ਪੰਜਾਹ ਹਜ਼ਾਰ ਰੁਪਏ ਰਿਸ਼ਵਤ ਮੰਗਣ ’ਤੇ ਸਰਪੰਚ ਗ੍ਰਿਫ਼ਤਾਰ

ਐੱਸ ਏ ਐੱਸ ਨਗਰ (ਮੁਹਾਲੀ): ਵਿਜੀਲੈਂਸ ਬਿਊਰੋ ਵੱਲੋਂ ਪਿੰਡ ਦੇਵੀਨਗਰ (ਅਬਰਾਵਾਂ) ਦੇ ਸਰਪੰਚ ਗੁਰਚਰਨ ਸਿੰਘ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਕੀਤੀ ਗਈ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਇਆ ਕਿ ਜ਼ਿਲ੍ਹਾ ਮੁਹਾਲੀ ਦੇ ਪਿੰਡ ਦੇਵੀਨਗਰ (ਅਬਰਾਵਾਂ) ਦੇ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲੀਸ ਕੋਲ ਜ਼ਬਤ ਸੀ, ਨੂੰ ਥਾਣਾ ਬਨੂੜ ਤੋਂ ਛੁਡਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਦੀ ਵਾਰ-ਵਾਰ ਬੇਨਤੀ ’ਤੇ ਸਰਪੰਚ ਨਾਲ ਸੌਦਾ 50,000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲੀਸ ਸਟੇਸ਼ਨ ਮੁਹਾਲੀ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਪਿੰਡ ਵਾਸੀਆਂ ਨੇ ਮੰਗੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ

ਪਿੰਡ ਅਬਰਾਵਾਂ ਦੇ ਨੰਬਰਦਾਰ ਰਾਜਿੰਦਰ ਸਿੰਘ, ਸਾਬਕਾ ਸਰਪੰਚ ਸਾਧੂ ਸਿੰਘ, ਪੰਚ ਹਰਿੰਦਰ ਸਿੰਘ, ਪੰਚ ਬਿਕਰਮ ਸਿੰਘ ਅਤੇ ਕਈਂ ਹੋਰਨਾਂ ਨੇ ਸਰਪੰਚ ਗੁਰਚਰਨ ਸਿੰਘ ਵਿਰੁੱਧ ਦਰਜ ਕੀਤੇ ਕੇਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਪੰਚ ਨੂੰ ਸਾਜ਼ਿਸ਼ ਅਧੀਨ ਫਸਾਇਆ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਇਨਸਾਫ਼ ਦੇਣ ਦੀ ਮੰਗ ਕੀਤੀ।

Share: