ਖ਼ੁਦਕੁਸ਼ੀ ਮਾਮਲਾ : ਸੀ ਬੀ ਆਈ ਜਾਂਚ ਲਈ ਰਾਹ ਪੱਧਰਾ

ਖ਼ੁਦਕੁਸ਼ੀ ਮਾਮਲਾ : ਸੀ ਬੀ ਆਈ ਜਾਂਚ ਲਈ ਰਾਹ ਪੱਧਰਾ

ਚੰਡੀਗੜ੍ਹ, ਅੰਮ੍ਰਿਤਸਰ: ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਨੂੰ ਸੀ ਬੀ ਆਈ ਹਵਾਲੇ ਕਰਨ ਦਾ ਰਾਹ ਪੱਧਰਾ ਹੋਣ ਲੱਗਾ ਹੈ। ਪੰਜਾਬ ਦੇ ਚਾਰ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ ਸੀ ਬੀ ਆਈ ਤੋਂ ਕਰਾਉਣ ਦੀ ਮੰਗ ਕੀਤੀ ਗਈ। ਅਮਿਤ ਸ਼ਾਹ ਦੇ ਭਰੋਸੇ ਮਗਰੋਂ ਹੀ ਸੰਸਦ ਮੈਂਬਰਾਂ ਨੇ ਗ੍ਰਹਿ ਮੰਤਰੀ ਨੂੰ ਲਿਖਤੀ ਪੱਤਰ ਸੌਂਪਿਆ। ਲੋਕ ਸਭਾ ’ਚ ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਗੂੰਜ ਪੈਣ ਮਗਰੋਂ ਹੀ ਤੇਜ਼ੀ ਨਾਲ ਇਸ ਮਾਮਲੇ ’ਚ ਕਾਰਵਾਈ ਹੋਈ ਹੈ।

ਗੌਰਤਲਬ ਹੈ ਕਿ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਲੋਕ ਸਭਾ ’ਚ ਸਿਫ਼ਰ ਕਾਲ ਦੌਰਾਨ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਅਧਿਕਾਰੀ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਨੂੰ ਚੁੱਕਿਆ ਸੀ ਜਿਸ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ’ਚ ਕਿਹਾ ਕਿ ਜੇਕਰ ਪੰਜਾਬ ਦੇ ਸੰਸਦ ਮੈਂਬਰ ਇਸ ਦੀ ਜਾਂਚ ਸੀ ਬੀ ਆਈ ਤੋਂ ਕਰਵਾਏ ਜਾਣ ਬਾਰੇ ਲਿਖਤੀ ਦੇਣਗੇ ਤਾਂ ਉਹ ਇਹ ਮਾਮਲਾ ਸੀ ਬੀ ਆਈ ਨੂੰ ਸੌਂਪ ਦੇਣਗੇ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਗੁਰਜੀਤ ਸਿੰਘ ਔਜਲਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਡਾ. ਧਰਮਵੀਰ ਗਾਂਧੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਨੂੰ ਸੌਂਪੇ ਪੱਤਰ ’ਚ ਲਿਖਿਆ ਕਿ ਖ਼ੁਦਕੁਸ਼ੀ ਮਾਮਲੇ ਦੀ ਗੰਭੀਰਤਾ ਅਤੇ ਜਨਹਿੱਤ ਦੇ ਮੱਦੇਨਜ਼ਰ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਤੋਂ ਕਰਾਈ ਜਾਵੇ। ਸੰਸਦ ਮੈਂਬਰਾਂ ਨੇ ਮੰਗ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੇਨਿਊ ’ਚ 21 ਮਾਰਚ ਨੂੰ ਐਫ ਆਈ ਆਰ ਦਰਜ ਹੋਈ ਹੈ, ਉਨ੍ਹਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕੀਤੇ ਜਾਣ ਤਾਂ ਜੋ ਉਹ ਮੁਲਕ ਛੱਡ ਕੇ ਭੱਜ ਨਾ ਸਕਣ।

ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਅੱਜ ਪੱਤਰ ਸੌਂਪ ਦਿੱਤਾ ਹੈ ਤਾਂ ਜੋ ਮਾਮਲੇ ਦੀ ਸੀ ਬੀ ਆਈ ਜਾਂਚ ਕਰਾਈ ਜਾ ਸਕੇ। ਦੇਖਿਆ ਜਾਵੇ ਤਾਂ ਹੁਣ ਇਸ ਮਾਮਲੇ ਦੀ ਸੀ ਬੀ ਆਈ ਜਾਂਚ ਲਈ ਰਾਹ ਪੱਧਰਾ ਹੋ ਗਿਆ ਹੈ। ਇਸੇ ਤਰ੍ਹਾਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੱਖਰਾ ਪੱਤਰ ਭੇਜ ਕੇ ਇਸ ਮਾਮਲੇ ਦੀ ਜਾਂਚ ਕਰਾਏ ਜਾਣ ਦੀ ਮੰਗ ਕੀਤੀ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਵੀਡੀਓ ਸਬੂਤਾਂ ਦੇ ਹਵਾਲੇ ਨਾਲ ਸੰਸਦ ’ਚ ਇਹ ਮੁੱਦਾ ਉਠਾਇਆ। ਉਨ੍ਹਾਂ ‘ਆਪ’ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ‘ਪੰਜਾਬ ’ਚ ਹੁਣ ਕਾਨੂੰਨ ਦਾ ਨਹੀਂ, ਬਲਕਿ ਗੁੰਡਿਆਂ ਦਾ ਰਾਜ ਹੈ।’ ਉਨ੍ਹਾਂ ਕਿਹਾ ਕਿ ਫੌਰੀ ਗ੍ਰਿਫ਼ਤਾਰੀ ਹੋਵੇ ਅਤੇ ਮੁਲਜ਼ਮਾਂ ਨੂੰ ਭਾਰਤ ਛੱਡਣ ਦਾ ਮੌਕਾ ਨਾ ਦਿੱਤਾ ਜਾਵੇ। ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਵੀ ਦੋ ਦਿਨ ਪਹਿਲਾਂ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਸੀ। ਮਰਹੂਮ ਗਗਨਦੀਪ ਸਿੰਘ ਰੰਧਾਵਾ ਦਾ ਪਰਿਵਾਰ ਵੀ ਮਾਮਲੇ ਦੀ ਜਾਂਚ ਸੀ ਬੀ ਆਈ ਤੋਂ ਕਰਾਏ ਜਾਣ ਦੀ ਮੰਗ ’ਤੇ ਅੜਿਆ ਹੋਇਆ ਹੈ।

Share: