ਬਠਿੰਡਾ: ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਪੁਲੀਸ ਅਤੇ ਪ੍ਰਸ਼ਾਸਨ ’ਤੇ ਨਸ਼ਿਆਂ ਨੂੰ ਰੋਕਣ ਵਿੱਚ ਨਾਕਾਮ ਰਹਿਣ ਦੇ ਦੋਸ਼ ਲਾਏ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ’ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਕੁਝ ਲੋਕ ਸ਼ਰੇਆਮ ਨਸ਼ੀਲੇ ਪਦਾਰਥਾਂ ਦਾ ਲੈਣ-ਦੇਣ ਕਰਦੇ ਦਿਖਾਈ ਦੇ ਰਹੇ ਹਨ। ਇਸ ਵੀਡੀਓ ਰਾਹੀਂ ਉਨ੍ਹਾਂ ਦਾਅਵਾ ਕੀਤਾ ਕਿ ਬਠਿੰਡਾ ਸ਼ਹਿਰ ਵਿੱਚ ਸਵੇਰ ਤੋਂ ਸ਼ਾਮ ਤੱਕ ਨਸ਼ਿਆਂ ਦੀ ਸਪਲਾਈ ਜਾਰੀ ਹੈ ਅਤੇ ਪੁਲੀਸ ਇਸ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਨੂੰ ‘ਨਸ਼ਿਆਂ ਵਿਰੁੱਧ ਯੁੱਧ’ ਦੇ ਬੈਨਰ ਹੇਠ ਰੈਲੀਆਂ ਅਤੇ ਪ੍ਰਚਾਰ ’ਤੇ ਜਨਤਾ ਦਾ ਪੈਸਾ ਬਰਬਾਦ ਕਰਨ ਦੀ ਬਜਾਏ ਜ਼ਮੀਨੀ ਹਕੀਕਤ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਨਹੀਂ ਨਿਭਾ ਸਕਦੇ ਤਾਂ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਦੂਜੇ ਪਾਸੇ, ਵੀਡੀਓ ਸਾਹਮਣੇ ਆਉਣ ਦੇ ਕਰੀਬ 12 ਘੰਟਿਆਂ ਬਾਅਦ ਬਠਿੰਡਾ ਪੁਲੀਸ ਨੇ ਕਾਰਵਾਈ ਕਰਨ ਦਾ ਦਾਅਵਾ ਕੀਤਾ ਹੈ। ਕੋਤਵਾਲੀ ਥਾਣੇ ਦੇ ਐੱਸ.ਐੱਚ.ਓ. ਇੰਸਪੈਕਟਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਵਾਇਰਲ ਵੀਡੀਓ ਵਿੱਚ ਥਾਂ ਦੀ ਪਛਾਣ ਮੱਛੀ ਮਾਰਕੀਟ ਚੌਕ ਵਜੋਂ ਹੋਈ ਹੈ। ਪੁਲੀਸ ਅਨੁਸਾਰ ਵੀਡੀਓ ਵਿੱਚ ਨਜ਼ਰ ਆਉਣ ਵਾਲੇ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਕੁਝ ਨੂੰ ਹਿਰਾਸਤ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੇ ਇਸ ਸਬੰਧੀ ਆਪਣਾ ਇੱਕ ਵੀਡੀਓ ਬਿਆਨ ਵੀ ਜਾਰੀ ਕੀਤਾ ਹੈ।
Posted inBathinda
ਬਠਿੰਡਾ ਵਿੱਚ ਸ਼ਰੇਆਮ ਵਿਕ ਰਹੇ ਨਸ਼ੀਲੇ ਪਦਾਰਥ; ਹਰਸਿਮਰਤ ਬਾਦਲ ਨੇ ਵੀਡੀਓ ਸਾਂਝੀ ਕਰਕੇ ਸਰਕਾਰ ਨੂੰ ਘੇਰਿਆ

