ਵਿਧਾਨ ਸਭਾ ’ਚ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਮਤਾ ਪਾਸ

ਵਿਧਾਨ ਸਭਾ ’ਚ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਮਤਾ ਪਾਸ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਨਿੰਦਾ ਮਤਾ ਪਾਸ ਕਰ ਦਿੱਤਾ। ਇਸ ਮੌਕੇ ਭਾਜਪਾ ਦੇ ਵਿਧਾਇਕ ਗੈਰਹਾਜ਼ਰ ਰਹੇ ਜਦਕਿ ਵਿਰੋਧੀ ਧਿਰ ਕਾਂਗਰਸ ਤੋਂ ਇਲਾਵਾ ਬਾਕੀ ਸਿਆਸੀ ਧਿਰਾਂ ਨੇ ਮਤੇ ਦੀ ਹਮਾਇਤ ਕੀਤੀ। ਪੰਜਾਬ ਇਸ ਸਮਝੌਤੇ ਖ਼ਿਲਾਫ਼ ਨਿੰਦਾ ਮਤਾ ਪਾਸ ਕਰਨ ਵਾਲਾ ਦੇਸ਼ ਦਾ ਪਹਿਲਾ ਗੈਰ-ਭਾਜਪਾ ਸ਼ਾਸਿਤ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮਝੌਤੇ ਨੂੰ ਪੰਜਾਬ ਲਈ ਸਭ ਤੋਂ ਵੱਧ ਮਾਰੂ ਦੱਸਿਆ। ਉਨ੍ਹਾਂ ਮੰਗ ਕੀਤੀ ਕਿ ਇਸ ਪ੍ਰਸਤਾਵਿਤ ਸਮਝੌਤੇ ਦੇ ਦਾਇਰੇ ’ਚੋਂ ਖੇਤੀ ਖੇਤਰ ਨੂੰ ਬਾਹਰ ਰੱਖਿਆ ਜਾਵੇ।

ਮੁੱਖ ਮੰਤਰੀ ਮਾਨ ਨੇ ਇਸ ਸਮਝੌਤੇ ਦੇ ਹਵਾਲੇ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸਿਆਸੀ ਹੱਲੇ ਬੋਲੇ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਦਨ ’ਚ ਇਸ ਪ੍ਰਸਤਾਵਿਤ ਸਮਝੌਤੇ ਖ਼ਿਲਾਫ਼ ਨਿੰਦਾ ਮਤਾ ਪੇਸ਼ ਕੀਤਾ ਜਿਸ ਦੀ ਪ੍ਰੋੜ੍ਹਤਾ ਹਾਕਮ ਤੇ ਵਿਰੋਧੀ ਧਿਰ ਨੇ ਇੱਕੋ ਸੁਰ ’ਚ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਤਾਵਿਤ ਮਤੇ ’ਤੇ ਬਹਿਸ ਨੂੰ ਸਮੇਟਦਿਆਂ ਕਿਹਾ ਕਿ ਪੰਜਾਬ ਨੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ’ਚ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ, ਜਿਸ ਦੇ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਿਛਾਂਹ ਹਟਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਜੀ ਐੱਸ ਟੀ, ਪੇਂਡੂ ਵਿਕਾਸ ਫ਼ੰਡ ਅਤੇ ਕੌਮੀ ਸਿਹਤ ਮਿਸ਼ਨ ਦੇ ਬਕਾਏ ਰੋਕ ਕੇ ਰੱਖੇ ਗਏ ਹਨ। ਮਾਨ ਨੇ ਕਿਹਾ ਕਿ ਪ੍ਰਸਤਾਵਿਤ ਸਮਝੌਤਾ ਖੇਤੀ ਸੈਕਟਰ ਲਈ ਤਿੰਨ ਕਾਲੇ ਕਾਨੂੰਨਾਂ ਨਾਲੋਂ ਵੱਧ ਖ਼ਤਰਨਾਕ ਹੈ।

ਇਸ ਤੋਂ ਪਹਿਲਾਂ ਬਹਿਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਸਤਾਵਿਤ ਸਮਝੌਤੇ ਨੂੰ ਅਨਾਜ ਅਤੇ ਬੀਜ ਖ਼ੁਦਮੁਖ਼ਤਾਰੀ ’ਤੇ ਹਮਲਾ ਦੱਸਿਆ। ‘ਆਪ’ ਦੇ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ ਨੂੰ ਅਮਰੀਕਾ ਕੋਲ ਗਹਿਣੇ ਰੱਖ ਦਿੱਤਾ ਹੈ। ਵਿਧਾਇਕ ਗੁਰਪ੍ਰੀਤ ਵਣਾਂਵਾਲੀ ਨੇ ਕਿਹਾ ਕਿ ਅਮਰੀਕਾ ’ਚੋਂ ਆਉਣ ਵਾਲੇ ਬੀਜਾਂ ਨਾਲ ਦੇਸੀ ਬੀਜਾਂ ਨੂੰ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਫੂਡ ਪ੍ਰੋਸੈਸਿੰਗ ਸਨਅਤ ਨੂੰ ਢਾਹ ਲੱਗੇਗੀ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬਹਿਸ ਦੌਰਾਨ ਕਿਹਾ ਕਿ ਪ੍ਰਸਤਾਵਿਤ ਸਮਝੌਤਾ ਪੰਜਾਬ ਦੇ ਖੇਤੀ ਅਰਥਚਾਰੇ ਨੂੰ ਕਮਜ਼ੋਰ ਕਰ ਸਕਦਾ ਹੈ। ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਭਾਰਤੀ ਅਤੇ ਅਮਰੀਕੀ ਖੇਤੀਬਾੜੀ ਵਿੱਚ ਬਹੁਤ ਵੱਡਾ ਅੰਤਰ ਹੈ। ਉਨ੍ਹਾਂ ਕਪਾਹ ’ਤੇ 11 ਪ੍ਰਤੀਸ਼ਤ ਡਿਊਟੀ ਘਟਾਉਣ ਦਾ ਮੁੱਦਾ ਵੀ ਉਠਾਇਆ।

ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਖੇਤੀ ਤੇ ਡੇਅਰੀ ਸੈਕਟਰ ਨੂੰ ਨਵਾਂ ਸਮਝੌਤਾ ਤਬਾਹ ਕਰ ਦੇਵੇਗਾ। ਬਹਿਸ ’ਚ ਵਿਧਾਇਕ ਰਾਣਾ ਗੁਰਜੀਤ ਸਿੰਘ, ਦਿਨੇਸ਼ ਚੱਢਾ, ਸ਼ੈਰੀ ਕਲਸੀ, ਨਰਿੰਦਰਪਾਲ ਸਾਵਨਾ, ਜਗਦੀਪ ਸਿੰਘ ਗੋਲਡੀ ਕੰਬੋਜ ਆਦਿ ਨੇ ਵੀ ਹਿੱਸਾ ਲਿਆ।

ਸਮਝੌਤੇ ਖ਼ਿਲਾਫ਼ ਇੱਕਜੁੱਟ ਹੋਈਏ: ਬਾਜਵਾ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸਦਨ ’ਚ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਇੱਕਜੁੱਟ ਹੋ ਕੇ ਲੜਾਈ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਭਾਰਤੀ ਖੇਤੀ ਅਤੇ ਖ਼ਾਸ ਕਰ ਕੇ ਪੰਜਾਬ ਤੇ ਹਰਿਆਣਾ ਦੀ ਕਿਸਾਨੀ ਨੂੰ ਵੱਡੀ ਢਾਹ ਲੱਗੇਗੀ। ਬਾਜਵਾ ਨੇ ਕਿਹਾ ਕਿ ਅੱਜ ਨਰਮੇ ਦਾ ਭਾਅ ਹਜ਼ਾਰ ਤੋਂ 1500 ਰੁਪਏ ਡਿੱਗ ਗਿਆ ਹੈ ਅਤੇ ਹੌਲੀ ਹੌਲੀ ਕਣਕ ਦੀ ਵਾਰੀ ਵੀ ਆ ਜਾਵੇਗੀ।

ਖਹਿਰਾ ਖ਼ਿਲਾਫ਼ ਨਿੰਦਾ ਮਤਾ ਪਾਸ

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਹਵਾਲਾ ਦਿੱਤੇ ਬਿਨਾਂ ਪਾਈ ਪੋਸਟ- ‘ਹਜ਼ਾਰ ਰੁਪਏ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿਵੇਂ ਜੰਮ ਲੈਣਗੀਆਂ ਸੂਰਮੇ’, ਉਤੇ ਅੱਜ ਪੰਜਾਬ ਵਿਧਾਨ ਸਭਾ ਦੇ ਸਿਫ਼ਰ ਕਾਲ ਦੌਰਾਨ ਜ਼ੋਰਦਾਰ ਹੰਗਾਮਾ ਹੋਇਆ। ਹੁਕਮਰਾਨ ਧਿਰ ਦੀਆਂ ਮਹਿਲਾ ਵਿਧਾਇਕਾਂ ਨੇ ਹੱਲਾ-ਬੋਲ ਤਰੀਕੇ ਨਾਲ ਖਹਿਰਾ ਨੂੰ ਨਿਸ਼ਾਨੇ ’ਤੇ ਲਿਆ।

ਸਦਨ ’ਚ ਰੌਲੇ-ਰੱਪੇ ਦੌਰਾਨ ਜਗਰਾਉਂ ਤੋਂ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਨੇ ਸਦਨ ’ਚ ਨਿੰਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਵਿਧਾਇਕ ਸੁਖਪਾਲ ਖਹਿਰਾ ਨੇ ਦਲਿਤਾਂ ਅਤੇ ਔਰਤਾਂ ਦਾ ਅਪਮਾਨ ਕੀਤਾ ਹੈ ਜਿਸ ਕਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਮਗਰੋਂ ਸਦਨ ’ਚ ਵੀ ਮੁਆਫ਼ੀ ਮੰਗਣੀ ਚਾਹੀਦੀ ਹੈ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਦਨ ਦੇ ਮੈਂਬਰਾਂ ਨੂੰ ਸ਼ਬਦਾਂ ਦਾ ਪ੍ਰਯੋਗ ਕਰਨ ਸਮੇਂ ਭਾਸ਼ਾ ਦੀ ਮਰਿਆਦਾ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਇਸ ਮਾਮਲੇ ’ਤੇ ਬਿਨਾਂ ਸ਼ਰਤ ਮੁਆਫ਼ੀ ਮੰਗੀ ਜਾਵੇ। ਨਿੰਦਾ ਮਤੇ ’ਤੇ ਬਹਿਸ ਮਗਰੋਂ ਸਦਨ ਨੇ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਨਿੰਦਾ ਮਤਾ ਪਾਸ ਕਰ ਦਿੱਤਾ।

ਨਿੰਦਾ ਮਤੇ ਦੀ ਜ਼ੁਬਾਨੀ ਵੋਟਿੰਗ ਸਮੇਂ ਵਿਰੋਧੀ ਧਿਰ ਕਾਂਗਰਸ ਨੇ ਚੁੱਪ ਵੱਟ ਲਈ ਜਿਸ ਮਗਰੋਂ ਸੱਤਾਧਾਰੀ ਧਿਰ ਨੇ ਕਾਂਗਰਸ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਿੰਨ ਵਾਰ ਜ਼ੁਬਾਨੀ ਵੋਟਿੰਗ ਕਰਾਈ। ਸਪੀਕਰ ਨੇ ਕਾਂਗਰਸੀ ਵਿਧਾਇਕਾਂ ਦੀ ਚੁੱਪ ਨੂੰ ਨਿੰਦਾ ਮਤੇ ਦਾ ਵਿਰੋਧ (ਨਾਂਹ) ਹੀ ਮੰਨਿਆ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਨਿੰਦਾ ਮਤੇ ਦਾ ਸਮਰਥਨ ਕੀਤਾ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਾਂਗਰਸ ਇਸ ਮੁੱਦੇ ’ਤੇ ਮੁਆਫ਼ੀ ਮੰਗੇ। ਜ਼ਿਆਦਾ ਹੰਗਾਮਾ ਹੋਣ ’ਤੇ ਸਪੀਕਰ ਨੂੰ ਅੱਧੇ ਘੰਟੇ ਲਈ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ। ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਣ ’ਤੇ ਚੀਮਾ ਨੇ ਖਹਿਰਾ ਦਾ ਮਾਮਲਾ ਮੁੜ ਚੁੱਕਿਆ। ਇਸ ਮੌਕੇ ‘ਆਪ’ ਦੀਆਂ ਮਹਿਲਾ ਵਿਧਾਇਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਿੰਦਾ ਮਤਾ ਪਾਸ ਕਰਨ ਤੋਂ ਪਹਿਲਾਂ ਸੁਖਪਾਲ ਖਹਿਰਾ ਦਾ ਪੱਖ ਜਾਣਨ ਦੀ ਨਸੀਹਤ ਦਿੱਤੀ। ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਬਾਜਵਾ ਵੱਲੋਂ ਉਨ੍ਹਾਂ ਦੇ ਪਰਿਵਾਰਕ ਕਿੱਤੇ ’ਤੇ ਬੋਲੇ ਸ਼ਬਦਾਂ ਨੂੰ ਲੈ ਕੇ ਟਿੱਪਣੀਆਂ ਕੀਤੀਆਂ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕਿਹਾ ਕਿ ਖਹਿਰਾ ਮੁਆਫ਼ੀ ਮੰਗਣ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਡਾ. ਅਮਨਦੀਪ ਅਰੋੜਾ ਨੇ ਵੀ ਆਪਣਾ ਪੱਖ ਰੱਖਿਆ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਖਹਿਰਾ ਦੀ ਪੋਸਟ ’ਤੇ ਨਿੰਦਾ ਮਤੇ ਉਤੇ ਬਹਿਸ ਦੌਰਾਨ ਪਾਰਟੀ ਵੱਲੋਂ ਮੁਆਫ਼ੀ ਮੰਗੀ। ਉਨ੍ਹਾਂ ਸੁਖਪਾਲ ਖਹਿਰਾ ਦੇ ਹਵਾਲੇ ਨਾਲ ਕਿਹਾ ਕਿ ਉਹ (ਖਹਿਰਾ) ਭਲਕੇ ਸਦਨ ’ਚ ਖ਼ੁਦ ਆ ਕੇ ਇਸ ਮਾਮਲੇ ’ਤੇ ਸਪੱਸ਼ਟੀਕਰਨ ਦੇਣਗੇ। ਉਨ੍ਹਾਂ ਕਿਹਾ ਕਿ ਇਹ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਮੁੱਦੇ ਨੂੰ ਤੋੜ-ਮਰੋੜ ਕੇ ਤੂਲ ਨਾ ਦਿੱਤਾ ਜਾਵੇ।

Share: