿੱਦਤ ਨਾਲ ਵਿਦਿਆਰਥੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਸਮੁੱਚੇ ਵਿਦਿਆਰਥੀਆਂ ਦਾ ਸਮਰਥਨ ਮੰਗਿਆ ਹੈ ਤਾਂ ਜੋ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਲਈ ਇੱਕ ਵਧੀਆ ਅਕਾਦਮਿਕ ਮਾਹੌਲ ਬਣਾਇਆ ਜਾ ਸਕੇ।

Share: