ਵੈਨਕੂਵਰ/ਮਾਨਸਾ: ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿੱਚ ਹਮਲਾਵਰਾਂ ਨੇ ਬੀਤੇ ਦਿਨ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (27) ਵਾਸੀ ਪਿੰਡ ਬਰ੍ਹੇ ਅਤੇ ਰਣਵੀਰ ਸਿੰਘ (18) ਵਾਸੀ ਸੈਦੇਵਾਲਾ (ਬੋਹਾ) ਵਜੋਂ ਹੋਈ ਹੈ। ਦੋਵੇਂ ਕਰੀਬ ਢਾਈ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਆਏ ਸਨ।
ਘਟਨਾ ਐਡਮਿੰਟਨ ਦੇ 32 ਐਵੇਨਿਊ ਅਤੇ 26 ਸਟਰੀਟ ਦੇ ਚੌਰਾਹੇ ਨੇੜੇ ਤੜਕੇ 1:30 ਵਜੇ ਵਾਪਰੀ। ਦੋਵੇਂ ਨੌਜਵਾਨ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਲਈ ਜਾ ਰਹੇ ਸਨ। ਇਸ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਰੋਕ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਨੇੜੇ ਰਹਿੰਦੇ ਲੋਕਾਂ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਗੁਰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ, ਜਦਕਿ ਰਣਵੀਰ ਸਿੰਘ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਿਆ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਵੀ ਦਮ ਤੋੜ ਦਿੱਤਾ। ਪੁਲੀਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਹਮਲਾਵਰਾਂ ਦੀ ਪਛਾਣ ਲਈ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਫਰੋਲੀ ਜਾ ਰਹੀ ਹੈ। ਪੁਲੀਸ ਗੁਰਦੀਪ ਤੇ ਰਣਵੀਰ ਦੀਆਂ ਗਤੀਵਿਧੀਆਂ ਦੀ ਵੀ ਜਾਂਚ ਕਰ ਰਹੀ ਹੈ ਕਿ ਮਨਫ਼ੀ 16 ਡਿਗਰੀ ਤਾਪਮਾਨ ਵਿੱਚ ਉਹ ਅੱਧੀ ਰਾਤ ਨੂੰ ਘਰੋਂ ਬਾਹਰ ਕਿਸ ਕਾਰਨ ਗਏ ਸਨ। ਗੁਰਦੀਪ ਦੇ ਚਾਚੇ ਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦੇ ਪਰਿਵਾਰ ਵਿੱਚ ਪਿੱਛੇ ਪਤਨੀ ਤੇ ਮਾਪੇ ਹਨ। ਪੀੜਤ ਪਰਿਵਾਰਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਕੈਨੇਡਾ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਪੰਜਾਬ ਲਿਆਉਣ ਵਿੱਚ ਮਦਦ ਕਰਨ ਦੀ ਮੰਗ ਕੀਤੀ ਹੈ।

