Punjab Budget Session ਛੇਵਾਂ ਦਿਨ: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ

Punjab Budget Session ਛੇਵਾਂ ਦਿਨ: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਛੇਵੇਂ ਦਿਨ ਸ਼ੁਰੂ ਹੋ ਗਿਆ ਹੈ। ਬਜਟ ਇਜਲਾਸ ਦੀ ਸ਼ੁਰੂਆਤ ਵਿੱਚ ਪ੍ਰਸ਼ਨ ਕਾਲ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਲੈਕਚਰਾਰਾਂ ਤੇ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਲੈਕਚਰਾਰਾਂ ਦੀ ਭਰਤੀ ਦਾ ਮਾਮਲਾ ਵੀ ਵਿਚਕਾਰ ਲਟਕ ਰਿਹਾ ਹੈ ਉਸ ਨੂੰ ਵੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਛੱਡ ਕੇ ਹੀ ਹੋਰਨਾਂ ਵਿਸ਼ਿਆਂ ਦੇ ਅਧਿਆਪਕਾਂ ਦੀ ਲੋੜ ਪੈਣ ਤੇ ਹੀ ਸਰਕਾਰੀ ਕੰਮਕਾਜ ਲਈ ਡਿਊਟੀਆਂ ਲਗਾਈਆਂ ਜਾਣਗੀਆਂ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਨੇ ਅੱਜ ਵਿੱਤੀ ਵਰ੍ਹੇ 2026-27 ਦੇ ਪੰਜਾਬ ਬਜਟ ਨੂੰ ਚਾਰ ਘੰਟੇ ਲੰਮੀ ਬਹਿਸ ਮਗਰੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ’ਤੇ ਹੋਈ ਬਹਿਸ ਨੂੰ ਸਮੇਟਦਿਆਂ ਵਿਰੋਧੀ ਧਿਰ ਦੀ ਗ਼ੈਰ-ਮੌਜੂਦਗੀ ’ਤੇ ਸਵਾਲ ਉਠਾਏ। ਹੁਕਮਰਾਨ ਧਿਰ ਨੇ ਬਹਿਸ ’ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਕੇਂਦਰੀ ਬਿੰਦੂ ਵਿੱਚ ਰੱਖਿਆ ਅਤੇ ਸਰਕਾਰੀ ਪ੍ਰਾਪਤੀਆਂ ’ਤੇ ਆਪਣੀ ਪਿੱਠ ਥਾਪੜੀ। ਬਹਿਸ ’ਚ ਹਾਕਮ ਧਿਰ ਦੇ ਵਿਧਾਇਕਾਂ ਨੇ ਵਾਰ-ਵਾਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਆਪਣੇ ਭਾਸ਼ਣ ਦਾ ਹਿੱਸਾ ਬਣਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਭੰਡਿਆ। ਉਨ੍ਹਾਂ ਕਿਹਾ ਕਿ ਚਾਰ ਸਾਲਾਂ ’ਚ ਪੰਜ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ ਅਤੇ ਹੁਣ ਉਹ ਨਵੀਂ ਸਿਆਸੀ ਲੜਾਈ ਲਈ ਤਿਆਰ ਹਨ। ਉਨ੍ਹਾਂ ਦੱਸਿਆ ਕਿ ਉਹ ਗਾਰੰਟੀਆਂ ਨੂੰ ਅਮਲ ’ਚ ਲਿਆਉਣ ਮਗਰੋਂ ਹੁਣ ਅਗਲੇ ਚੋਣ ਮੈਨੀਫੈਸਟੋ ਦੀ ਤਿਆਰੀ ’ਚ ਲੱਗ ਗਏ ਹਨ।
Share: