ਚੰਡੀਗਡ਼੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਬਜਟ ਨੂੰ ਲੋਕ-ਪੱਖੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਰੇਕ ਵਰਗ ਦਾ ਖ਼ਿਆਲ ਰੱਖਿਆ ਗਿਆ ਹੈ। ਸੂਬੇ ਵਿੱਚ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਲਈ 13 ਅਪਰੈਲ ਨੂੰ ਵਿਸਾਖੀ ਵਾਲੇ ਦਿਨ ਤੋਂ ਰਜਿਸਟਰੇਸ਼ਨ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਬਾਅਦ ਛੇਤੀ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ। ‘ਆਪ’ ਸਰਕਾਰ ਨੇ ਅੱਜ ਦੇ ਬਜਟ ਦੇ ਨਾਲ ਹੀ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪਹਿਲਾਂ ਦੇ ਬਜਟ ਅਕਸਰ ਕਾਗਜ਼ੀ ਐਲਾਨਾਂ ਤੱਕ ਸੀਮਤ ਹੁੰਦੇ ਸਨ, ਜਦਕਿ ਲੋਕਾਂ ਨੂੰ ਅਸਲ ਵਿੱਚ ਬਹੁਤਾ ਲਾਭ ਨਹੀਂ ਸੀ ਹੁੰਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਹਮੇਸ਼ਾ ਪੰਜਾਬ ਦਾ ਖ਼ਜ਼ਾਨਾ ਖਾਲੀ ਰਹਿੰਦਾ ਸੀ ਪਰ ਸਰਕਾਰ ਦੀ ਨੀਅਤ ਸਾਫ਼ ਹੋਵੇ ਤਾਂ ਫੰਡਾਂ ਦੀ ਕੋਈ ਕਮੀ ਨਹੀਂ ਹੁੰਦੀ। ਸਰਕਾਰ ਦੀ ਇਮਾਨਦਾਰੀ ਹੀ ਹੈ ਕਿ ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲ ਰਹੇ ਹਨ। ਸੂਬੇ ਭਰ ਵਿੱਚ ਸਕੂਲ, ਹਸਪਤਾਲ, ਸੜਕਾਂ ਅਤੇ ਆਮ ਆਦਮੀ ਕਲੀਨਿਕ ਬਣ ਰਹੇ ਹਨ। ਸਰਕਾਰ ਨੇ ਬਿਜਲੀ ਸਪਲਾਈ ਵਿੱਚ ਸੁਧਾਰ, ਸਿੰਜਾਈ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਨਿਰਵਿਘਨ ਤੇ ਲੋੜੀਂਦੀ ਬਿਜਲੀ ਦੇਣ ਲਈ ਅਹਿਮ ਕਦਮ ਚੁੱਕੇ ਹਨ। ਇਸ ਦੌਰਾਨ ਥਰਮਲ ਪਾਵਰ ਪਲਾਂਟ ਖ਼ਰੀਦੇ ਜਾ ਰਹੇ ਹਨ, ਨਹਿਰੀ ਪਾਣੀ ਟੇਲਾਂ ਤੱਕ ਪਹੁੰਚ ਰਿਹਾ ਹੈ ਅਤੇ ਖ਼ਪਤਕਾਰਾਂ ਨੂੰ ਲਾਭ ਪਹੁੰਚਾਉਣ ਲਈ ਬਿਜਲੀ ਦਰਾਂ ਨੂੰ ਤਰਕਸੰਗਤ ਬਣਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਹਰ ਇੱਕ ਪੈਸੇ ਦੀ ਪੂਰੀ ਸੂਝ-ਬੂਝ ਨਾਲ ਵਰਤੋਂ ਕਰ ਰਹੀ ਹੈ। ਤੰਤਰ ਦੀਆਂ ਖਾਮੀਆਂ ਜਾਂ ਰਿਸ਼ਵਤਖੋਰੀ ਵਰਗੀਆਂ ਸਮੱਸਿਆਵਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਗਿਆ ਹੈ। ਭਗਵੰਤ ਮਾਨ ਨੇ ਅਕਾਲੀ ਦਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ‘ਪੰਥ ਦੇ ਨਾਂ ਉਤੇ ਵੋਟਾਂ ਮੰਗੀਆਂ ਸਨ’, ਪਰ ਪੰਥ ਲਈ ਕਦੇ ਵੀ ਕੋਈ ਕੰਮ ਨਹੀਂ ਕੀਤਾ।
ਲੋਂਕ ਰਜਿਸਟਰੇਸ਼ਨ ’ਚ ਫਸ ਕੇ ਰਹਿ ਜਾਣਗੇ: ਵੜਿੰਗ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਦੇ ਝੂਠਾਂ ਦੀ ਲੜੀ ’ਚ ਇਹ ਆਖ਼ਰੀ ਬਜਟ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਚਾਰ ਸਾਲਾਂ ਵਿੱਚ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਪੂਰਾ ਕੋਈ ਵੀ ਨਹੀਂ ਕੀਤਾ, ਜਦਕਿ ਸੂਬੇ ਸਿਰ ਕਰਜ਼ਾ ਲਗਾਤਾਰ ਵਧ ਰਿਹਾ ਹੈ। ਪੰਜਾਬ ਸਰਕਾਰ ਨੇ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ, ਜਦੋਂ ਕਿ ਕਰਜ਼ਾ 4.17 ਲੱਖ ਕਰੋੜ ਰੁਪਏ ’ਤੇ ਪਹੁੰਚ ਗਿਆ ਹੈ, ਜੋ ਕੁੱਲ ਬਜਟ ਨਾਲੋਂ 160 ਫ਼ੀਸਦ ਵੱਧ ਹੈ। ‘ਆਪ’ ਵੱਲੋਂ ਸੂਬੇ ਵਿੱਚ ਸਰਕਾਰ ਬਣਨ ’ਤੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਪੰਜਵੇਂ ਤੇ ਆਖ਼ਰੀ ਸਾਲ ਵਿੱਚ ਪੈਸੇ ਦੇ ਰਹੀ ਹੈ। ਇਸ ਤਰ੍ਹਾਂ ‘ਆਪ’ ਔਰਤਾਂ ਨੂੰ ਪਿਛਲੇ ਚਾਰ ਸਾਲਾਂ ਦਾ 48-48 ਹਜ਼ਾਰ ਰੁਪਏ ਦੇਣ ਤੋਂ ਭੱਜ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਔਰਤਾਂ ਨੂੰ ਪਿਛਲੇ ਚਾਰ ਸਾਲਾਂ ਦਾ ਬਕਾਇਆ ਵੀ ਜਾਰੀ ਕੀਤਾ ਜਾਵੇ। ਸ੍ਰੀ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਬਜਟ ਵਿੱਚ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਐਲਾਨ ਤਾਂ ਕਰ ਦਿੱਤਾ ਹੈ, ਜਦਕਿ ਇਹ ਕਦੋਂ ਤੋਂ ਦੇਣੇ ਹਨ, ਉਸ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਜਟ ’ਚ ਸਿੱਖਿਆ, ਸਿਹਤ ਤੇ ਕਿਸਾਨੀ ਲਈ ਕੁਝ ਨਹੀਂ ਦਿੱਤਾ ਗਿਆ। ਵੜਿੰਗ ਨੇ ਕਿਹਾ ਕਿ ‘ਆਪ’ ਨੇ ਸੂਬੇ ਦੇ ਲੋਕਾਂ ਦਾ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਰਵਾਉਣ ਦਾ ਐਲਾਨ ਕੀਤਾ ਸੀ, ਪਰ ਉਸ ਦਾ ਲਾਭ ਵੀ ਲੋਕਾਂ ਨੂੰ ਮਿਲਦਾ ਦਿਖਾਈ ਨਹੀਂ ਦੇ ਰਿਹਾ। ਲੋਕ ਸਿਰਫ਼ ਰਜਿਸਟਰੇਸ਼ਨ ਵਿੱਚ ਫਸ ਕੇ ਰਹਿ ਗਏ ਹਨ।
52 ਹਜ਼ਾਰ ਕਰੋੜ ਦਾ ਨਵਾਂ ਕਰਜ਼ਾ ਚੁੱਕਣ ਜਾ ਰਹੀ ਹੈ ਸਰਕਾਰ: ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਪੇਸ਼ ਕੀਤੇ ਗਏ ਆਖ਼ਰੀ ਵਰ੍ਹੇ ਦੇ ਬਜਟ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਹ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੂਰੇ ਨਹੀਂ ਕੀਤੇ। ਜਦਕਿ ਸਰਕਾਰ ਨੇ ਕਰਜ਼ਾ ਚੁੱਕ-ਚੁੱਕ ਕੇ ਪੰਜਾਬ ਨੂੰ ਕਰਜ਼ਈ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ 52 ਹਜ਼ਾਰ ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕਣ ਜਾ ਰਹੀ ਹੈ। ਇਸ ਨਾਲ ਪੰਜਾਬ ਸਿਰ ਕਰਜ਼ਾ ਕਰੀਬ ਪੰਜ ਲੱਖ ਕਰੋੜ ਰੁਪਏ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨ, ਮਜ਼ਦੂਰ, ਨੌਜਵਾਨਾਂ, ਵਪਾਰੀ ਵਰਗ ਅਤੇ ਮੁਲਾਜ਼ਮਾਂ ਨੂੰ ਕੁਝ ਨਹੀਂ ਦਿੱਤਾ ਗਿਆ ਹੈ।
ਹਜ਼ਾਰ ਰੁਪਏ ਦੇਣ ਲਈ ਪੈਸੇ ਕਿੱਥੋਂ ਆਉਣਗੇ: ਜਾਖੜ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਬਜਟ ਨੂੰ ਦਿਸ਼ਾਹੀਣ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਸੂਬੇ ਨੂੰ ਕਰਜ਼ੇ ਦੇ ਸੰਕਟ ਵਿੱਚ ਹੋਰ ਧੱਕ ਦੇਵੇਗਾ। ਉਨ੍ਹਾਂ ਸਵਾਲ ਕੀਤਾ ਕਿ ਬਜਟ ਵਿੱਚ ਕੀਤੇ ਗਏ ਵਾਅਦੇ ਪੂਰੇ ਕਰਨ ਲਈ ਪੈਸਾ ਕਿੱਥੋਂ ਆਵੇਗਾ, ਇਸ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਸਵਾਲ ਕੀਤਾ ਕਿ ਮਹਿਲਾਵਾਂ ਨੂੰ ਹਰ ਮਹੀਨੇ ਹਜ਼ਾਰ ਰੁਪਏ ਦੇਣ ਲਈ ਪੈਸੇ ਕਿੱਥੋਂ ਆਉਣਗੇ ਅਤੇ ਇਹ ਰਕਮ ਲਗਾਤਾਰ ਕਿਵੇਂ ਉਪਲਬਧ ਕਰਵਾਈ ਜਾਵੇਗੀ। ਸ੍ਰੀ ਜਾਖੜ ਨੇ ਕਿਹਾ ਕਿ ਆਮਦਨ ਦੇ ਸਰੋਤ ਪੈਦਾ ਕੀਤੇ ਬਿਨਾਂ ਵੋਟਾਂ ‘ਖ਼ਰੀਦਣ’ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਸੂਬੇ ’ਤੇ ਕਰਜ਼ੇ ਦਾ ਬੋਝ ਹੋਰ ਵਧਾ ਦੇਣਗੀਆਂ। ਇਸ ਦਾ ਭਾਰ ਪੰਜਾਬ ਦੇ ਲੋਕਾਂ ਨੂੰ ਹੀ ਝੱਲਣਾ ਪਵੇਗਾ।
ਬਜਟ ਤੋਂ ਕਿਸਾਨ, ਮਜ਼ਦੂਰ, ਮੁਲਾਜ਼ਮ ਸਣੇ ਹਰ ਵਰਗ ਨਿਰਾਸ਼: ਅਸ਼ਵਨੀ ਸ਼ਰਮਾ
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਮਾਵਾਂ-ਭੈਣਾਂ ਨਾਲ ਵੱਡਾ ਧੋਖਾ ਕੀਤਾ ਹੈ। ਇਸ ਦੇ ਨਾਲ ਹੀ ਬਜਟ ਤੋਂ ਪੰਜਾਬ ਦਾ ਕਿਸਾਨ, ਮਜ਼ਦੂਰ, ਕਰਮਚਾਰੀ ਤੇ ਲਗਭਗ ਹਰ ਵਰਗ ਨਿਰਾਸ਼ ਹੈ ਕਿਉਂਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਕੁਝ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ’ਚ ‘ਆਪ’ ਦੀ ਸਰਕਾਰ 16 ਮਾਰਚ 2022 ਨੂੰ ਬਣੀ ਸੀ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਨਹੀਂ ਦਿੱਤੇ ਜਾ ਸਕੇ। ਪੰਜਾਬ ਸਰਕਾਰ ਨੇ ਔਰਤਾਂ ਨੂੰ ਪੈਸੇ ਦੇਣ ਲਈ ਬਜਟ ਵਿਚ ਸਿਰਫ਼ 9,300 ਕਰੋੜ ਰੁਪਏ ਰੱਖੇ ਹਨ, ਜਦਕਿ ਔਰਤਾਂ ਨੂੰ ਇਕ ਸਾਲ ਦੇ ਵੀ ਪੈਸੇ ਦੇਣ ਲਈ 15 ਹਜ਼ਾਰ ਕਰੋੜ ਰੁਪਏ ਦੀ ਲੋੜ ਹੈ।
