‘ਆਪ’ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ: ਵੜਿੰਗ

‘ਆਪ’ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ: ਵੜਿੰਗ

ਬੰਗਾ: ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਿਹੜੇ ਦਮਗਜੇ ਮਾਰ ਕੇ ਇਸ ਪਾਰਟੀ ਨੇ ਸੱਤਾ ਹਾਸਲ ਕੀਤੀ ਸੀ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਨੇ ਡੱਕਾ ਨਹੀਂ ਤੋੜਿਆ। ਉਹ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਸਨ।

ਸ੍ਰੀ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਅੰਦਰ ਅੱਤਿਆਚਾਰ, ਕਤਲੋਗਾਰਤ ਅਤੇ ਵਧੀਕੀਆਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਪਾਸੇ ਸਟੇਜਾਂ ਤੋਂ ਖੁਦ ਨੂੰ ਪਾਰਦਰਸ਼ੀ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਜਦਕਿ ਦੂਜੇ ਪਾਸੇ ਪੰਜਾਬ ਦੇ ਮੌਜੂਦਾ ਹਾਲਾਤ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਨਾਂ ’ਤੇ ਵੋਟਾਂ ਬਟੋਰਨ ਵਾਲੀ ਪਾਰਟੀ ਅੱਜ ਨਿੱਜੀ ਮੁਫਾਦਾਂ ਅਤੇ ਮੋਹ-ਮਾਇਆ ਵਿੱਚ ਫਸ ਕੇ ਲੋਕ ਮੁੱਦਿਆਂ ਦਾ ਘਾਣ ਕਰ ਰਹੀ ਹੈ। ਇਹੀ ਕਾਰਨ ਹੈ ਕਿ ਅੱਜ ਲੋਕਾਂ ਨੂੰ ਇਨਸਾਫ਼ ਲਈ ਮਜਬੂਰਨ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਸਤਵੀਰ ਸਿੰਘ ਪੱਲੀ ਝਿੱਕੀ ਨੇ ਕਿਹਾ ਕਿ ਸਰਕਾਰ ਨੇ ਖਟਕੜ ਕਲਾਂ ਵਿੱਚ ਸਹੁੰ ਚੁੱਕ ਸਮਾਗਮ ਕਰ ਕੇ ਸ਼ਹੀਦਾਂ ਦੇ ਨਾਂ ’ਤੇ ਸਿਆਸਤ ਕੀਤੀ ਸੀ ਪਰ ਅੱਜ ਦੇਸ਼ ਦੀ ਜਵਾਨੀ ਰੁਜ਼ਗਾਰ ਦੇ ਫਿਕਰਾਂ ਵਿੱਚ ਡੁੱਬੀ ਹੋਈ ਹੈ।

Share: