ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੁਣ ਨਵੇਂ ਰਾਸ਼ਨ ਕਾਰਡਾਂ (ਨੀਲੇ ਕਾਰਡਾਂ) ਲਈ ਸ਼ਰਤਾਂ ’ਚ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ। ਨਵੇਂ ਜਾਰੀ ਹੁਕਮਾਂ ’ਚ ਗੱਡੀਆਂ ਅਤੇ ਜ਼ਮੀਨਾਂ ਵਾਲੇ ਵੀ ਸਰਕਾਰੀ ਅਨਾਜ ਲੈ ਸਕਣਗੇ। ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਨਵੇਂ ਰਾਸ਼ਨ ਕਾਰਡ ਬਣਾਉਣ ਲਈ ਕਈ ਢਿੱਲਾਂ ਐਲਾਨ ਦਿੱਤੀਆਂ ਹਨ। ਸੂਬਾ ਸਰਕਾਰ ਨੇ 2026-27 ਦੇ ਬਜਟ ’ਚ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਐਲਾਨ ਕੀਤਾ ਸੀ। ਸਰਕਾਰ ਨੇ 11 ਸਤੰਬਰ 2025 ਨੂੰ ਜਾਰੀ ਨੋਟੀਫਿਕੇਸ਼ਨ ਹੁਣ ਪੂਰੀ ਤਰ੍ਹਾਂ ਪਲਟ ਦਿੱਤਾ ਹੈ ਜਿਸ ’ਚ ਕੇਂਦਰੀ ਫਾਰਮੂਲੇ ਨੂੰ ਪ੍ਰਵਾਨ ਕੀਤਾ ਗਿਆ ਸੀ।
ਕੇਂਦਰੀ ਫਾਰਮੂਲੇ ਤਹਿਤ ਕਰੀਬ 11 ਲੱਖ ਸ਼ੱਕੀ ਲਾਭਪਾਤਰੀ ਹਟਾਏ ਜਾਣੇ ਸਨ। ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੇ 11 ਮਾਰਚ 2026 ਨੂੰ ਨੋਟੀਫਿਕੇਸ਼ਨ ਜਾਰੀ ਕਰ ਕੇ ਪੰਜਾਬ ਫੂਡ ਸਕਿਉਰਿਟੀ ਰੂਲਜ਼-2016 ਦੇ ਰੂਲਜ਼ 3(1) ਸ਼ਡਿਊਲ-1’ ਨੂੰ ਤਬਦੀਲ ਕਰ ਦਿੱਤਾ ਹੈ। ਨਵੇਂ ਰਾਸ਼ਨ ਕਾਰਡ ਲਈ ਪਹਿਲਾਂ ਸਾਲਾਨਾ ਆਮਦਨ 1.80 ਲੱਖ ਦੀ ਸ਼ਰਤ ਸੀ ਜਿਸ ਨੂੰ ਵਧਾ ਕੇ 8 ਲੱਖ ਸਾਲਾਨਾ ਕਰ ਦਿੱਤਾ ਗਿਆ ਹੈ। ਪਹਿਲਾਂ ਢਾਈ ਏਕੜ (ਉਪਜਾਊ) ਅਤੇ ਪੰਜ ਏਕੜ (ਬਰਾਨੀ) ਜ਼ਮੀਨ ਦੀ ਸ਼ਰਤ ਸੀ, ਜਿਸ ਨੂੰ ਹੁਣ ਖ਼ਤਮ ਕਰ ਦਿੱਤਾ ਗਿਆ ਹੈ; ਮਤਲਬ, ਵੱਡੇ ਕਿਸਾਨ ਜਿਨ੍ਹਾਂ ਦੀ ਸਾਲਾਨਾ ਅੱਠ ਲੱਖ ਤੋਂ ਘੱਟ ਆਮਦਨ ਹੋਵੇਗੀ, ਉਹ ਵੀ ਸਰਕਾਰੀ ਅਨਾਜ ਲੈ ਸਕਣਗੇ। ਚਾਰ ਪਹੀਆ ਵਾਹਨਾਂ ਵਾਲੇ ਲਾਭਪਾਤਰੀ ਪਹਿਲਾਂ ਨੀਲੇ ਕਾਰਡਾਂ ਲਈ ਅਯੋਗ ਐਲਾਨੇ ਗਏ ਸਨ ਪਰ ਹੁਣ ਉਹ ਯੋਗ ਬਣ ਗਏ ਹਨ। ਏ ਸੀ ਵਾਲੇ ਘਰਾਂ ਦੇ ਮਾਲਕਾਂ ਨੂੰ ਵੀ ਹੁਣ ਅਨਾਜ ਮਿਲ ਸਕੇਗਾ। ਆਮਦਨ ਕਰ ਭਰਨ ਵਾਲੇ ਪਹਿਲਾਂ ਅਯੋਗ ਸਨ ਪਰ ਹੁਣ ਉਨ੍ਹਾਂ ਨੂੰ ਯੋਗ ਮੰਨਿਆ ਗਿਆ ਹੈ।

