ਬੰਗਲਾਦੇਸ਼ੀ ਹੋਣ ਦੇ ਸ਼ੱਕ ‘ਚ ਵਿਅਕਤੀ ਦੀ ਕੁੱਟਮਾਰ, ਕੇਸ ਦਰਜ

ਮਧੂਬਨੀ: ਬਿਹਾਰ ਦੇ ਮਧੂਬਨੀ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਦੀ ਬੰਗਲਾਦੇਸ਼ੀ ਹੋਣ ਦੇ ਗਲਤ ਸ਼ੱਕ ਵਿੱਚ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਸੋਸ਼ਲ ਮੀਡੀਆ ‘ਤੇ ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਤੁਰੰਤ ਕਾਰਵਾਈ ਕੀਤੀ,ਜਿਸ ਵਿੱਚ ਦੋ ਨੌਜਵਾਨ ਇੱਕ ਵਿਅਕਤੀ ਨੂੰ ਗੈਰ-ਕਾਨੂੰਨੀ ਬੰਗਲਾਦੇਸ਼ੀ ਪਰਵਾਸੀ ਸਮਝ ਕੇ ਕੁੱਟਦੇ ਹੋਏ ਦਿਖਾਈ ਦੇ ਰਹੇ ਹਨ। ਮਧੂਬਨੀ ਦੇ ਐਸਪੀ ਯੋਗਿੰਦਰ ਕੁਮਾਰ ਨੇ ਦੱਸਿਆ ਕਿ ਪੁਲੀਸ ਦੇ ਸੋਸ਼ਲ ਮੀਡੀਆ ਸੈੱਲ ਨੇ ਜਾਂਚ ਦੌਰਾਨ ਪਾਇਆ ਕਿ ਇਹ ਘਟਨਾ ਰਾਜਨਗਰ ਥਾਣਾ ਖੇਤਰ ਦੇ ਚੱਕਦਾ ਵਿੱਚ ਵਾਪਰੀ ਸੀ। 

ਪੁਲੀਸ ਅਨੁਸਾਰ ਪੀੜਤ ਵਿਅਕਤੀ ਸੂਪੋਲ ਜ਼ਿਲ੍ਹੇ ਦੇ ਬੀਰਪੁਰ ਦਾ ਰਹਿਣ ਵਾਲਾ ਹੈ ਅਤੇ ਪੇਸ਼ੇ ਤੋਂ ਰਾਜ ਮਿਸਤਰੀ ਹੈ,ਜਿਸ ਦੀ ਪਛਾਣ ਕਰ ਲਈ ਗਈ ਹੈ। ਹਮਲਾ ਕਰਨ ਵਾਲੇ ਦੋਵੇਂ ਨੌਜਵਾਨ ਰਾਜਨਗਰ ਦੇ ਹੀ ਰਹਿਣ ਵਾਲੇ ਹਨ ਅਤੇ ਉਹਨਾਂ ਖ਼ਿਲਾਫ਼ ਇਰਾਦਾ-ਏ-ਕਤਲ (Attempt to Murder) ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਐੱਸ ਪੀ ਨੇ ਕਿਹਾ ਕਿ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ ਅਤੇ ਅਜਿਹੀਆਂ ਅਫਵਾਹਾਂ ਫੈਲਾਉਣ ਜਾਂ ਵੀਡੀਓ ਵਾਇਰਲ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share: