ਚੰਡੀਗਡ਼੍ਹ: ਪੰਜਾਬ ’ਚ ਵਿਧਾਨ ਸਭਾ ਅਤੇ ਇਸ ਸਾਲ ਦਸੰਬਰ ’ਚ ਹੋਣ ਵਾਲੀ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਲਈ ਸਾਰੀਆਂ ਸਿਆਸੀ ਧਿਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਐੱਨ ਡੀ ਏ ਦਾ ਹਿੱਸਾ ਰਹਿਣ ਵਾਲੇ ਰਾਸ਼ਟਰੀ ਲੋਕ ਦਲ (ਆਰ ਐੱਲ ਡੀ) ਨੇ ਵੀ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਚੰਡੀਗੜ੍ਹ ਨਗਰ ਨਿਗਮ ਚੋਣ ਲੜਨ ਦਾ ਐਲਾਨ ਕੀਤਾ ਹੈ। ਇਹ ਐਲਾਨ ਆਰ ਐੱਲ ਡੀ ਦੇ ਕੌਮੀ ਜਨਰਲ ਸਕੱਤਰ ਤ੍ਰਿਲੋਕ ਤਿਆਗੀ ਨੇ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਚੰਡੀਗੜ੍ਹ ਦੇ ਦਰਜਨਾਂ ਲੋਕਾਂ ਨੇ ਆਰ ਐੱਲ ਡੀ ਦਾ ਪੱਲਾ ਫੜਿਆ। ਤ੍ਰਿਲੋਕ ਤਿਆਗੀ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਤੇ ਚੰਡੀਗੜ੍ਹ ਵਿੱਚ ਚੋਣਾਂ ਤੋਂ ਪਹਿਲਾਂ ਜਥੇਬੰਧਕ ਢਾਂਚੇ ਦੀ ਮਜ਼ਬੂਤੀ ਲਈ ਕੰਮ ਕੀਤਾ ਜਾ ਰਿਹਾ। ਇਸ ਤੋਂ ਬਾਅਦ ਪੰਜਾਬ ਤੇ ਚੰਡੀਗੜ੍ਹ ਵਿੱਚ ਚੋਣ ਲੜੀ ਜਾਵੇਗੀ। ਹਾਲਾਂਕਿ ਇਹ ਚੋਣ ਭਾਜਪਾ ਨਾਲ ਗੱਠਜੋੜ ’ਚ ਲੜਨਗੇ ਜਾਂ ਇਕੱਲੇ ਇਸ ਦਾ ਫ਼ੈਸਲਾ ਪਾਰਟੀ ਹਾਈਕਮਾਂਡ ਵੱਲੋਂ ਲਿਆ ਜਾਵੇਗਾ। ਤਿਆਗੀ ਨੇ ਕਿਹਾ ਕਿ ਪੰਜਾਬ ਵਿੱਚ ਕਾਬਜ਼ ਆਮ ਆਦਮੀ ਪਾਰਟੀ ਦੀਆਂ ਵਿਕਟਾਂ ਡਿੱਗਣੀਆਂ ਸ਼ੁਰੂ ਹੋ ਗਈਆਂ ਹਨ। ਇਸੇ ਕਰ ਕੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨੂੰ ਛੱਡ ਕੇ ਜਾ ਰਹੇ ਹਨ ਤਾਂ ਦੂਜੇ ਪਾਸੇ ਪਾਰਟੀ ਵੱਲੋਂ ਆਪਣੇ ਹੀ ਆਗੂਆਂ ਨੂੰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਰ ਐੱਲ ਡੀ ਵੱਲੋਂ ਪੰਜਾਬ ਵਿੱਚ ਕਿਸਾਨ, ਨੌਜਵਾਨ ਤੇ ਔਰਤਾਂ ਦੇ ਮੁੱਦਿਆਂ ਨੂੰ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਾਲ ਆਏ ਹੜ੍ਹਾਂ ਕਰਕੇ ਵੱਡੀ ਗਿਣਤੀ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ, ਪਰ ‘ਆਪ’ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਨਾਕਾਮ ਰਹੀ ਹੈ। ਇਸ ਮੌਕੇ ਪਾਰਟੀ ਦੇ ਕੌਮੀ ਸਕੱਤਰ ਪ੍ਰਬੁੱਧ ਕੁਮਾਰ, ਪੰਜਾਬ ਦੇ ਇੰਚਾਰਜ ਦਿਲਪ੍ਰੀਤ ਸਿੰਘ, ਜੰਮੂ ਕਸ਼ਮੀਰ ਦੇ ਇੰਚਾਰਜ ਵਿਨੈ ਪ੍ਰਧਾਨ ਅਤੇ ਪੰਜਾਬ ਪ੍ਰਧਾਨ ਮਨਜੀਤ ਸਿੰਘ ਮੌਜੂਦ ਸਨ।
Posted inChandigarh
