ਟਰੇਡ ਯੂਨੀਅਨਾਂ ਦੇ ਸੱਦੇ ’ਤੇ ਪੰਜਾਬ ’ਚ ਗੂੰਜੇ ਨਾਅਰੇ

ਟਰੇਡ ਯੂਨੀਅਨਾਂ ਦੇ ਸੱਦੇ ’ਤੇ ਪੰਜਾਬ ’ਚ ਗੂੰਜੇ ਨਾਅਰੇ

ਚੰਡੀਗਡ਼੍ਹ: ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਅੱਜ ਕੀਤੀ ਦੇਸ਼ਿਵਆਪੀ ਹੜਤਾਲ ਦੀ ਗੂੰਜ ਪੰਜਾਬ ਵਿੱਚ ਵੀ ਸੁਣਾਈ ਦਿੱਤੀ। ਪੰਜਾਬ ਦੀਆਂ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਜਥੇਬੰਦੀਆਂ ਅਤੇ ਜਮਹੂਰੀਅਤ ਪਸੰਦ ਲੋਕਾਂ ਨਾਲ ਸਬੰਧਤ ਜਥੇਬੰਦੀਆਂ ਕੇਂਦਰੀ ਟਰੇਡ ਯੂਨੀਅਨਾਂ ਦੀ ਹਮਾਇਤ ਵਿੱਚ ਨਿੱਤਰ ਆਈਆਂ। ਉਨ੍ਹਾਂ ਅੱਜ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਰੋਸ ਮੁਜ਼ਾਹਰੇ ਕੀਤੇ। ਪੰਜਾਬ ਵਿੱਚ ਕੱਚੇ ਕਾਮਿਆਂ ਦੇ ਹੜਤਾਲ ’ਤੇ ਜਾਣ ਨਾਲ ਬਿਜਲੀ, ਬੈਂਕਿੰਗ, ਬੀਮਾ, ਟਰਾਂਸਪੋਰਟ, ਸਿਹਤ, ਆਂਗਣਵਾੜੀ, ਮਿੱਡ-ਡੇਅ ਮੀਲ ਨਾਲ ਸਬੰਧਤ ਵੱਖ-ਵੇਖ ਸੇਵਾਵਾਂ ਅਸਰਅੰਦਾਜ਼ ਹੋਈਆਂ। ਜਥੇਬੰਦੀਆਂ ਨੇ ਸਾਂਝੇ ਰੂਪ ਵਿੱਚ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਚਾਰ ਲੇਬਰ ਕੋਡ, ਬਿਜਲੀ ਬਿੱਲ, ਬੀਜ ਬਿੱਲ ਨੂੰ ਰੱਦ ਕਰਨ ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿੱਚੋਂ ਖੇਤੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਕੀਤੀ। ਮਗਨਰੇਗਾ ਨੂੰ ਰੱਦ ਕਰ ਕੇ ਲਿਆਂਦੇ ‘ਵਿਕਸਤ ਭਾਰਤ-ਜੀ ਰਾਮ ਜੀ’ ਕਾਨੂੰਨ ਦਾ ਵਿਰੋਧ ਕੀਤਾ।

ਟਰੇਡ ਯੂਨੀਅਨਾਂ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚਾ, ਇਫਟੂ, ਡੀ ਐੱਮ ਐੱਫ, ਡੀ ਟੀ ਐੱਫ਼ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਵੀ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਰੋਸ ਮੁਜ਼ਾਹਰੇ ਕੀਤੇ ਗਏ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਸੈਂਕੜੇ ਥਾਵਾਂ ’ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ। ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਨਿਰਭੈ ਸਿੰਘ ਢੁੱਡੀਕੇ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨ ਪਾਲ, ਹਰਿੰਦਰ ਸਿੰਘ ਲੱਖੋਵਾਲ, ਰੁਲਦੂ ਸਿੰਘ ਮਾਨਸਾ ਤੇ ਬੂਟਾ ਸਿੰਘ ਬੁਰਜ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਅਮਰੀਕੀ ਵਸਤਾਂ ’ਤੇ ਸਿਫ਼ਰ ਦਰਾਮਦ ਟੈਕਸ ਨੂੰ ਮਨਜ਼ੂਰੀ ਦੇ ਕੇ ਅਮਰੀਕੀ ਸਾਮਰਾਜਵਾਦ ਅੱਗੇ ਗੋਡੇ ਟੇਕ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਅਮਰੀਕਾ ਦੇ ਭਾਰੀ ਸਬਸਿਡੀ ਵਾਲੇ ਖੇਤੀ ਉਤਪਾਦਾਂ ਨਾਲ ਭਾਰਤੀ ਬਾਜ਼ਾਰ ਭਰਨ ਵਾਲਾ ਹੈ, ਜੋ ਕਿ ਦੇਸ਼ ਦੇ ਕਿਸਾਨ ਵਰਗ ਨੂੰ ਤਬਾਹ ਕਰ ਦੇਵੇਗਾ। ਇਸ ਨਾਲ ਤਾਜ਼ੇ ਫਲ, ਡੱਬਾ ਬੰਦ ਫਲ, ਮੁਰੱਬੇ, ਮੇਵੇ, ਸੋਇਆਬੀਨ ਦਾ ਤੇਲ ਅਤੇ ਮੱਕੀ ਤੋਂ ਬਣਿਆ ਪਸ਼ੂਆਂ ਦੀ ਫੀਡ ਵਾਲਾ ਪਦਾਰਥ ਭਾਰਤ ਵਿੱਚ ਭੇਜਣ ਨੂੰ ਖੁੱਲੀ ਛੁੱਟੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਚਾਰ ਲੇਬਰ ਕੋਡ ਲਾਗੂ ਕਰ ਕੇ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਅਤੇ ਹੜਤਾਲ ਦੇ ਹੱਕ ਲਗਪਗ ਖੋਹ ਲਏ ਗਏ ਹਨ। ਦਿਹਾੜੀ 12 ਘੰਟੇ ਅਤੇ ਔਰਤਾਂ ਨੂੰ ਰਾਤ ਦੀ ਸ਼ਿਫਟ ਵਿੱਚ ਕੰਮ ਕਰਨ ਦਾ ਕਾਨੂੰਨ ਲਾਗੂ ਕਰ ਕੇ ਮਜ਼ਦੂਰਾਂ ਅਤੇ ਔਰਤਾਂ ਦੇ ਸ਼ੋਸ਼ਣ ਦੀ ਛੋਟ ਦੇ ਦਿੱਤੀ ਹੈ।

ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿਲ ਰਾਹੀਂ ਬਿਜਲੀ ਸਿਰਫ ਐਸ਼ੋ-ਆਰਾਮ ਦੀ ਵਸਤੂ ਬਣ ਕੇ ਰਹਿ ਜਾਵੇਗੀ। ਲੋਕਾਂ ਨੂੰ ਬਿਜਲੀ ਵਰਤਣ ਤੋਂ ਪਹਿਲਾਂ ਬਿੱਲ ਭਰਨੇ ਪੈਣਗੇ, ਸਬਸਿਡੀਆਂ ਖਤਮ ਹੋ ਜਾਣਗੀਆਂ ਅਤੇ ਆਮ ਗਰੀਬ ਕਿਸਾਨ ਮਜ਼ਦੂਰ ਨੂੰ ਵੀ ਕਾਰਪੋਰੇਟਾਂ ਵਾਲੇ ਰੇਟ ’ਤੇ ਬਿਜਲੀ ਖਰੀਦਣੀ ਪਵੇਗੀ। ਇਸੇ ਤਰ੍ਹਾਂ ਬੀਜ ਬਿੱਲ ਰਾਹੀਂ ਬੀਜਾਂ ’ਤੇ ਬਹੁਕੌਮੀ ਕੰਪਨੀਆਂ ਦੀ ਅਜਾਰੇਦਾਰੀ ਕਾਇਮ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਮਗਨਰੇਗਾ ਕਾਨੂੰਨ ਰੱਦ ਕਰ ਕੇ ਖੇਤ ਮਜ਼ਦੂਰਾਂ ਨੂੰ ਮਿਲਣ ਵਾਲਾ ਛੋਟਾ ਮੋਟਾ ਰੁਜ਼ਗਾਰ ਵੀ ਖਤਮ ਕਰ ਦਿੱਤਾ ਹੈ। ਇਸ ਕਾਨੂੰਨ ਨੂੰ ਖਤਮ ਕਰਨ ਦਾ ਮਕਸਦ ਕਾਰਪੋਰੇਟ ਘਰਾਣਿਆਂ ਦੇ ਕਾਰਖਾਨਿਆਂ ਵਾਸਤੇ ਸਸਤੀ ਮਜ਼ਦੂਰੀ ਦਾ ਪ੍ਰਬੰਧ ਕਰਨਾ ਹੈ। ਹੜਤਾਲ ਕਰ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪਿਆ।

ਮਜ਼ਦੂਰ ਮੁਲਾਜ਼ਮ ਆਗੂਆਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਇਫ਼ਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ, ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਅਤੇ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਨੇ ਕਿਹਾ ਕਿ ਲੇਬਰ ਕੋਡਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਪਾਸ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ। ਪੱਕੀ ਨੌਕਰੀ ਦੀ ਥਾਂ ਫਿਕਸਡ ਟਰਮ ਐਂਪਲਾਇਮੈਂਟ ਲਾਗੂ ਹੋਵੇਗਾ, ਨੌਕਰੀ ਦੀ ਸੁਰੱਖਿਆ ਖ਼ਤਮ ਹੋ ਜਾਵੇਗੀ। ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇੇ/ਦਿਹਾੜੀ 8 ਤੋਂ 12 ਘੰਟੇ ਦੀ ਹੋਵੇਗੀ।

ਕਈ ਸੂਬਿਆਂ ’ਚ ਹੜਤਾਲ ਨੂੰ ਰਲਵਾਂ-ਮਿਲਵਾਂ ਹੁੰਗਾਰਾ

ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਫੋਰਮ ਵੱਲੋਂ ਕੇਂਦਰ ਸਰਕਾਰ ਦੀਆਂ ਕਥਿਤ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਵਿਰੁੱਧ ਅੱਜ ਦੇ ਦਿੱਤੇ ਗਏ ਦੇਸ਼ ਵਿਆਪੀ ਹੜਤਾਲ ਦੇ ਸੱਦੇ ਦਾ ਆਮ ਜੀਵਨ ’ਤੇ ਕੋਈ ਖ਼ਾਸ ਅਸਰ ਦੇਖਣ ਨੂੰ ਨਹੀਂ ਮਿਲਿਆ। ਰਿਪੋਰਟਾਂ ਅਨੁਸਾਰ ਪੰਜਾਬ, ਉੜੀਸਾ, ਕੇਰਲਾ, ਤਾਮਿਲ ਨਾਡੂ, ਗੋਆ, ਝਾਰਖੰਡ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਸਣੇ ਕਈ ਰਾਜਾਂ ਵਿੱਚ ਹੜਤਾਲ ਦਾ ਮਿਲਿਆ-ਜੁਲਿਆ ਅਸਰ ਦੇਖਿਆ ਗਿਆ।

ਉੜੀਸਾ ਵਿੱਚ 12 ਘੰਟੇ ਦੇ ਅੰਦੋਲਨ ਕਾਰਨ ਆਮ ਜੀਵਨ ਪ੍ਰਭਾਵਿਤ ਹੋਇਆ। ਭੁਬਨੇਸ਼ਵਰ, ਕਟਕ ਅਤੇ ਸੰਬਲਪੁਰ ਵਰਗੇ ਸ਼ਹਿਰਾਂ ਵਿੱਚ ਹੜਤਾਲ ਦਾ ਜ਼ੋਰ ਰਿਹਾ। ਝਾਰਖੰਡ ਵਿੱਚ ਬੈਂਕਿੰਗ, ਬੀਮਾ ਅਤੇ ਕੋਲਾ ਖੇਤਰਾਂ ’ਤੇ ਹੜਤਾਲ ਦਾ ਅਸਰ ਪਿਆ। ਖੱਬੇ ਪੱਖੀ ਪਾਰਟੀਆਂ ਅਤੇ ਕਾਂਗਰਸ ਨੇ ਵੀ ਇਸ ਹੜਤਾਲ ਦਾ ਸਮਰਥਨ ਕੀਤਾ।

ਛੱਤੀਸਗੜ੍ਹ ਵਿੱਚ ਕਈ ਕੌਮੀ ਬੈਂਕ ਬੰਦ ਰਹੇ। ਬੀਮਾ ਕੰਪਨੀਆਂ, ਡਾਕਖਾਨਿਆਂ ਅਤੇ ਖਣਨ ਗਤੀਵਿਧੀਆਂ ਵਿੱਚ ਅੰਸ਼ਕ ਤੌਰ ’ਤੇ ਅੜਿੱਕਾ ਪਿਆ; ਹਾਲਾਂਕਿ ਟਰਾਂਸਪੋਰਟ ਸੇਵਾਵਾਂ ਆਮ ਵਾਂਗ ਚੱਲੀਆਂ ਅਤੇ ਭਿਲਾਈ ਸਟੀਲ ਪਲਾਂਟ ਵਿੱਚ ਕੰਮ ਜਾਰੀ ਰਿਹਾ। ਚੇਨੱਈ ਅਤੇ ਥੂਥੂਕੁੜੀ ਵਿੱਚ ਬੰਦਰਗਾਹਾਂ ਦਾ ਕੰਮਕਾਜ ਪ੍ਰਭਾਵਿਤ ਹੋਇਆ, ਜਿੱਥੇ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ ਕੀਤੇ।

ਸਰਕਾਰ ਨੇ ਮਜ਼ਦੂਰਾਂ ਤੇ ਕਿਸਾਨਾਂ ਦੀ ਆਵਾਜ਼ ਨੂੰ ਅਣਗੌਲਿਆ ਕੀਤਾ: ਰਾਹੁਲ

ਨਵੀਂ ਦਿੱਲੀ: ਕਾਂਗਰਸ ਨੇ ਦੀ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਦਾ ਐਲਾਨ ਕੀਤਾ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸਰਕਾਰ ਨੇ ਮਜ਼ਦੂਰਾਂ ਅਤੇ ਕਿਸਾਨਾਂ ਦੇ ਭਵਿੱਖ ਨਾਲ ਸਬੰਧਤ ਫੈਸਲੇ ਲੈਂਦੇ ਸਮੇਂ ਉਨ੍ਹਾਂ ਦੀ ਆਵਾਜ਼ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ, ‘‘ਅਸੀਂ ਜਨਤਾ ਵਿਰੋਧੀ ਟਰੈਪ ਸਮਝੌਤੇ ਖ਼ਿਲਾਫ਼ ਮਜ਼ਬੂਤੀ ਨਾਲ ਖੜ੍ਹੇ ਹਾਂ।’’

Share: