ਫਿਰੋਜ਼ਪੁਰ/ਮੱਖੂ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗਾ।
180 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਨਹਿਰ ਦੀ ਸਮਰੱਥਾ ਵਿੱਚ 2681 ਕਿਊਸਿਕ ਦਾ ਵਾਧਾ ਹੋਇਆ ਹੈ ਜਿਸ ਨਾਲ ਇਸ ਦੀ ਸਮਰੱਥਾ 11,192 ਕਿਊਸਿਕ ਤੋਂ ਵਧ ਕੇ 13,873 ਕਿਊਸਿਕ ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ 74 ਸਾਲਾਂ ਤੱਕ ਨਹਿਰ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਵਿੱਚ ਅਸਫਲ ਰਹੀਆਂ, ਪਰ ਮੌਜੂਦਾ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਪੰਜਾਬ ਦੇ ਖੇਤਾਂ ਤੱਕ ਸਿਰਫ਼ 21 ਨਹਿਰੀ ਪਾਣੀ ਪਹੁੰਚਦਾ ਸੀ, ਜਦੋਂ ਕਿ ਅੱਜ ਇਹ 68 ਫੀਸਦੀ ਤੱਕ ਪਹੁੰਚ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਸਿੰਚਾਈ ਵਿਵਸਥਾ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਇਆ ਹੈ। ਮੁੱਖ ਮੰਤਰੀ ਨੇ ਅੱਜ ਮੁੜ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਸ ਪਾਰਟੀ ਨੂੰ ਕਮੇਟੀ ਬਣਾਉਣ ਲਈ 11 ਮੈਂਬਰ ਨਹੀਂ ਮਿਲ ਰਹੇ, ਉਹ ਪੰਜਾਬ ਵਿੱਚ 117 ਸੀਟਾਂ ਜਿੱਤਣ ਦਾ ਸੁਪਨਾ ਦੇਖ ਰਹੀ ਹੈ।

