ਨਵੀਂ ਦਿੱਲੀ: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਸ਼ਨਿਚਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਸਥਿਤ ਸਰਕਾਰੀ ਡਿਗਰੀ ਕਾਲਜ ਵਿੱਚ ਇੱਕ ਵਿਦਿਆਰਥਣ ਦੀ ਮੌਤ ਦੀ ਜਾਂਚ ਦੇ ਹੁਕਮ ਦਿੱਤੇ ਹਨ,ਜਿਸ ਵਿੱਚ ਰੈਗਿੰਗ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਯੂ ਜੀ ਸੀ ਨੇ ਇਸ ਘਟਨਾ ਦੀ ਪੜਤਾਲ ਲਈ ਇੱਕ ਤੱਥ-ਖੋਜ ਕਮੇਟੀ (Fact-Finding Committee) ਦਾ ਗਠਨ ਕੀਤਾ ਹੈ। ਯੂ ਜੀ ਸੀ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਐਂਟੀ-ਰੈਗਿੰਗ ਹੈਲਪਲਾਈਨ ਨੇ ਮੀਡੀਆ ਰਿਪੋਰਟਾਂ ਦੇ ਆਧਾਰ ‘ਤੇ ਖ਼ੁਦ ਨੋਟਿਸ ਲੈਂਦਿਆਂ ਸ਼ਿਕਾਇਤ ਦਰਜ ਕੀਤੀ ਹੈ,ਹਾਲਾਂਕਿ ਕਾਲਜ ਪ੍ਰਸ਼ਾਸਨ ਇਸ ਨੂੰ ਖ਼ੁਦਕੁਸ਼ੀ ਨਹੀਂ ਬਲਕਿ ਸਿਰਫ਼ ਮੌਤ ਦੱਸ ਰਿਹਾ ਹੈ।
ਪੁਲੀਸ ਅਨੁਸਾਰ 19 ਸਾਲਾ ਵਿਦਿਆਰਥਣ ਦੀ 26 ਦਸੰਬਰ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਵਿਦਿਆਰਥਣ ਦੇ ਪਿਤਾ ਦੀ ਸ਼ਿਕਾਇਤ ‘ਤੇ 1 ਜਨਵਰੀ ਨੂੰ ਕੇਸ ਦਰਜ ਕੀਤਾ ਗਿਆ,ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ 18 ਸਤੰਬਰ 2025 ਨੂੰ ਤਿੰਨ ਸੀਨੀਅਰ ਵਿਦਿਆਰਥਣਾਂ—ਹਰਸ਼ਿਤਾ,ਆਕ੍ਰਿਤੀ ਅਤੇ ਕੋਮੋਲਿਕਾ—ਨੇ ਉਸ ਦੀ ਬੇਟੀ ਦੀ ਕੁੱਟਮਾਰ ਕੀਤੀ ਸੀ ਅਤੇ ਇੱਕ ਪ੍ਰੋਫੈਸਰ ਅਸ਼ੋਕ ਕੁਮਾਰ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਸਨ। ਪਿਤਾ ਦਾ ਕਹਿਣਾ ਹੈ ਕਿ ਇਸ ਸਰੀਰਕ ਅਤੇ ਮਾਨਸਿਕ ਤਸ਼ੱਦਦ ਕਾਰਨ ਉਸ ਦੀ ਬੇਟੀ ਦੀ ਸਿਹਤ ਵਿਗੜ ਗਈ ਅਤੇ ਉਸ ਦੀ ਮੌਤ ਹੋ ਗਈ। ਯੂ ਜੀ ਸੀ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।

