ਵੋਟਾਂ ਦੀ ਗਿਣਤੀ ਦੀ ਵੀਡੀਓਗਰਾਫ਼ੀ ਲਈ ਹਾਈ ਕੋਰਟ ਪੁੱਜੀ ਕਾਂਗਰਸ

ਚੰਡੀਗਡ਼੍ਹ: ਪੰਜਾਬ ਕਾਂਗਰਸ ਨੇ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਦੀ ਵੀਡੀਓਗਰਾਫ਼ੀ ਕਰਾਏ ਜਾਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਸੂਬਾਈ ਕਾਂਗਰਸ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਵੋਟਾਂ ਦੀ ਗਿਣਤੀ ’ਚ ਗੜਬੜ ਹੋ ਸਕਦੀ ਹੈ ਅਤੇ ਹਰ ਵੋਟਰ ਨੂੰ ਆਪਣੀ ਵੋਟ ਦੀ ਨਿਰਪੱਖ ਗਿਣਤੀ ਦੇਖਣ ਦਾ ਅਧਿਕਾਰ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਦਾਲਤ ਤੋਂ ਮੰਗ ਕੀਤੀ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੱਤੇ ਜਾਣ ਕਿ ਵੋਟਾਂ ਦੀ 17 ਦਸੰਬਰ ਨੂੰ ਹੋਣ ਵਾਲੀ ਗਿਣਤੀ ਦੀ ਵੀਡੀਓਗਰਾਫੀ ਕਰਾਈ ਜਾਵੇ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ’ਚ ਪਾਰਦਰਸ਼ਤਾ ਹੋਣੀ ਚਾਹੀਦੀ ਹੈ ਅਤੇ ਕਿਸੇ ਕਿਸਮ ਦਾ ਸ਼ੱਕ ਨਹੀਂ ਰਹਿਣਾ ਚਾਹੀਦਾ ਹੈ। ਸ੍ਰੀ ਵੜਿੰਗ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਚੋਣ ਪ੍ਰਕਿਰਿਆ ਦਾ ਅਹਿਮ ਹਿੱਸਾ ਹੁੰਦੀ ਹੈ। ਵੋਟਾਂ ਦੀ ਗਿਣਤੀ ਲਾਜ਼ਮੀ ਵੀਡੀਓਗਰਾਫੀ ਤੋਂ ਬਿਨਾਂ ਕੀਤੀ ਜਾਂਦੀ ਹੈ ਤਾਂ ਚੋਣਾਂ ਦੇ ਸਭ ਤੋਂ ਸੰਵੇਦਨਸ਼ੀਲ ਪੜਾਅ ਦਾ ਕੋਈ ਪ੍ਰਮਾਣਿਤ ਰਿਕਾਰਡ ਨਹੀਂ ਰਹਿ ਜਾਂਦਾ ਹੈ। ਚੋਣ ਕਮਿਸ਼ਨ ਜੇ ਵੀਡੀਓਗਰਾਫੀ ਨਹੀਂ ਕਰਾਉਂਦਾ ਹੈ ਤਾਂ ਇਸ ਨਾਲ ਲੋਕਤੰਤਰੀ ਸੰਸਥਾਵਾਂ ’ਚ ਲੋਕਾਂ ਦਾ ਭਰੋਸਾ ਘਟੇਗਾ। ਉਨ੍ਹਾਂ ਕਿਹਾ ਕਿ ਵੀਡੀਓਗਰਾਫੀ ਜਵਾਬਦੇਹੀ ਨੂੰ ਮਜ਼ਬੂਤ ਕਰਦੀ ਹੈ ਅਤੇ ਚੋਣਾਂ ਤੋਂ ਬਾਅਦ ਦੇ ਵਿਵਾਦਾਂ ਨੂੰ ਘਟਾਉਂਦੀ ਹੈ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਪਹਿਲਾਂ ਹਾਈ ਕੋਰਟ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਵਧਾਏ ਜਾਣ ਦੀ ਮੰਗ ਕੀਤੀ ਸੀ ਪਰ ਇਸ ਨੂੰ ਪ੍ਰਵਾਨਗੀ ਨਹੀਂ ਮਿਲੀ ਸੀ।

Share: