ਫ਼ਰੀਦਕੋਟ/ਜੈਤੋਂ: ਪਿਛਲੇ ਸਾਲ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਨ ਦੇ ਕੁਝ ਰਸੂਖਵਾਨਾਂ ਦੇ ਪੁਲੀਸ ਨਾਲ ਮਿਲ ਕੇ 40 ਤੋਂ ਵੱਧ ਦਲਿਤ ਵਿਅਕਤੀਆਂ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਵਿੱਚ ਘਿਰੇ ਪਿੰਡ ਦੇ ਦੋ ਰਸੂਖਵਾਨਾਂ ਨੂੰ ਇਲਾਕਾ ਮੈਜਿਸਟਰੇਟ ਸ਼ਿਵੰਦਰਪਾਲ ਸਿੰਘ ਨੇ 6 ਅਪਰੈਲ ਤੱਕ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੁਲਜ਼ਮ ਗਮਦੂਰ ਸਿੰਘ ਅਤੇ ਹਰਵਿੰਦਰ ਸਿੰਘ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਪੀੜਤ ਸਰਪੰਚ ਕੁਲਦੀਪ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਨੇ ਹਾਈ ਕੋਰਟ ਦੇ ਜ਼ਮਾਨਤ ਦੇਣ ਵਾਲੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਮੁਲਜ਼ਮਾਂ ਨੇ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ। ਡੀ ਐੱਸ ਪੀ ਇਕਬਾਲ ਸਿੰਘ ਨੇ ਆਤਮ-ਸਮਰਪਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਨੇ ਮਾਮਲੇ ਦੀ ਪੜਤਾਲ ਤੇਜ਼ ਕਰ ਦਿੱਤੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ। ਪੀੜਤ ਦਲਿਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਲਛਮਣ ਸਿੰਘ ਸੇਵੇਵਾਲਾ, ਸਿਕੰਦਰ ਸਿੰਘ ਦਬੜ੍ਹੀਖਾਨਾ, ਮੰਗਾ ਸਿੰਘ ਆਜ਼ਾਦ, ਗੋਰਾ ਪਿੱਪਲੀ ਅਤੇ ਸੁਖਦਰਸ਼ਨ ਨੱਤ ਨੇ ਦੱਸਿਆ ਕਿ ਪਿੰਡ ਚੰਦਭਾਨ ਵਿੱਚ ਦਲਿਤ ਵਿਅਕਤੀ ਨੂੰ ਸਰਪੰਚ ਬਣਾਇਆ ਗਿਆ ਸੀ ਅਤੇ ਜਦੋਂ ਇਹ ਸਰਪੰਚ ਪਿੰਡ ਦੀ ਪਾਣੀ ਦੀ ਨਿਕਾਸੀ ਲਈ ਗਲੀਆਂ ਬਣਵਾ ਰਿਹਾ ਸੀ ਤਾਂ ਪਿੰਡ ਦੇ ਕੁਝ ਰਸੂਖ਼ਵਾਨਾਂ ਨੇ ਅਜਿਹਾ ਕਰਨ ਤੋਂ ਰੋਕਿਆ। ਸੁਪਰੀਮ ਕੋਰਟ ਵਿੱਚ ਸ਼ਿਕਾਇਤਕਰਤਾ ਧਿਰ ਵੱਲੋਂ ਪੇਸ਼ ਕੀਤੀ ਗਈ ਵੀਡੀਓ ਅਨੁਸਾਰ ਪਿੰਡ ਦੇ ਗਮਦੂਰ ਸਿੰਘ ਅਤੇ ਹਰਵਿੰਦਰ ਸਿੰਘ ਪੁਲੀਸ ਦੀ ਮੌਜੂਦਗੀ ਵਿੱਚ ਦਲਿਤਾਂ ਉੱਪਰ ਗੋਲੀਆਂ ਚਲਾ ਰਹੇ ਹਨ ਜਿਸ ਮਗਰੋਂ ਜਸਟਿਸ ਸੰਜੈ ਕੁਮਾਰ ਅਤੇ ਜਸਟਿਸ ਕੇ. ਵਿਨੋਦ ਚੰਦਰਨ ਨੇ ਆਪਣੇ ਹੁਕਮ ਵਿੱਚ ਮੰਨਿਆ ਹੈ ਕਿ ਮੁੱਢਲੇ ਰੂਪ ਵਿੱਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਸਾਬਿਤ ਹੁੰਦੇ ਹਨ।
Posted inFaridkot
