ਮੁਹਾਲੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਫੋਰਟਿਸ ਹਸਪਤਾਲ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਖ਼ਬਰਸਾਰ ਲਈ। ਕਟਾਰੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਵਾਈ ਸਰਵੇਖਣ ਮਗਰੋਂ ਰਾਹਤ ਪੈਕੇਜ ਵਜੋਂ ਸੂਬੇ ਲਈ ਐਲਾਨੇ 1600 ਕਰੋੜ ਰੁੁਪਏ ਨੂੰ ‘ਟੋਕਨ ਮਨੀ’ ਦੱਸਿਆ। ਰਾਜਪਾਲ ਨੇ ਦਾਅਵਾ ਕੀਤਾ ਕਿ ਇਹ ਸ਼ੁਰੂਆਤੀ ਪੈਕੇਜ ਹੈ ਤੇ ਲੋੜ ਪੈਣ ’ਤੇ ਹੋਰ ਫੰਡ ਜਾਰੀ ਕੀਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਦੀ ਸਿਹਤ ਬਾਰੇ ਪੁੱਛਿਆ ਸੀ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਹਸਪਤਾਲ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲ ਜਾਣ ਕੇ ਉਨ੍ਹਾਂ (ਪ੍ਰਧਾਨ ਮੰਤਰੀ) ਨੂੰ ਜਾਣੂ ਕਰਾਉਣ ਲਈ ਕਿਹਾ ਗਿਆ ਸੀ। ਇਹੀ ਵਜ੍ਹਾ ਹੈ ਕਿ ਉਹ ਅੱਜ ਇੱਥੇ ਆਏ ਹਨ। ਰਾਜਪਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਸਿਹਤ ਪਹਿਲਾਂ ਨਾਲੋਂ ਕਾਫੀ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਉਨ੍ਹਾਂ ਤੋਂ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਫੇਰੀ ਸਬੰਧੀ ਜਾਣਕਾਰੀ ਲਈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਵੱਲੋਂ ਸ਼ੁਰੂਆਤੀ ਪੈਕਜ ਐਲਾਨ ਦਿੱਤਾ ਗਿਆ ਹੈ ਜਦੋਂ ਵੀ ਹੋਰ ਜ਼ਰੂਰਤ ਹੋਈ ਤਾਂ ਕੇਂਦਰ ਹੋਰ ਵੀ ਫੰਡ ਜਾਰੀ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਟੋਕਨ ਮਨੀ ਹੈ। ਕੇਂਦਰ ਵੱਲੋਂ ਕੇਂਦਰੀ ਟੀਮਾਂ ਦੇ ਸਰਵੇਖਣ ਦੀ ਰਿਪੋਰਟ ਮਗਰੋਂ ਸੌ ਫ਼ੀਸਦੀ ਹੋਰ ਮੁਆਵਜ਼ਾ ਰਾਸ਼ੀ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਪੰਜਾਬ ਦੇ ਕਿਸਾਨਾਂ ਅਤੇ ਹੋਰ ਲੋਕਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕੀਤੀ ਜਾਵੇਗੀ।

