LIVE NOW Punjab Budget Session Live: ‘ਆਪ’ ਸਰਕਾਰ ਦਾ ਪੰਜਵਾਂ ਬਜਟ ਸੈਸ਼ਨ ਸ਼ੁਰੂ: ਵਿਰੋਧੀਆਂ ਵੱਲੋਂ ਵਾਕਆਊਟ

LIVE NOW Punjab Budget Session Live: ‘ਆਪ’ ਸਰਕਾਰ ਦਾ ਪੰਜਵਾਂ ਬਜਟ ਸੈਸ਼ਨ ਸ਼ੁਰੂ: ਵਿਰੋਧੀਆਂ ਵੱਲੋਂ ਵਾਕਆਊਟ

‘ਆਪ’ ਸਰਕਾਰ ਦੇ ਕਾਰਜਕਾਲ ਦਾ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਅਤੇ ਪੰਜਵਾਂ ਬਜਟ ਇਜਲਾਸ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ ਹੈ। ਰਾਜਪਾਲ ਨੇ ਬੋਲੇ ਸੋ ਨਿਹਾਲ ਦੇ ਜੈਕਾਰੇ ਨਾਲ ਭਾਸ਼ਣ ਸ਼ੁਰੂ ਕੀਤਾ । ਰਾਜਪਾਲ ਦੀ ਆਮਦ ’ਤੇ ਵਿਧਾਨ ਸਭਾ ਕੰਪਲੈਕਸ ’ਚ ਗਲੀਚਾ ਵਿਛਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਜਪਾਲ ਦਾ ਸਵਾਗਤ ਕੀਤਾ। ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਸਦਨ ਵਿੱਚ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਦੌਰਾਨ ਲਗਾਤਾਰ 17 ਮਿੰਟ ਤੱਕ ਨਾਅਰੇਬਾਜ਼ੀ ਕੀਤੀ ਅਤੇ ਨਾਅਰੇਬਾਜ਼ੀ ਕਰਨ ਮਗਰੋਂ ਵਾਕਆਊਟ ਕਰ ਦਿੱਤਾ।

ਰਾਜਪਾਲ ਨੇ ਆਪਣੇ ਸੰਬੋਧਨ ਦੇ ਪਹਿਲੇ 17 ਮਿੰਟ ਸਿਰਫ਼ ਸਿਹਤ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਨ ’ਤੇ ਲਗਾਏ। ਉਨ੍ਹਾਂ ਆਮ ਆਦਮੀ ਕਲੀਨਿਕਾਂ, ਮੈਡੀਕਲ ਕਾਲਜਾਂ ਦੇ ਸੁਧਾਰ ਅਤੇ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਰਾਹੀਂ ਲੋਕਾਂ ਨੂੰ ਮਿਲ ਰਹੇ ਲਾਭਾਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਤੋਂ ਇਲਾਵਾ, ਰਾਜਪਾਲ ਨੇ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ (War Against Drugs) ਮੁਹਿੰਮ ਦੀਆਂ ਸਫਲਤਾਵਾਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।

ਦੱਸ ਦਈਏ ਕਿ ਬਜਟ ਸੈਸ਼ਨ 16 ਮਾਰਚ ਤੱਕ ਚੱਲੇਗਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ ਸਾਲ 2026-27 ਦਾ ਬਜਟ ਪੇਸ਼ ਕਰਨਗੇ।

ਆਮ ਆਦਮੀ ਪਾਰਟੀ ਔਰਤਾਂ ਨੂੰ 1000 ਰੁਪਏ ਮਾਣ ਭੱਤਾ ਦੇਣ ਦੀ ਗਰੰਟੀ ਵੀ ਇਸ ਬਜਟ ਸੈਸ਼ਨ ’ਚ ਪੂਰਾ ਕਰੇਗੀ ਅਤੇ ਬਜਟ ’ਚ ਇਸ ਰਾਸ਼ੀ ਦੀ ਵਿਵਸਥਾ ਕੀਤੀ ਜਾਵੇਗੀ। ਅੱਜ ਬਜਟ ਸੈਸ਼ਨ ਦੇ ਪਹਿਲੇ ਦਿਨ ਦੁਪਹਿਰ ਮਗਰੋਂ 2 ਵਜੇ ਵਿੱਛੜੀਆਂ ਹਸਤੀਆਂ ਨੂੰ ਯਾਦ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਕਾਂਗਰਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਸਣੇ ਵੱਡੀ ਗਿਣਤੀ ਵਿੱਚ ‘ਆਪ’ ਵਰਕਰਾਂ ਵੱਲੋਂ ਬੈਂਡ ਬਾਜੇ ਵਾਲੇ ਨਾਲ ਲੈ ਕੇ ਕਾਂਗਰਸ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

Share: