ਫ਼ਸਲਾਂ ਦਾ ਖਰਾਬਾ: ਵਿਰੋਧੀ ਧਿਰਾਂ ਨੇ ਸਰਕਾਰ ਘੇਰੀ

ਚੰਡੀਗਡ਼੍ਹ: ਪੰਜਾਬ ਵਿੱਚ ਪਿਛਲੇ 8-10 ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਅਤੇ ਗੜਿਆਂ ਕਾਰਨ ਸੂਬੇ ਵਿੱਚ ਪੱਕੀ ਹੋਈ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਦੌਰਾਨ ਕਈ ਥਾਵਾਂ ’ਤੇ ਕਿਸਾਨਾਂ ਦੀ ਫ਼ਸਲ ਬਿਲਕੁੱਲ ਤਬਾਹ ਹੋ ਗਈ ਹੈ। ਅਜਿਹੇ ਹਾਲਾਤ ਵਿੱਚ ਕਿਸਾਨਾਂ ਦੇ ਨਾਲ-ਨਾਲ ਵਿਰੋਧੀ ਧਿਰਾਂ ਵੱਲੋਂ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਗਈ ਹੈ। ਇਸ ਦੇ ਨਾਲ ਫ਼ਸਲਾਂ ਦੇ ਖਰਾਬੇ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀ ਫ਼ਸਲ ਖੁੱਲ੍ਹੇ ਅਸਮਾਨ ਹੇਠ ਗੜੇਮਾਰੀ ਤੇ ਮੀਂਹ ਕਰ ਕੇ ਤਬਾਹ ਹੋ ਰਹੀ ਹੈ ਪਰ ਮੁੱਖ ਮੰਤਰੀ ਕਿਸਾਨਾਂ ਦੀ ਬਾਂਹ ਫੜਨ ਦੀ ਥਾਂ ਵਾਟਰ ਪਰੂਫ ਟੈਂਟਾਂ ਵਿੱਚ ਰੈਲੀਆਂ ਕਰਨ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਕਿਸਾਨਾਂ ਦੀ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਲਈ ਕੇਂਦਰ ਸਰਕਾਰ ਤੋਂ ਆਪਦਾ ਰਾਹਤ ਫੰਡ ਤਹਿਤ ਭੇਜੇ ਗਏ 13000 ਕਰੋੜ ਤੋਂ ਵੱਧ ਦੀ ਰਕਮ ਪਹਿਲਾਂ ਹੀ ਸੂਬਾ ਸਰਕਾਰ ਕੋਲ ਪਈ ਹੈ, ਜੋ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਖੁਦ ਮੰਨੇ ਹਨ। ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ।

ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਤੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਖਰਾਬੇ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਪਿਛਲੇ ਸਾਲ ਆਏ ਹੜ੍ਹਾਂ ਦੇ ਨੁਕਸਾਨ ਤੋਂ ਹਾਲੇ ਬਾਹਰ ਨਹੀਂ ਨਿਕਲ ਸਕੇ, ਹੁਣ ਗੜੇਮਾਰੀ ਨੇ ਕਿਸਾਨਾਂ ਨੂੰ ਦੋਹਰੀ ਮਾਰ ਮਾਰੀ ਹੈ।

ਹਲਕਾ ਮਜੀਠਾ ’ਚ ਇਕ ਹਜ਼ਾਰ ਏਕੜ ਫਸਲ ਤਬਾਹ ਹੋਈ: ਮਜੀਠੀਆ

ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲੰਘੇ ਦਿਨ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਡੱਡੀਆਂ, ਹਰੀਆਂ, ਸੁਪਾਰੀਵਿੰਡ, ਮਜੀਠੇ ਦੇ ਨਾਲ ਲੱਗਦੇ ਹੋਰ ਪਿੰਡਾਂ ਵਿੱਚ ਕਰੀਬ 1000 ਏਕੜ ਫ਼ਸਲ ਗੜੇਮਾਰੀ ਨਾਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਸੀ ਕਿ ਉਹ ਮੁਰਗੀ, ਬੱਕਰੀ ਤੱਕ ਦੇ ਨੁਕਸਾਨ ਦੀ ਭਰਪਾਈ ਕਰਨਗੇ। ਇਸ ਲਈ ਮਜੀਠੇ ਹਲਕੇ ’ਚ ਕਿਸਾਨਾਂ ਦੀਆਂ ਸਬਜ਼ੀਆਂ, ਕਣਕ, ਮੱਕੀ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਅਕਾਲੀ ਆਗੂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਦੁੱਖ ਦੀ ਘੜੀ ਵਿੱਚ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਫੌਰੀ ਗਿਰਦਾਵਰੀ ਕਰ ਕੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ।

Share: