ਨਵੀਂ ਦਿੱਲੀ: ਭਾਰਤ ਨੇ ਅੱਜ ਬੰਗਲਾਦੇਸ਼ ਨੂੰ ਅਪੀਲ ਕੀਤੀ ਕਿ ਹਿੰਦੂ ਨਾਗਰਿਕ ਦੀਪੂ ਚੰਦਰ ਦਾਸ ਦੀ ਵਹਿਸ਼ੀਆਨਾ ਹੱਤਿਆ ਦੇ ਦੋਸ਼ੀਆਂ ਨੂੰ ਨਿਆਂ ਦੇ ਘੇਰੇ ’ਚ ਲਿਆਉਣ ਦੀ ਅਪੀਲ ਕੀਤੀ ਅਤੇ ਨਾਲ ਹੀ ਦੁਹਰਾਇਆ ਕਿ ਭਾਰਤ ਗੁਆਂਢੀ ਮੁਲਕ ’ਚ ਬਣੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ।
ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਨਵੀਂ ਦਿੱਲੀ ਨੇ ਢਾਕਾ ਕੋਲ ਇਸ ਘਟਨਾ ਅਤੇ ਘੱਟ ਗਿਣਤੀ ਭਾਈਚਾਰਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ ਹਿੰਸਾ ’ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ, ‘‘ਭਾਰਤ, ਬੰਗਲਾਦੇਸ਼ ’ਚ ਬਦਲਦੇ ਹਾਲਾਤ ’ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ। ਸਾਡੇ ਅਧਿਕਾਰੀ ਬੰਗਲਾਦੇਸ਼ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹਨ ਅਤੇ ਅਸੀਂ ਉਨ੍ਹਾਂ ਨੂੰ ਘੱਟ ਗਿਣਤੀਆਂ ’ਤੇ ਹੋ ਰਹੇ ਹਮਲਿਆਂ ਬਾਰੇ ਆਪਣੀ ਚਿੰਤਾ ਤੋਂ ਜਾਣੂ ਕਰਵਾ ਦਿੱਤਾ ਹੈ। ਅਸੀਂ ਦਾਸ ਦੀ ਹੱਤਿਆ ਦੇ ਦੋਸ਼ੀਆਂ ਨੂੰ ਨਿਆਂ ਦੇ ਘੇਰੇ ’ਚ ਲਿਆਉਣ ਦੀ ਵੀ ਅਪੀਲ ਕੀਤੀ ਹੈ।’’ ਜ਼ਿਕਰਯੋਗ ਹੈ ਕਿ ਮੈਮਨਸਿੰਘ ਜ਼ਿਲ੍ਹੇ ’ਚ ਵੀਰਵਾਰ ਰਾਤ ਕਥਿਤ ਕੁਫਰ ਤੋਲਣ ਦੇ ਦੋਸ਼ ਹੇਠ 25 ਸਾਲਾ ਫੈਕਟਰੀ ਮਜ਼ਦੂਰ ਦਾਸ ਦੀ ਭੀੜ ਨੇ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਸੀ। ਪੁਲੀਸ ਤੇ ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਭੀੜ ਨੇ ਉਸ ’ਤੇ ਹਮਲਾ ਕੀਤਾ, ਬੇਰਹਿਮੀ ਨਾਲ ਕੁੱਟਮਾਰ ਕੀਤੀ, ਦਰੱਖਤ ਨਾਲ ਲਟਕਾ ਦਿੱਤਾ ਅਤੇ ਬਾਅਦ ਵਿੱਚ ਉਸ ਦੀ ਲਾਸ਼ ਸਾੜ ਦਿੱਤੀ।
ਇਸੇ ਦੌਰਾਨ ਭਾਰਤ ਨੇ ਬੰਗਲਾਦੇਸ਼ ’ਚ ਮੀਡੀਆ ਦੀਆਂ ਉਨ੍ਹਾਂ ਖ਼ਬਰਾਂ ਨੂੰ ‘ਗੁਮਰਾਹਕੁਨ’ ਦਸਦਿਆਂ ਖਾਰਜ ਕਰ ਦਿੱਤਾ ਜਿਨ੍ਹਾਂ ’ਚ ਕਿਹਾ ਗਿਆ ਸੀ ਕਿ ਬੰਗਲਾਦੇਸ਼ ’ਚ ਹਿੰਦੂ ਸ਼ਖ਼ਸ ਦੀ ਹੱਤਿਆ ਵਿਰੁੱਧ ਨਵੀਂ ਦਿੱਲੀ ਵਿਚਲੇ ਬੰਗਲਾਦੇਸ਼ੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਦੌਰਾਨ ਸੁਰੱਖਿਆ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਗਈ ਸੀ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਬੀਤੇ ਦਿਨ ਬੰਗਲਾਦੇਸ਼ ਦੇ ਮੈਮਨਸਿੰਘ ’ਚ ਦੀਪੂ ਚੰਦਰ ਦਾਸ ਦੀ ਹੱਤਿਆ ਖ਼ਿਲਾਫ਼, ਬੰਗਲਾਦੇਸ਼ ਹਾਈ ਕਮਿਸ਼ਨ ਦੇ ਸਾਹਮਣੇ ਤਕਰੀਬਨ 20-25 ਨੌਜਵਾਨ ਇਕੱਠੇ ਹੋਏ ਤੇ ਨਾਅਰੇ ਮਾਰੇ। ਕਿਸੇ ਨੇ ਵੀ ਸੁਰੱਖਿਆ ਮਾਹੌਲ ਵਿਗਾੜਨ ਦੀ ਕੋਸ਼ਿਸ਼ ਨਹੀਂ ਕੀਤੀ। ਪ੍ਰਦਰਸ਼ਨਕਾਰੀਆਂ ਨੇ ਬੰਗਲਾਦੇਸ਼ ’ਚ ਸਾਰੇ ਘੱਟ ਗਿਣਤੀਆਂ ਦੀ ਸੁਰੱਖਿਆ ਦੀ ਵੀ ਮੰਗ ਕੀਤੀ।
ਦੂਜੇ ਪਾਸੇ ਇਸ ਘਟਨਾ ਦੇ ਸਬੰਧ ਵਿੱਚ ਬੰਗਲਾਦੇਸ਼ ਪੁਲੀਸ ਨੇ ਦੋ ਹੋਰ ਵਿਅਕਤੀ ਗ੍ਰਿਫ਼ਤਾਰ ਕੀਤੇ ਹਨ ਜਿਸ ਨਾਲ ਇਸ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਗਿਣਤੀ 12 ਹੋ ਗਈ ਹੈ।
