Punjab Budget Session: ਪੰਜਾਬ ਵਿਧਾਨ ਸਭਾ ’ਚ ਗੈਸ ਦੀ ਕਿੱਲਤ ’ਤੇ ਹੰਗਾਮਾ; ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ

Punjab Budget Session: ਪੰਜਾਬ ਵਿਧਾਨ ਸਭਾ ’ਚ ਗੈਸ ਦੀ ਕਿੱਲਤ ’ਤੇ ਹੰਗਾਮਾ; ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਅੱਜ ਪ੍ਰਸ਼ਨ ਕਾਲ ਦੌਰਾਨ ਬੇਅਦਬੀ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਵਾਲੇ ਕਾਨੂੰਨ ਨੂੰ ਲੈ ਕੇ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ। ਬਾਜਵਾ ਨੇ ਸਦਨ ਦਾ ਧਿਆਨ ਖਿੱਚਦਿਆਂ ਦੱਸਿਆ ਕਿ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦੀ ਮੰਗ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ ਪਿਛਲੇ ਕਰੀਬ ਡੇਢ ਸਾਲ ਤੋਂ 400 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਹੋਏ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਕਰੀਬ ਅੱਠ ਮਹੀਨੇ ਪਹਿਲਾਂ ਇਹ ਮਾਮਲਾ ‘ਸਿਲੈਕਟ ਕਮੇਟੀ’ (Select Committee) ਨੂੰ ਸੌਂਪਿਆ ਗਿਆ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਹਾਲੇ ਤੱਕ ਇਸ ਬਾਰੇ ਕੋਈ ਪ੍ਰਗਤੀ ਸਾਹਮਣੇ ਨਹੀਂ ਆਈ। ਉਨ੍ਹਾਂ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਸ ਅਹਿਮ ਕਾਨੂੰਨ ਨੂੰ ਲੈ ਕੇ ਮਾਮਲਾ ਅਜੇ ਤੱਕ ‘ਤਨ-ਪਤਣ’ ਨਹੀਂ ਲੱਗਿਆ। ਬਾਜਵਾ ਨੇ ਪੁਰਜ਼ੋਰ ਮੰਗ ਕੀਤੀ ਕਿ ਅੱਜ ਸੈਸ਼ਨ ਦੀ ਸਮਾਪਤੀ ਤੋਂ ਪਹਿਲਾਂ-ਪਹਿਲਾਂ ਪੰਜਾਬ ਸਰਕਾਰ ਇਸ ਪ੍ਰਸਤਾਵਿਤ ਕਾਨੂੰਨ ਦੀ ਮੌਜੂਦਾ ਸਥਿਤੀ ਬਾਰੇ ਸਦਨ ਵਿੱਚ ਸਥਿਤੀ ਸਪੱਸ਼ਟ ਕਰੇ।

ਇਸਤੋਂ ਪਹਿਲਾਂ ਬਜਟ ਇਜਲਾਸ ਦੇ ਆਖ਼ਰੀ ਦਿਨ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਰਸੋਈ ਗੈਸ ਦੀ ਕਿੱਲਤ ਦੇ ਮੁੱਦੇ ’ਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਵਿਧਾਨ ਸਭਾ ਕੰਪਲੈਕਸ ਦੇ ਬਾਹਰ ਇਕੱਠੇ ਹੋਏ ਵਿਧਾਇਕਾਂ ਨੇ ਆਪਣੇ ਗਲ਼ਾਂ ਵਿੱਚ ਗੈਸ ਸਿਲੰਡਰਾਂ ਦੀ ਕਿੱਲਤ ਨੂੰ ਦਰਸਾਉਂਦੀਆਂ ਤਖ਼ਤੀਆਂ ਪਾਈਆਂ ਹੋਈਆਂ ਸਨ ਅਤੇ ਉਹ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਵਿਧਾਇਕਾਂ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਦੇਸ਼ਾਂ ਦੇ ਦਬਾਅ ਅੱਗੇ ‘ਆਤਮ-ਸਮਰਪਣ’ ਕਰ ਦਿੱਤਾ ਹੈ, ਜਿਸ ਦਾ ਖ਼ਾਮਿਆਜ਼ਾ ਦੇਸ਼ ਦੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰ ਵਿੱਚੋਂ ਗੈਸ ਸਿਲੰਡਰ ਗਾਇਬ ਹੋ ਚੁੱਕੇ ਹਨ ਅਤੇ ਲੋਕਾਂ ਨੂੰ ਇੱਕ ਸਿਲੰਡਰ ਲੈਣ ਲਈ ਘੰਟਿਆਂਬੱਧੀ ਲੰਬੀਆਂ ਲਾਈਨਾਂ ਵਿੱਚ ਖੜ੍ਹਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀ ਵਿਧਾਇਕਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਦਖ਼ਲ ਦੇ ਕੇ ਸੂਬੇ ਵਿੱਚ ਗੈਸ ਦੀ ਸਪਲਾਈ ਨੂੰ ਸੁਚਾਰੂ ਬਣਾਏ ਤਾਂ ਜੋ ਆਮ ਜਨਤਾ ਨੂੰ ਦਰਪੇਸ਼ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ।

Share: