ਬਠਿੰਡਾ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਹਰੇਕ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵੱਡੇ ਯਤਨ ਕਰ ਰਹੀ ਹੈ, ਜਿਸ ਨਾਲ ਸੂਬਾ ਮੁੜ ‘ਰੰਗਲੇ ਪੰਜਾਬ’ ਵੱਲ ਵਧ ਰਿਹਾ ਹੈ। ਇੱਥੇ ਚੱਲ ਰਹੇ ਤਿੰਨ ਰੋਜ਼ਾ ‘ਵਿਰਾਸਤੀ ਮੇਲੇ’ ਦੇ ਆਖਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਅਜਿਹੇ ਮੇਲੇ ਬੰਦ ਹੋ ਗਏ ਸਨ, ਜਦਕਿ ਇਹ ਮੇਲੇ ਸੂਬੇ ਦੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਕਿਹਾ ਕਿ ਹੁਣ ਸੂਬਾ ‘ਰੰਗਲੇ ਪੰਜਾਬ’ ਦੇ ਦੌਰ ਵਿੱਚ ਪ੍ਰਵੇਸ਼ ਕਰ ਰਿਹਾ ਹੈ ਅਤੇ ਇਸ ਦੇ ਰੰਗ ਦਿਸਣ ਲੱਗ ਪਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਹਰ ਕੀਮਤ ’ਤੇ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਠਿੰਡਾ ਦੇ ਰੇਤਲੇ ਟਿੱਬਿਆਂ ਤੱਕ ਵੀ ਪਾਣੀ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ ਲਗਭਗ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ; ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਵੱਡੀ ਮੁਹਿੰਮ ਹੈ।
Posted inBathinda
