ਮੇਰਠ: ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਲਿਸਾੜੀ ਗੇਟ ਇਲਾਕੇ ਵਿੱਚ ਇੱਕ ਘਰ ਨੂੰ ਲੱਗੀ ਭਿਆਨਕ ਅੱਗ ਕਾਰਨ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਇਹ ਹਾਦਸਾ ਸੋਮਵਾਰ ਰਾਤ ਇਕਬਾਲ ਅਹਿਮਦ ਨਾਮਕ ਵਿਅਕਤੀ ਦੇ ਨਿਵਾਸ ਸਥਾਨ ’ਤੇ ਵਾਪਰਿਆ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਬਚਾਅ ਕਾਰਜ ਸ਼ੁਰੂ ਕੀਤੇ ਗਏ ਅਤੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ ਪਰ ਅਫ਼ਸੋਸ ਕਿ ਡਾਕਟਰਾਂ ਨੇ ਉਨ੍ਹਾਂ ਵਿੱਚੋਂ 6 ਨੂੰ ਮ੍ਰਿਤਕ ਐਲਾਨ ਦਿੱਤਾ। ਮਰਨ ਵਾਲਿਆਂ ਵਿੱਚ ਮਾਸੂਮ ਬੱਚੇ ਅਤੇ ਔਰਤਾਂ ਵੀ ਸ਼ਾਮਲ ਹਨ, ਜਿਸ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਐਸਪੀ ਅਵਿਨਾਸ਼ ਪਾਂਡੇ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਦੀ ਜਾਣਕਾਰੀ ਸੋਮਵਾਰ ਰਾਤ ਕਰੀਬ 8:49 ਵਜੇ ਮਿਲੀ ਸੀ। ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਤੁਰੰਤ ਰਾਹਤ ਕਾਰਜ ਚਲਾਏ ਗਏ ਸਨ, ਪਰ ਅੱਗ ਇੰਨੀ ਤੇਜ਼ ਸੀ ਕਿ ਜਾਨੀ ਨੁਕਸਾਨ ਨੂੰ ਰੋਕਿਆ ਨਹੀਂ ਜਾ ਸਕਿਆ।ਉਨ੍ਹਾਂ ਕਿਹਾ ਕਿ ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

