ਦਿੱਲੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਜਾਂਚ ਜਾਰੀ

ਦਿੱਲੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਜਾਂਚ ਜਾਰੀ

ਨਵੀਂ ਦਿੱਲੀ: ਸੋਮਵਾਰ ਸਵੇਰੇ ਦਿੱਲੀ ਦੇ ਦੋ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਧੌਲਾ ਕੂਆਂ ਸਥਿਤ ਆਰਮੀ ਪਬਲਿਕ ਸਕੂਲ ਅਤੇ ਲੋਧੀ ਰੋਡ ਸਥਿਤ ਏਅਰ ਫੋਰਸ ਬਾਲ ਭਾਰਤੀ ਸਕੂਲ ਨੂੰ ਈਮੇਲ ਰਾਹੀਂ ਇਹ ਧਮਕੀਆਂ ਭੇਜੀਆਂ ਗਈਆਂ ਸਨ। ਸਕੂਲ ਪ੍ਰਸ਼ਾਸਨ ਵੱਲੋਂ ਤੁਰੰਤ ਸੂਚਨਾ ਮਿਲਣ ’ਤੇ ਪੁਲੀਸ ਹਰਕਤ ਵਿੱਚ ਆ ਗਈ ਅਤੇ ਸਾਵਧਾਨੀ ਵਜੋਂ ਦੋਵਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਸੁਰੱਖਿਆ ਦੇ ਮੱਦੇਨਜ਼ਰ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਘਟਨਾ ਦੀ ਜਾਣਕਾਰੀ ਮਿਲਦੇ ਹੀ ਦਿੱਲੀ ਪੁਲੀਸ, ਬੰਬ ਨਿਰੋਧਕ ਦਸਤਾ, ਡੌਗ ਸਕੁਐਡ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤਾ ਗਈ। ਪੁਲੀਸ ਅਧਿਕਾਰੀਆਂ ਅਨੁਸਾਰ ਹਾਲੇ ਤੱਕ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਸਾਈਬਰ ਸੈੱਲ ਦੀ ਮਦਦ ਨਾਲ ਇਨ੍ਹਾਂ ਈਮੇਲਾਂ ਦੇ ਸਰੋਤ ਅਤੇ ਭੇਜਣ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ। ਫਿਲਹਾਲ ਸਕੂਲਾਂ ਵਿੱਚ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਪੁਲੀਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Share: