ਚੰਡੀਗੜ੍ਹ: ਭਾਰਤ-ਪਾਕਿਸਤਾਨ ਸਰਹੱਦ ਨੇੜੇ ਤਾਇਨਾਤ ਦੋ ਪੁਲੀਸ ਮੁਲਾਜ਼ਮਾਂ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਦੂਜਾ ਮੁਲਜ਼ਮ ਪੁਰਾਣਾ ਸ਼ਾਲਾ ਇਲਾਕੇ ਨੇੜੇ ਹੋਏ ਪੁਲੀਸ ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।
ਗੁਰਦਾਸਪੁਰ ਦੇ ਐੱਸ.ਐੱਸ.ਪੀ. ਆਦਿਤਿਆ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਦਿਲਾਵਰ ਸਿੰਘ ਵਜੋਂ ਹੋਈ ਹੈ, ਜੋ ਅਲੀਨੰਗਲ ਪਿੰਡ ਦਾ ਰਹਿਣ ਵਾਲਾ ਹੈ। ਮੁਕਾਬਲੇ ਵਿੱਚ ਜ਼ਖ਼ਮੀ ਹੋਏ ਦੂਜੇ ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਬੀਤੇ ਐਤਵਾਰ ਅਧਿਆਨ ਪਿੰਡ ਨੇੜਲੀ ਸਰਹੱਦੀ ਚੌਕੀ ਵਿੱਚ ਤਾਇਨਾਤ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਹੋਮ ਗਾਰਡ ਅਸ਼ੋਕ ਕੁਮਾਰ ਦੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ ਮਿਲੀਆਂ ਸਨ। ਇਹ ਇਲਾਕਾ ਸਰਹੱਦ ਤੋਂ ਮਹਿਜ਼ 2 ਕਿਲੋਮੀਟਰ ਦੂਰ ਹੈ ਅਤੇ ਡਰੋਨ ਰਾਹੀਂ ਹੈਰੋਇਨ ਤੇ ਹਥਿਆਰਾਂ ਦੀ ਤਸਕਰੀ ਲਈ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਪੁਲੀਸ ਜਾਂਚ ਵਿੱਚ ਹੁਣ ਤੱਕ ਤਿੰਨ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਦੌਰਾਨ ਸੋਸ਼ਲ ਮੀਡੀਆ ’ਤੇ ‘ਤਹਿਰੀਕ-ਏ-ਤਾਈਬਾਨ ਹਿੰਦੁਸਤਾਨ’ (TTH) ਨਾਂ ਦੀ ਜਥੇਬੰਦੀ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਪੋਸਟਰ ਵੀ ਵਾਇਰਲ ਹੋ ਰਹੇ ਹਨ, ਜਿਸ ਦੀ ਪੁਲੀਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

