ਜਲੰਧਰ ਦੇ ਸੰਤੋਖਪੁਰਾ ਵਿਚ ਦੋ ਜਣਿਆਂ ਨੇ ਇਕ ਡਾਕਟਰ ਦੀ ਕਾਰ ਅਤੇ ਘਰ ’ਤੇ ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਏ। ਇਹ ਨੌਜਵਾਨ ਮੋਟਰਸਾਈਕਲ ’ਤੇ ਆਏ ਸਨ ਤੇ ਪਹਿਲਾਂ ਉਨ੍ਹਾਂ ਘਰ ਦੇ ਬਾਹਰ ਖੜੀ ਕਾਰ ’ਤੇ ਅਤੇ ਮੁੜ ਘਰ ਵੱਲ ਗੋਲੀਆਂ ਚਲਾਈਆਂ। ਇਨ੍ਹਾਂ ਵਲੋਂ ਦਰਜਨ ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਅਤੇ ਉਸ ਤੋਂ ਬਾਅਦ ਉਹ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ। ਘਟਨਾ ਦੌਰਾਨ ਡਾ. ਯਸ਼ਪਾਲ ਆਪਣੇ ਪਰਿਵਾਰ ਨਾਲ ਘਰ ਵਿਚ ਮੌਜੂਦ ਸਨ। ਇਸ ਸਬੰਧੀ ਪੁਲੀਸ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ ਤੇ ਪੁਲੀਸ ਟੀਮ ਨੂੰ ਹਦਾਇਤਾਂ ਦਿੱਤੀਆਂ।
ਮੋਗਾ ਵਿੱਚ ਤਾਇਨਾਤ ਪਸ਼ੂਆਂ ਦੇ ਮਾਹਿਰ ਡਾਕਟਰ ਯਸ਼ਪਾਲ ਦੇ ਘਰ ਦੇ ਬਾਹਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਹ ਘਟਨਾ ਰਾਤ ਦੇ ਕਰੀਬ 1:40 ਵਜੇ ਵਾਪਰੀ, ਜਦੋਂ ਡਾਕਟਰ ਅਤੇ ਉਨ੍ਹਾਂ ਦਾ ਪਰਿਵਾਰ ਘਰ ਦੇ ਅੰਦਰ ਸੌ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਡਾਕਟਰ ਦੇ ਘਰ, ਮੇਨ ਗੇਟ ਅਤੇ ਬਾਹਰ ਖੜ੍ਹੀ ਕਾਰ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਘਰ ਦੀਆਂ ਕੰਧਾਂ ਅਤੇ ਗੱਡੀ ’ਤੇ ਗੋਲੀਆਂ ਦੇ ਨਿਸ਼ਾਨ ਸਾਫ਼ ਦੇਖੇ ਜਾ ਸਕਦੇ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਡਾਕਟਰ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਹੈ, ਜਿਸ ਕਾਰਨ ਹਮਲੇ ਦੇ ਕਾਰਨਾਂ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਹੋ ਸਕਿਆ। ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜਯੰਤ ਪੁਰੀ ਨੇ ਦੱਸਿਆ ਕਿ ਪੁਲੀਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲੀਸ ਦੀਆਂ ਵੱਖ-ਵੱਖ ਟੀਮਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।

