ਮੂਰਥਲ ਕਾਂਡ: ਜਾਂਚ ਰਿਪੋਰਟਾਂ ’ਤੇ ਗੰਭੀਰ ਸਵਾਲ ਉੱਠੇ

ਮੂਰਥਲ ਕਾਂਡ: ਜਾਂਚ ਰਿਪੋਰਟਾਂ ’ਤੇ ਗੰਭੀਰ ਸਵਾਲ ਉੱਠੇ

ਚੰਡੀਗੜ੍ਹ: ਹਰਿਆਣਾ ਵਿੱਚ ਜਾਟ ਰਾਖਵਾਂਕਰਨ ਅੰਦੋਲਨ ਦੌਰਾਨ ਮੂਰਥਲ ਵਿੱਚ ਹੋਏ ਕਥਿਤ ਸਮੂਹਿਕ ਜਬਰ-ਜਨਾਹ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਨਵਾਂ ਮੋੜ ਆਇਆ ਹੈ। ਕਰੀਬ ਦਹਾਕੇ ਬਾਅਦ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਸਬੂਤਾਂ ਨੂੰ ਅਜਿਹੇ ਢੰਗ ਨਾਲ ਪੇਸ਼ ਕੀਤਾ ਗਿਆ ਜਿਵੇਂ ਕੁਝ ਹੋਇਆ ਹੀ ਨਾ ਹੋਵੇ। ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਅਖ਼ਬਾਰੀ ਖਬਰਾਂ ਦੇ ਆਧਾਰ ’ਤੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਸੀ।

ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਸਾਹਮਣੇ ਅਦਾਲਤੀ ਮਿੱਤਰ ਸੀਨੀਅਰ ਐਡਵੋਕੇਟ ਅਨੁਪਮ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਹੀ ਪਹਿਲਾਂ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਸੀ, ਪਰ ਹੁਣ 10 ਸਾਲਾਂ ਬਾਅਦ ਤਾਂ ਸੀ ਬੀ ਆਈ ਨੂੰ ਵੀ ਕੁਝ ਨਹੀਂ ਮਿਲੇਗਾ। ਗੁਪਤਾ ਨੇ ਆਈ ਪੀ ਐੱਸ ਅਧਿਕਾਰੀ ਮਮਤਾ ਸਿੰਘ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਾਂਚ ਰਿਪੋਰਟ ਇਕਪਾਸੜ ਹੈ ਅਤੇ ਨੈਤਿਕ ਦੋਸ਼ਾਂ ਤੋਂ ਬਚਣ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਲਾਂਕਿ, ਉਨ੍ਹਾਂ ਮੰਨਿਆ ਕਿ ਅੰਤ ਵਿੱਚ ਕੋਈ ਪੀੜਤ ਜਾਂ ਗਵਾਹ ਸਾਹਮਣੇ ਨਹੀਂ ਆਇਆ। ਉਨ੍ਹਾਂ ਉੱਤਰ ਪ੍ਰਦੇਸ਼ ਦੇ ਸਾਬਕਾ ਡੀ ਜੀ ਪੀ ਪ੍ਰਕਾਸ਼ ਸਿੰਘ ਕਮੇਟੀ ਦੀ ਰਿਪੋਰਟ ਦਾ ਵੀ ਹਵਾਲਾ ਦਿੱਤਾ ਅਤੇ ਕਿਹਾ ਕਿ ਉਸ ਰਿਪੋਰਟ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ।

ਦੂਜੇ ਅਹਿਮ ਮੁੱਦੇ ’ਤੇ ਗੱਲ ਕਰਦਿਆਂ ਗੁਪਤਾ ਨੇ ਆਈ ਪੀ ਐੱਸ ਅਧਿਕਾਰੀ ਅਮਿਤਾਭ ਸਿੰਘ ਢਿੱਲੋਂ ਦੀ ਅਗਵਾਈ ਹੇਠਲੀ ਸਿਟ ਵੱਲੋਂ ਕੀਤੀ ਗਈ ਜਾਂਚ ’ਤੇ ਵੀ ਸਵਾਲ ਉਠਾਏ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਨੇ ਅੰਦੋਲਨ ਦੌਰਾਨ ਦਰਜ ਹੋਏ ਕੇਸਾਂ ਦੀ ਪੜਤਾਲ ਕੀਤੀ ਸੀ ਅਤੇ ਸਿਫਾਰਸ਼ ਕੀਤੀ ਸੀ ਕਿ ਬਹੁਤੇ ਕੇਸ ਰੱਦ ਕਰ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਸਿਫਾਰਸ਼ਾਂ ਪ੍ਰਕਾਸ਼ ਸਿੰਘ ਕਮੇਟੀ ਦੀ ਰਿਪੋਰਟ ਦੇ ਬਿਲਕੁਲ ਉਲਟ ਹਨ ਜੋ ਸਰਕਾਰ ਵੱਲੋਂ ਹੀ ਬਣਾਈ ਗਈ ਸੀ। ਬੈਂਚ ਨੇ ਕੇਸ ਦੀ ਅਗਲੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਤੈਅ ਕੀਤੀ ਹੈ।

Share: