ਅੰਦਰੂਨੀ ਕਲੇਸ਼ ’ਚ ਉਲਝੇ ਵਿਰੋਧੀਆਂ ਕੋਲ ਕੋਈ ਏਜੰਡਾ ਨਹੀਂ: ਭਗਵੰਤ ਮਾਨ

ਅੰਦਰੂਨੀ ਕਲੇਸ਼ ’ਚ ਉਲਝੇ ਵਿਰੋਧੀਆਂ ਕੋਲ ਕੋਈ ਏਜੰਡਾ ਨਹੀਂ: ਭਗਵੰਤ ਮਾਨ

ਅਜਨਾਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲਗਦੇ ਪਿੰਡ ਬਿਕਰਾਊਰ ਵਿੱਚ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਿਆ। ਇਸ ਸਬੰਧੀ ਦਾਣਾ ਮੰਡੀ ਅਜਨਾਲਾ ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦਾ ਨਾਮ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵਿੱਚ ਅੰਦਰੂਨੀ ਖਹਿਬਾਜ਼ੀ ਸਿਖਰ ’ਤੇ ਹੈ ਕਿਉਂਕਿ ਇਨ੍ਹਾਂ ਕੋਲ ਲੋਕਾਂ ਦੀ ਭਲਾਈ ਲਈ ਕੋਈ ਠੋਸ ਏਜੰਡਾ ਨਹੀਂ ਹੈ, ਪਰ ਉਹ ਸਿਰਫ਼ ਲੋਕਾਂ ਅਤੇ ਸੂਬੇ ਦੇ ਸਰੋਤਾਂ ਨੂੰ ਲੁੱਟਣ ਦੀ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ। ਸ੍ਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਵੇਂ ਆਮ ਆਦਮੀ ਕਲੀਨਿਕ, ਸਕੂਲ ਅਤੇ ਕਾਲਜ ਖੋਲ੍ਹਣ ਦੇ ਨਾਲ-ਨਾਲ ਹੋਰ ਲੋਕ ਭਲਾਈ ਪਹਿਲਕਦਮੀਆਂ ਨੂੰ ਲਾਗੂ ਕਰਕੇ ਵਿਕਾਸ ਨੂੰ ਤੇਜ਼ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਮੁੱਖ ਮੰਤਰੀ ਨੇ ਇਸ ਪ੍ਰਾਜੈਕਟ ਲਈ ਜ਼ਮੀਨ ਦਾਨ ਕਰਨ ’ਤੇ ਬਿਕਰਾਊਰ ਦੀ ਗ੍ਰਾਮ ਪੰਚਾਇਤ ਅਤੇ ਨਿਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਲਜ ਦੇ ਨੇੜਲੇ 50 ਪਿੰਡਾਂ ਦੇ ਨੌਜਵਾਨਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਆਉਣ ਵਾਲੇ ਸਾਲਾਂ ਵਿੱਚ ਦੋ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੀ ਸਮਰੱਥਾ ਵਾਲੀ ਇਸ ਸੰਸਥਾ ਵਿੱਚ ਆਰਟਸ, ਸਾਇੰਸ, ਕਾਮਰਸ, ਕੰਪਿਊਟਰ ਵਿਗਿਆਨ, ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਅਤੇ ਡਿਜੀਟਲ ਸਿੱਖਿਆ ਦੇ ਕੋਰਸ ਕਰਵਾਏ ਜਾਣਗੇ, ਜਿਸ ਨਾਲ ਸਰਹੱਦੀ ਪੱਟੀ ਦੇ ਵਿਦਿਆਰਥੀਆਂ ਲਈ ਆਧੁਨਿਕ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਈ ਜਾਵੇਗੀ ਅਤੇ ਕਾਲਜ ਲਈ ਜ਼ਮੀਨ ਦਾਨ ਕਰਨ ਵਾਲੇ ਪਿੰਡ ਦੇ ਬੱਚਿਆਂ ਨੂੰ ਇਸ ਸੰਸਥਾ ਵਿੱਚ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸਿਰਫ਼ ਯੋਗਤਾ ਦੇ ਆਧਾਰ ’ਤੇ 63,000 ਤੋਂ ਵੱਧ ਨੌਜਵਾਨਾਂ ਨੂੰ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਵੱਲ ਤਬਦੀਲ ਕਰਨ ਲਈ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਹਜ਼ਾਰਾਂ ਏਕੜ ਖੇਤੀ ਵਾਲੀ ਜ਼ਮੀਨ ਉੱਤੇ ਬਿਨਾਂ ਕਿਸੇ ਰੁਕਾਵਟ ਦੇ ਖੇਤੀ ਕੀਤੀ ਜਾ ਸਕੇਗੀ। ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਹਾਸਲ ਉਪਲੱਬਧੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ, “ਇਹ ਆਉਣ ਵਾਲਾ ਪ੍ਰਾਜੈਕਟ ਇਸ ਸਰਹੱਦੀ ਜ਼ਿਲ੍ਹੇ ਦੇ ਨੌਜਵਾਨਾਂ ਦੀ ਕਿਸਮਤ ਬਦਲ ਦੇਵੇਗਾ।

ਇਸ ਦੌਰਾਨ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਇਸ ਪਹਿਲਕਦਮੀ ਨੂੰ ਸਰਹੱਦੀ ਖੇਤਰਾਂ ਵਿੱਚ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਮਾਰਗ-ਦਰਸ਼ਕ ਕਦਮ ਦੱਸਿਆ। ਇਸ ਮੌਕੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਹਲਕਾ ਅਜਨਾਲਾ ਦੇ ਵਿਕਾਸ ਅਤੇ ਲੋੜੀਂਦੇ ਕੰਮ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੇ, ਜਿਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਵਿਧਾਇਕ ਸ੍ਰੀ ਧਾਲੀਵਾਲ ਅਤੇ ਸਰਹੱਦ ਦੇ ਸਰਪੰਚਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਵੀ ਕੀਤਾ।

Share: