ਪੰਜਾਬ ਦੇ ਮੁੱਖ ਮੰਤਰੀ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਪੰਜਾਬ ਦੇ ਮੁੱਖ ਮੰਤਰੀ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ,ਨੂੰ ਵੀਰਵਾਰ ਸਵੇਰੇ ਛੁੱਟੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮਾਨ (52) ਨੂੰ 15 ਫਰਵਰੀ ਨੂੰ ਥਕਾਵਟ ਮਹਿਸੂਸ ਹੋਣ ਤੋਂ ਬਾਅਦ ਚੈੱਕਅਪ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। 16 ਫਰਵਰੀ ਨੂੰ,ਉਨ੍ਹਾਂ ਨੇ ਹਸਪਤਾਲ ਤੋਂ ਛੁੱਟੀ ਲਈ ਅਤੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਸਮਾਗਮ ਵਿੱਚ ਹਿੱਸਾ ਲੈਣ ਲਈ ਮੋਗਾ ਚਲੇ ਗਏ ਸਨ। 

ਪਰ ਉੱਥੇ ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ,ਉਹ ਦੁਬਾਰਾ ਥਕਾਵਟ ਮਹਿਸੂਸ ਹੋਣ ਕਾਰਨ ਹਸਪਤਾਲ ਪਰਤ ਆਏ ਸਨ। ਮੰਗਲਵਾਰ ਸ਼ਾਮ ਨੂੰ ਫੋਰਟਿਸ ਮੋਹਾਲੀ ਵੱਲੋਂ ਮਾਨ ਦੀ ਸਿਹਤ ਬਾਰੇ ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਾਰੇ ਮਹੱਤਵਪੂਰਨ ਪੈਰਾਮੀਟਰ ਸਥਿਰ ਅਤੇ ਆਮ ਸੀਮਾਵਾਂ ਦੇ ਅੰਦਰ ਸਨ। ਇਸ ਵਿੱਚ ਅੱਗੇ ਕਿਹਾ ਗਿਆ ਸੀ ਕਿ ਮਾਨ ਦੀ ਹਾਲਤ ਸਥਿਰ ਸੀ। ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਹਸਪਤਾਲ ਵਿੱਚ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਪੁੱਛਿਆ ਸੀ। ਹਸਪਤਾਲ ਤੋਂ ਬਾਹਰ ਆਉਣ ਤੋਂ ਬਾਅਦ ਸਿਸੋਦੀਆ ਨੇ ਕਿਹਾ ਸੀ ਕਿ ਮਾਨ ਬਿਹਤਰ ਮਹਿਸੂਸ ਕਰ ਰਹੇ ਹਨ।

Share: