ਸ੍ਰੀਨਗਰ: ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਮੰਗਲਵਾਰ ਨੂੰ ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ 50 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਭਾਰਤੀ ਹਵਾਈ ਅੱਡਾ ਅਥਾਰਟੀ ਦੇ ਇੱਕ ਅਧਿਕਾਰੀ ਨੇ ਦੱਸਿਆ, ‘ ਖਰਾਬ ਮੌਸਮ ਅਤੇ ਸ੍ਰੀਨਗਰ ਹਵਾਈ ਅੱਡੇ ’ਤੇ ਲਗਾਤਾਰ ਹੋ ਰਹੀ ਬਰਫ਼ਬਾਰੀ ਦੇ ਮੱਦੇਨਜ਼ਰ ਏਅਰਲਾਈਨਾਂ ਨੇ ਅੱਜ ਲਈ ਜ਼ਿਆਦਾਤਰ ਉਡਾਣਾਂ ਰੱਦ ਕਰ ਦਿੱਤੀਆਂ ਹਨ।’
ਬਰਫ਼ਬਾਰੀ ਕਾਰਨ ਹੁਣ ਤੱਕ ਲਗਪਗ 50 ਉਡਾਣਾਂ- 25 ਆਉਣ ਵਾਲੀਆਂ ਅਤੇ 25 ਜਾਣ ਵਾਲੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਸ੍ਰੀਨਗਰ ਹਵਾਈ ਅੱਡੇ ’ਤੇ ਚਾਰ ਹੋਰ ਉਡਾਣਾਂ ਆਉਣੀਆਂ ਸਨ ਪਰ ਅਧਿਕਾਰੀਆਂ ਨੇ ਕਿਹਾ ਕਿ ਖਰਾਬ ਮੌਸਮ ਦੇ ਮੱਦੇਨਜ਼ਰ ਉਨ੍ਹਾਂ ਦੇ ਚੱਲਣ ਦੀ ਸੰਭਾਵਨਾ ਨਹੀਂ ਹੈ।
ਇਕ ਅਧਿਕਾਰੀ ਨੇ ਕਿਹਾ ਕਿ ਯਾਤਰੀਆਂ ਨੂੰ ਅਪਡੇਟਸ ਅਤੇ ਵਿਕਲਪਿਕ ਪ੍ਰਬੰਧਾਂ ਲਈ ਆਪਣੀਆਂ ਸਬੰਧਤ ਏਅਰਲਾਈਨਾਂ ਦੇ ਸੰਪਰਕ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਉਡਾਣਾਂ ਰੱਦ ਹੋਣ ਨਾਲ ਸੈਂਕੜੇ ਸੈਲਾਨੀ ਫਸ ਗਏ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਅਜਿਹੇ ਵੀ ਹਨ ਜਿਨ੍ਹਾਂ ਨੇ ਵਾਦੀ ਵਿੱਚ ਵੀਕਐਂਡ ਅਤੇ ਗਣਤੰਤਰ ਦਿਵਸ ਦੀ ਛੁੱਟੀ ਬਿਤਾਉਣ ਤੋਂ ਬਾਅਦ ਵਾਪਸ ਜਾਣਾ ਸੀ।

