ਚੰਡੀਗੜ੍ਹ: ਭਾਰਤ ਦੇ ਚੀਫ਼ ਜਸਟਿਸ (CJI) ਸੂਰਿਆ ਕਾਂਤ ਨੇ ਐਤਵਾਰ ਨੂੰ ਮਹਿਲਾ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇੱਥੇ ਇੱਕ ‘ਵਾਕਾਥਨ’ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਜਸਟਿਸ ਕਾਂਤ ਨੇ ਖੁਦ ਵੀ ਇਸ ‘ਵੂਮੈਨਜ਼ ਡੇ ਵਾਕਾਥਨ’ ਵਿੱਚ ਹਿੱਸਾ ਲਿਆ, ਜੋ ਸੁਖਨਾ ਝੀਲ ਦੀ ਪੁਲਿਸ ਚੌਕੀ ਤੋਂ ਸ਼ੁਰੂ ਹੋ ਕੇ ਲਗਪਗ 2.5 ਕਿਲੋਮੀਟਰ ਦੂਰ ਓਪਨ ਹੈਂਡ ਸਮਾਰਕ ਤੱਕ ਕੱਢੀ ਗਈ।
ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਟਿਸ ਕਾਂਤ ਨੇ ਕਿਹਾ ਕਿ ਇਸ ਵਿੱਚ ਨੌਜਵਾਨ ਵਕੀਲਾਂ ਅਤੇ ਜੱਜਾਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਦਾ ਮੁੱਖ ਮਕਸਦ ਲੋਕਾਂ ਨੂੰ ਔਰਤਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਸੀ। ਇਹ ਵਾਕਾਥਨ ਅਤੇ ਪੌਦੇ ਲਗਾਉਣ ਦੀ ਮੁਹਿੰਮ ‘ਇੰਡੀਆ ਇੰਟਰਨੈਸ਼ਨਲ ਡਿਸਪਿਊਟਸ ਵੀਕ’ ਦੇ ਹਿੱਸੇ ਵਜੋਂ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਸ਼ੀਲ ਨਾਗੂ ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਸ਼ਨਿਚਰਵਾਰ ਸ਼ਾਮ ਨੂੰ ਜਸਟਿਸ ਕਾਂਤ ਨੇ ਚੰਡੀਗੜ੍ਹ ਇੰਟਰਨੈਸ਼ਨਲ ਆਰਬਿਟਰੇਸ਼ਨ ਸੈਂਟਰ ਦਾ ਉਦਘਾਟਨ ਕਰਦਿਆਂ ਭਾਰਤ ਦੇ ਸਰਹੱਦ ਪਾਰ ਵਿਵਾਦ ਨਿਪਟਾਰਾ ਸੇਵਾਵਾਂ ਦੇ ਭਵਿੱਖ ਦੇ ਦ੍ਰਿਸ਼ਟੀਕੋਣ ‘ਤੇ ਮੁੱਖ ਭਾਸ਼ਣ ਵੀ ਦਿੱਤਾ ਸੀ।

