ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (BJP) ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗੱਠਜੋੜ (NDA) ਦੀ ਉਪ-ਰਾਸ਼ਟਰਪਤੀ ਚੋਣ ਲਈ ਆਪਣੇ ਉਮੀਦਵਾਰ ਨੂੰ ਅੰਤਿਮ ਰੂਪ ਦੇਣ ਲਈ 17 ਅਗਸਤ ਨੂੰ ਮੀਟਿੰਗ ਹੋਣ ਦੀ ਸੰਭਾਵਨਾ ਹੈ।ਕੇਂਦਰ ਵਿੱਚ ਸੱਤਾਧਾਰੀ NDA ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦੀ ਚੋਣ ਕਰਨ ਦਾ ਅਧਿਕਾਰ ਦਿੱਤਾ ਹੈ। ਇਸ ਅਹੁਦੇ ਲਈ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੈ।
ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀਆਂ ਤੋਂ ਇਲਾਵਾ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਦੁਆਰਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਐੱਨਡੀਏ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦਾ ਹਿੱਸਾ ਹੋ ਸਕਦੇ ਹਨ।
ਸੂਤਰਾਂ ਨੇ ਦੱਸਿਆ ਕਿ ਸੰਸਦ ਦਾ ਮੌਨਸੂਨ ਸੈਸ਼ਨ 18 ਅਗਸਤ ਤੋਂ ਮੁੜ ਸ਼ੁਰੂ ਹੋ ਰਿਹਾ ਹੈ ਅਤੇ ਐੱਨਡੀਏ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਭਾਜਪਾ ਅਤੇ ਇਸ ਦੇ ਸਹਿਯੋਗੀ ਦਲਾਂ ਦੇ ਨੇਤਾਵਾਂ ਦੀ ਮੀਟਿੰਗ ਵਿੱਚ ਸ਼ਾਮਲ ਹੋ ਸਕਦਾ ਹੈ।
ਇੱਕ ਨੇਤਾ ਨੇ ਕਿਹਾ ਕਿ ਐੱਨਡੀਏ ਉਮੀਦਵਾਰ ਦੇ ਸਮਰਥਨ ਵਿੱਚ ਸੰਸਦ ਮੈਂਬਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ।
ਜੇਕਰ ਵਿਰੋਧੀ ਧਿਰ ਵੀ ਉਮੀਦਵਾਰ ਦਾ ਐਲਾਨ ਕਰਦੀ ਹੈ ਤਾਂ ਉਪ ਰਾਸ਼ਟਰਪਤੀ ਚੋਣ 9 ਸਤੰਬਰ ਨੂੰ ਹੋਵੇਗੀ।
ਐੱਨਡੀਏ ਕੋਲ ਚੋਣ ਮੰਡਲ ਵਿੱਚ ਪੂਰਨ ਬਹੁਮਤ ਹੈ, ਜਿਸ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਸ਼ਾਮਲ ਹਨ। ਮੁਕਾਬਲਾ ਹੋਣ ਦੀ ਸਥਿਤੀ ਸੱਤਾਧਾਰੀ ਗੱਠਜੋੜ ਦੇ ਉਮੀਦਵਾਰ ਦੀ ਜਿੱਤ ਯਕੀਨੀ ਹੈ।
ਸਿਹਤ ਕਾਰਨਾਂ ਦਾ ਹਵਾਲਾ ਦਿੰਦਿਆਂ ਜਗਦੀਪ ਧਨਖੜ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣ ਕਾਰਨ ਇਹ ਚੋਣ ਕਰਵਾਉਣੀ ਪੈ ਰਹੀ ਹੈ।

