ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਸਿਟ) ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਪਹੁੰਚ ਗਈ ਅਤੇ ਲੋੜੀਂਦੇ ਰਿਕਾਰਡ ਦੀ ਮੰਗ ਕੀਤੀ। ਏ ਆਈ ਜੀ ਜਗਤਪ੍ਰੀਤ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਇੱਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪੁੱਜੀ। ਮੀਡੀਆ ਨਾਲ ਗੱਲਬਾਤ ਕਰਦਿਆਂ ਜਾਂਚ ਅਧਿਕਾਰੀਆਂ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਕਮੇਟੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਸਬੰਧੀ ਲੋੜੀਂਦੇ ਰਿਕਾਰਡ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋੜ ਮੁਤਾਬਕ ਗ੍ਰਿਫ਼ਤਾਰ ਕੀਤੇ ਚਾਰਟਡ ਅਕਾਊਂਟੈਂਟ ਐੱਸ ਐੱਸ ਕੋਹਲੀ ਦਾ ਰਿਕਾਰਡ ਵੀ ਘੋਖਿਆ ਜਾਵੇਗਾ। ਅਧਿਕਾਰੀ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਚਾਹੁੰਦੀ ਹੈ ਕਿ ਇਸ ਸਬੰਧੀ ਰਿਕਾਰਡ ਇੱਥੇ ਹੀ ਉਪਲੱਬਧ ਕਰਵਾਇਆ ਜਾਵੇ ਕਿਉਂਕਿ ਇਹ ਮਾਮਲਾ ਅੰਮ੍ਰਿਤਸਰ ਵਿੱਚ ਹੀ ਦਰਜ ਹੈ।
ਵਿਸ਼ੇਸ਼ ਜਾਂਚ ਟੀਮ ਨੂੰ ਲੋੜੀਂਦਾ ਰਿਕਾਰਡ ਦੇਵਾਂਗੇ: ਸ਼੍ਰੋਮਣੀ ਕਮੇਟੀ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਮੀਡੀਆ ਨੂੰ ਦੱਸਿਆ ਕਿ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਮੁਤਾਬਕ ਲਾਪਤਾ ਪਾਵਨ ਸਰੂਪ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਨੂੰ ਲੋੜੀਂਦਾ ਰਿਕਾਰਡ ਮੁਹੱਈਆ ਕਰਵਾਇਆ ਜਾਵੇਗਾ ਅਤੇ ਜਾਂਚ ਵਿੱਚ ਸਹਿਯੋਗ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਸਮੁੱਚਾ ਰਿਕਾਰਡ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਹੇਠ ਮੁਹੱਈਆ ਕਰਵਾਇਆ ਜਾਵੇਗਾ। ਸੰਸਥਾ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖਤ ਵੱਲੋਂ ਕਰਵਾਈ ਗਈ ਜਾਂਚ ਦੀ ਸਮੁੱਚੀ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਉਪਲੱਬਧ ਹੈ।
ਜਥੇਦਾਰ ਨੇ ਮੁੱਖ ਮੰਤਰੀ ਦੀ ਪੇਸ਼ੀ ਦਾ ਸਮਾਂ ਬਦਲਿਆ
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਰੁਝੇਵੇਂ ਦਾ ਹਵਾਲਾ ਦੇ ਕੇ 15 ਜਨਵਰੀ ਨੂੰ ਉਨ੍ਹਾਂ ਨੂੰ ਬੁਲਾਉਣ ਦਾ ਸਮਾਂ ਬਦਲ ਦਿੱਤਾ ਹੈ ਪਰ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ 15 ਜਨਵਰੀ ਦਾ ਦਿਨ ਸਿਰਫ ਅਕਾਲ ਤਖ਼ਤ ਨੂੰ ਹੀ ਸਮਰਪਿਤ ਕੀਤਾ ਹੋਇਆ ਹੈ ਅਤੇ ਉਹ ਸਵੇਰੇ 10 ਵਜੇ ਪੇਸ਼ ਹੋਣ ਲਈ ਵੀ ਤਿਆਰ ਹਨ। ਜ਼ਿਕਰਯੋਗ ਹੈ ਕਿ ਅਕਾਲ ਤਖਤ ਸਕੱਤਰੇਤ ਨੇ ਹੁਣ ਮੁੱਖ ਮੰਤਰੀ ਦੇ ਪੇਸ਼ ਹੋਣ ਦਾ ਸਮਾਂ ਸਵੇਰੇ 10 ਵਜੇ ਤੋਂ ਬਦਲ ਕੇ ਸ਼ਾਮ 4:30 ਵਜੇ ਕਰ ਦਿੱਤਾ ਹੈ। ਇਸ ’ਤੇ ਮੁੱਖ ਮੰਤਰੀ ਨੇ ‘ਐਕਸ’ ’ਤੇ ਜਥੇਦਾਰ ਨੂੰ ਸੰਬੋਧਨ ਕਰਦਿਆਂ ਲਿਖਿਆ, ‘ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ ਹੈ। ਮੈਂ ਰਾਸ਼ਟਰਪਤੀ ਦੇ ਦਫ਼ਤਰ ਨੂੰ ਵੀ ਸੂਚਨਾ ਦੇ ਦਿੱਤੀ ਹੈ। 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਸਮਾਂ ਬਦਲਣ ਸਬੰਧੀ ਮੇਰੇ ਜਾਂ ਦਫ਼ਤਰ ਵੱਲੋਂ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਜਾਰੀ ਨਹੀਂ ਕੀਤਾ ਗਿਆ। ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ।’ ਦੱਸਣਯੋਗ ਹੈ ਕਿ ਇਸੇ ਦਿਨ ਰਾਸ਼ਟਰਪਤੀ ਦਰੋਪਦੀ ਮੁਰਮੂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ ਜਿੱਥੇ ਮੁੱਖ ਮੰਤਰੀ ਵੀ ਸ਼ਮੂਲੀਅਤ ਕਰ ਸਕਦੇ ਹਨ।

