ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਵਿਦਿਆਰਥੀ ਜਥੇਬੰਦੀ ‘ਸੱਥ’ ਦੇ ਯੂਨੀਵਰਸਿਟੀ ਵਿਚ ਕਰਵਾਏ ਜਾ ਰਹੇ ਸੈਮੀਨਾਰ ਨੂੰ ਰੋਕਣ ਦਾ ਨੋਟਿਸ ਲੈਂਦਿਆਂ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਆਪਣੇ ਪੱਧਰ ’ਤੇ ਜਾਂਚ ਕਰਵਾ ਕੇ ਕਾਰਵਾਈ ਕਰੇਗੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ ਨਾ ਕਰਨ ਦੇਣਾ ਸਿੱਖੀ ਵਿਰੋਧੀ ਕਾਰਵਾਈ ਅਤੇ ਵਿਚਾਰਾਂ ਦੀ ਅਜ਼ਾਦੀ ਉੱਤੇ ਸਿੱਧਾ ਹਮਲਾ ਹੈ। ਇਹ ਬਹੁਤ ਹੀ ਦੁਖਦਾਈ ਤੇ ਚਿੰਤਾਜਨਕ ਗੱਲ ਹੈ ਕਿ ਪੰਜਾਬ ਦੀ ਧਰਤੀ ਉੱਤੇ ਬਣੀ ਪੰਜਾਬ ਯੂਨੀਵਰਸਿਟੀ ਵਿੱਚ ਸਿੱਖ ਵਿਦਵਾਨਾਂ ਅਤੇ ਵਿਚਾਰਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਜਦੋਂ ਸਿੱਖ ਕੌਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਸ਼ਤਾਬਦੀ ਮਨਾ ਰਹੀ ਹੈ ਤਾਂ ਹਰ ਜਥੇਬੰਦੀ ਗੁਰੂ ਸਾਹਿਬ ਪ੍ਰਤੀ ਸ਼ਰਧਾ ਵਿਅਕਤ ਕਰਦਿਆਂ ਸਮਾਗਮ ਤੇ ਸੈਮੀਨਾਰ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਯੂਨੀਵਰਸਿਟੀ ਪ੍ਰਬੰਧਕ ਆਪ ਇਸ ਸੈਮੀਨਾਰ ਲਈ ਲੋੜੀਂਦੇ ਪ੍ਰਬੰਧ ਕਰਦੇ ਪਰ ਇਸ ਦੇ ਉਲਟ ਸਿੱਖ ਜਥੇਬੰਦੀਆਂ ਨੂੰ ਵੀ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕਰਨ ਤੋਂ ਰੋਕਿਆ ਜਾ ਰਿਹਾ ਹੈ।

