Iran Crisis: ਇਰਾਨ ਨੇ ਆਪਣਾ ਹਵਾਈ ਖੇਤਰ ਮੁੜ ਖੋਲ੍ਹਿਆ

Iran Crisis: ਇਰਾਨ ਨੇ ਆਪਣਾ ਹਵਾਈ ਖੇਤਰ ਮੁੜ ਖੋਲ੍ਹਿਆ

ਦੁਬਈ: ਅਮਰੀਕਾ ਦੀ ਇਰਾਨ ਖ਼ਿਲਾਫ਼ ਸੰਭਾਵੀ ਫੌਜੀ ਕਾਰਵਾਈ ਕਾਰਨ ਇਰਾਨ ਨੇ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਸੀ ਤੇ ਪੰਜ ਘੰਟੇ ਦੇ ਬੰਦ ਹੋਣ ਤੋਂ ਬਾਅਦ ਇਰਾਨ ਨੇ ਆਪਣਾ ਹਵਾਈ ਖੇਤਰ ਮੁੜ ਖੋਲ੍ਹ ਦਿੱਤਾ ਹੈ। ਇਸ ਤੋਂ ਪਹਿਲਾਂ ਇਰਾਨ ਨੇ ਆਪਣਾ ਹਵਾਈ ਖੇਤਰ ਵਪਾਰਕ ਉਡਾਣਾਂ ਲਈ ਬੰਦ ਕਰ ਦਿੱਤਾ ਸੀ ਤੇ ਇਸ ਸਬੰਧੀ ਹੁਕਮਾਂ ਨੂੰ ਅੱਜ ਸਵੇਰੇ ਬਿਨਾਂ ਕਿਸੇ ਸਪੱਸ਼ਟੀਕਰਨ ਦੇ ਹੋਰ ਵਧਾ ਦਿੱਤਾ। ਇਹ ਫੈਸਲਾ ਅਮਰੀਕਾ ਦੇ ਸੰਭਾਵੀ ਹਮਲੇ ਦੇ ਮੱਦੇਨਜ਼ਰ ਕੀਤਾ ਗਿਆ। ਇਸ ਤੋਂ ਪਹਿਲਾਂ ਇਰਾਨ ਨੇ ਦੇਰ ਰਾਤ ਇਨ੍ਹਾਂ ਉਡਾਣਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਸੀ। ਦੂਜੇ ਪਾਸੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਦੀ ਚਿਤਾਵਨੀ ਤੋਂ ਬਾਅਦ ਉਥੇ ਫਾਂਸੀ ਦੇਣ ਦੇ ਮਾਮਲੇ ਰੁਕ ਗਏ ਹਨ ਤੇ ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਕਚੀ ਨੇ ਕਿਹਾ ਕਿ ਇਰਾਨ ਵਲੋਂ ਲੋਕਾਂ ਨੂੰ ਫਾਂਸੀ ਦੇਣ ਦੀ ਕੋਈ ਯੋਜਨਾ ਨਹੀਂ ਹੈ। ਦੂਜੇ ਪਾਸੇ ਇਰਾਨੀ ਸਰਕਾਰ ਨੇ ਆਪਣੇ ਹਵਾਈ ਖੇਤਰ ਨੂੰ ਬੰਦ ਕਰਨ ਦੇ ਫੈਸਲੇ ਦਾ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਸੀ।

ਇਰਾਨ ਨੇ ਬੁੱਧਵਾਰ ਦੇਰ ਰਾਤ ਜ਼ਿਆਦਾਤਰ ਉਡਾਣਾਂ ਲਈ ਆਪਣਾ ਹਵਾਈ ਖੇਤਰ ਅਸਥਾਈ ਤੌਰ ’ਤੇ ਬੰਦ ਕਰ ਦਿੱਤਾ ਜਿਸ ਕਾਰਨ ਏਅਰਲਾਈਨਾਂ ਨੇ ਕਈ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ ਤੇ ਕਈ ਏਅਰਲਾਈਨ ਨੇ ਆਪਣੇ ਰੂਟ ਬਦਲ ਲਏ ਹਨ ਜਿਸ ਕਾਰਨ ਯਾਤਰੀਆਂ ਨੂੰ ਦੇਰੀ ਦਾ ਸਾਹਮਣਾ ਕਰਨਾ ਪਿਆ। ਇਹ ਖੇਤਰ ਸੰਯੁਕਤ ਰਾਜ ਅਮਰੀਕਾ ਦੀ ਸੰਭਾਵੀ ਫੌਜੀ ਕਾਰਵਾਈ ਦੇ ਮੱਦੇਨਜ਼ਰ ਬੰਦ ਕੀਤਾ ਗਿਆ ਹੈ।

ਇਰਾਨ ਨੇ ਨੋਟਿਸ ਵਿੱਚ ਕਿਹਾ ਕਿ ਉਸ ਨੇ 5:15 ਵਜੇ ET (2215 GMT) ’ਤੇ ਇਰਾਨ ਵਿਚ ਆਉਣ ਤੇ ਜਾਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ ਨੂੰ ਛੱਡ ਕੇ ਸਾਰੀਆਂ ਉਡਾਣਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਇਹ ਪਾਬੰਦੀ ਅੰਦਾਜ਼ਨ 7:30 pm ET, ਜਾਂ 0030 GMT ਤੱਕ ਦੋ ਘੰਟਿਆਂ ਤੋਂ ਵੱਧ ਸਮੇਂ ਲਈ ਰਹਿਣ ਲਈ ਨਿਰਧਾਰਤ ਕੀਤੀ ਗਈ ਸੀ ਪਰ ਬਾਅਦ ਵਿੱਚ ਇਸ ਨੂੰ ਵਧਾ ਦਿੱਤਾ ਗਿਆ।

ਇਸ ਤੋਂ ਪਹਿਲਾਂ ਇਰਾਨੀ ਅਧਿਕਾਰੀਆਂ ਨੇ ਬੁੱਧਵਾਰ ਸਵੇਰ ਵੇਲੇ ਕਿਹਾ ਸੀ ਕਿ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਵਿੱਚ ਹਿਰਾਸਤ ਵਿੱਚ ਲਏ ਗਏ ਸ਼ੱਕੀਆਂ ਲਈ ਅਦਾਲਤੀ ਕਾਰਵਾਈ ਤੇਜ਼ ਕੀਤੀ ਜਾਵੇਗੀ ਅਤੇ ਫਾਂਸੀ ਦੀ ਸਜ਼ਾ ਦਿੱਤੀ ਜਾਵੇਗੀ। ਇਸ ਤੋਂ ਬਾਅਦ ਅਮਰੀਕਾ ਨੇ ਕਤਰ ਵਿੱਚ ਇੱਕ ਪ੍ਰਮੁੱਖ ਅਮਰੀਕੀ ਫੌਜੀ ਅੱਡੇ ਨੂੰ ਖਾਲੀ ਕਰਨ ਦੀ ਸਲਾਹ ਦਿੱਤੀ ਸੀ।

ਇਰਾਨ ਵਿੱਚ ਚੱਲ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੇ ਬੇਹੱਦ ਹਿੰਸਕ ਰੂਪ ਧਾਰ ਲਿਆ ਸੀ। ਅਮਰੀਕਾ ਸਥਿਤ ਮਨੁੱਖੀ ਅਧਿਕਾਰ ਸੰਸਥਾ ‘ਹਿਊਮਨ ਰਾਈਟਸ ਐਕਟੀਵਿਸਟ ਨਿਊਜ਼ ਏਜੰਸੀ’ ਦੀ ਰਿਪੋਰਟ ਅਨੁਸਾਰ, ਪ੍ਰਦਰਸ਼ਨਕਾਰੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2,571 ਤੱਕ ਪਹੁੰਚ ਗਈ ਹੈ। ਇਹ ਅੰਕੜਾ ਇਰਾਨ ਵਿੱਚ ਹੁਣ ਤੱਕ ਹੋਏ ਕਿਸੇ ਵੀ ਅੰਦੋਲਨ ਦੇ ਮੁਕਾਬਲੇ ਕਿਤੇ ਜ਼ਿਆਦਾ ਹੈ, ਜੋ ਸਥਿਤੀ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ।

ਸੰਸਥਾ ਵੱਲੋਂ ਜਾਰੀ ਵੇਰਵਿਆਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ 2,403 ਪ੍ਰਦਰਸ਼ਨਕਾਰੀ ਅਤੇ 147 ਸਰਕਾਰੀ ਸੁਰੱਖਿਆ ਕਰਮੀ ਸ਼ਾਮਲ ਹਨ। ਇਸ ਹਿੰਸਾ ਦੀ ਲਪੇਟ ਵਿੱਚ ਆ ਕੇ 12 ਬੱਚਿਆਂ ਅਤੇ 9 ਅਜਿਹੇ ਆਮ ਨਾਗਰਿਕਾਂ ਦੀ ਵੀ ਜਾਨ ਗਈ ਹੈ, ਜੋ ਇਨ੍ਹਾਂ ਪ੍ਰਦਰਸ਼ਨਾਂ ਦਾ ਹਿੱਸਾ ਵੀ ਨਹੀਂ ਸਨ।

Share: