ਪੰਜਾਬ ਦੀ ਹਰ ਸੰਭਵ ਮਦਦ ਕਰੇਗਾ ਕੇਂਦਰ: ਸ਼ਿਵਰਾਜ ਚੌਹਾਨ

ਅੰਮ੍ਰਿਤਸਰ/ਗੁਰਦਾਸਪੁਰ/ਡੇਰਾ ਬਾਬਾ ਨਾਨਕ/ਕਪੂਰਥਲਾ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸੂਬੇ ਨੂੰ ਸੰਕਟ ਤੋਂ ਉਭਰਨ ਵਾਸਤੇ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਅੱਜ ਮਾਝੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਤੇ ਕਪੂਰਥਲਾ ਦਾ ਦੌਰਾ ਕੀਤਾ ਅਤੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦੀ ਸਮੀਖਿਆ ਕਰਨ ਵਾਸਤੇ ਦੋ ਕੇਂਦਰੀ ਟੀਮਾਂ ਵੀ ਪੰਜਾਬ ਵਿੱਚ ਭੇਜੀਆਂ ਹਨ। ਡੇਰਾ ਬਾਬਾ ਨਾਨਕ ਨੇੜੇ ਪਿੰਡ ਧਰਮਕੋਟ ਰੰਧਾਵਾ ’ਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮੁੱਚੀ ਰਿਪੋਰਟ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਣਗੇ। ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਉਚੇਚੇ ਤੌਰ ’ਤੇ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਵਾਸਤੇ ਭੇਜਿਆ ਹੈ। ਚੌਹਾਨ ਵੱਲੋਂ ਟਰੈਕਟਰ ’ਤੇ ਸਵਾਰ ਹੋ ਕੇ ਪਿੰਡ ਧਰਮਕੋਟ ਪੱਤਣ ਦਾ ਦੌਰਾ ਵੀ ਕੀਤਾ ਗਿਆ। ਉਹ ਦੀਨਾਨਗਰ ਨੇੜੇ ਬਹਿਰਾਮਪੁਰ ਵੀ ਗਏ। ਉਨ੍ਹਾਂ ਨਾਲ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਆਗੂ ਤਰੁਣ ਚੁੱਘ, ਸੁਨੀਲ ਜਾਖੜ, ਸ਼ਵੇਤ ਮਲਿਕ, ਹਰਵਿੰਦਰ ਸਿੰਘ ਸੰਧੂ, ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਹੋਰ ਆਗੂ ਸ਼ਾਮਲ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਆਖਿਆ ਕਿ ਪੰਜਾਬ ਹਮੇਸ਼ਾ ਹੀ ਭਾਰਤ ਦਾ ਗੌਰਵ ਰਿਹਾ ਹੈ ਅਤੇ ਜਦੋਂ ਵੀ ਦੇਸ਼ ’ਤੇ ਸੰਕਟ ਆਇਆ ਤਾਂ ਸਭ ਤੋਂ ਪਹਿਲਾਂ ਪੰਜਾਬ ਨੇ ਇਸ ਨੂੰ ਆਪਣੇ ਸੀਨੇ ’ਤੇ ਝੱਲਿਆ ਹੈ। ਸੂਬੇ ਦੇ ਲੋਕ ਪੀੜਤ ਮਨੁੱਖਤਾ ਦੀ ਸੇਵਾ ਵਾਸਤੇ ਸਦਾ ਹੀ ਅੱਗੇ ਰਹੇ ਹਨ ਅਤੇ ਦੇਸ਼ ਵਾਸਤੇ ਵਧ-ਚੜ੍ਹ ਕੇ ਕੰਮ ਕੀਤਾ ਹੈ। ਪੰਜਾਬ ਦੇ ਲੋਕਾਂ ਦੀ ਭਾਵਨਾ ਅੱਗੇ ਹਮੇਸ਼ਾ ਨਤਮਸਤਕ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਜਦੋਂ ਸੂਬਾ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ ਤਾਂ ਉਸ ਦੀ ਬਾਂਹ ਫੜੀ ਜਾਵੇਗੀ। ਉਨ੍ਹਾਂ ਕਿਹਾ ਕਿ 1400 ਪਿੰਡ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ ਅਤੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਸੰਕਟ ਦੇ ਬਾਵਜੂਦ ਲੋਕਾਂ ਦੇ ਹੌਸਲੇ ਬੁਲੰਦ ਹਨ। ਇਸ ਦੌਰਾਨ ਪੰਜਾਬ ਦੇ ਖੇਤੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਤੋਂ ਜਾਣੂ ਕਰਵਾਇਆ। ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਹਾਲਾਤ ਨਾਲ ਨਜਿੱਠਣ ਲਈ 71 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਨੂੰ 35.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਸਭ ਤੋਂ ਵੱਧ ਪ੍ਰਭਾਵਿਤ 12 ਜ਼ਿਲ੍ਹਿਆਂ ਲਈ 35.50 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਖੁੱਡੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਦੀ ਸਾਰ ਲਈ ਅੱਗੇ ਆਵੇ ਅਤੇ ਪੰਜਾਬ ਨੂੰ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ। ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਚੌਹਾਨ ਨੂੰ ਮੰਗ ਪੱਤਰ ਦੇ ਕੇ ਕੇਂਦਰ ਤੋਂ ਹੜ੍ਹ ਪੀੜ੍ਹਤਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕਰਨ ਦੀ ਮੰਗ ਕੀਤੀ। ਉਨ੍ਹਾਂ ਹੜ੍ਹ ਨਾਲ ਨੁਕਸਾਨੇ ਗਏ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਦੀ ਤੁਰੰਤ ਮੁਰੰਮਤ ਕਰਨ ਦੀ ਵੀ ਮੰਗ ਕੀਤੀ।

Share: