ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਵੀਰਵਾਰ ਨੂੰ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਲੈਬਨਾਨ ਨਾਲ ਜਿੰਨੀ ਜਲਦੀ ਹੋ ਸਕੇ ਸਿੱਧੀ ਗੱਲਬਾਤ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਨੇਤਨਯਾਹੂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਹੁਕਮ ਲੈਬਨਾਨ ਵੱਲੋਂ ਕੀਤੀਆਂ ਗਈਆਂ ਅਪੀਲਾਂ ਦੇ ਜਵਾਬ ਵਿੱਚ ਦਿੱਤੇ ਹਨ। ਉਨ੍ਹਾਂ ਅਨੁਸਾਰ, ਇਸ ਗੱਲਬਾਤ ਦਾ ਮੁੱਖ ਕੇਂਦਰ ਹਿਜ਼ਬੁੱਲਾ ਨੂੰ ਹਥਿਆਰ ਮੁਕਤ ਅਤੇ ਦੋਵਾਂ ਗੁਆਂਢੀ ਦੇਸ਼ਾਂ ਵਿਚਕਾਰ ਸ਼ਾਂਤੀਪੂਰਨ ਸਬੰਧ ਸਥਾਪਤ ਕਰਨਾ ਹੋਵੇਗਾ। ਇਰਾਨ ਨੇ ਅਮਰੀਕਾ ’ਤੇ ਜੰਗਬੰਦੀ ਦੀਆਂ ਤਿੰਨ ਮੁੱਖ ਸ਼ਰਤਾਂ ਦੀ ਉਲੰਘਣਾ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ। ਇਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਕਿਰ ਗਾਲੀਬਾਫ ਨੇ ਕਿਹਾ ਹੈ ਕਿ ਅਮਰੀਕਾ ਨੇ 10-ਨੁਕਾਤੀ ਪ੍ਰਸਤਾਵ ਦੀਆਂ ਬੁਨਿਆਦੀ ਸ਼ਰਤਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਇਰਾਨ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਹੈ ਕਿ ਜਿਸ ਬੁਨਿਆਦ ’ਤੇ ਗੱਲਬਾਤ ਸ਼ੁਰੂ ਹੋਣੀ ਸੀ, ਉਹ ਹੁਣ ਖ਼ਤਮ ਹੋ ਚੁੱਕੀ ਹੈ, ਜਿਸ ਕਾਰਨ ਅੱਗੇ ਦੀ ਗੱਲਬਾਤ ਜਾਂ ਜੰਗਬੰਦੀ ਦੀ ਹੁਣ ਕੋਈ ਤੁਕ ਨਹੀਂ ਰਹਿ ਜਾਂਦੀ।
ਇਸ ਦੇ ਉਲਟ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਇਰਾਨ ਨਾਲ ਹੋਇਆ ਸਮਝੌਤਾ ਪੂਰੀ ਤਰ੍ਹਾਂ ਅਮਲ ਵਿੱਚ ਨਹੀਂ ਆਉਂਦਾ, ਉਦੋਂ ਤੱਕ ਅਮਰੀਕੀ ਫੌਜ ਇਰਾਨ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਤਾਇਨਾਤ ਰਹੇਗੀ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੂਥ ਸੋਸ਼ਲ’ ‘ਤੇ ਲਿਖਿਆ ਕਿ ਅਮਰੀਕਾ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਮਾਮਲੇ ’ਤੇ ਨਜ਼ਰ ਰੱਖ ਰਿਹਾ ਹੈ। ਡੋਨਾਲਡ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਸਮਝੌਤੇ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਮੁੜ ਹਮਲੇ ਸ਼ੁਰੂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਜੰਗ ਪਹਿਲਾਂ ਦੇ ਮੁਕਾਬਲੇ ਕਿਤੇ ਜ਼ਿਆਦਾ ਵੱਡੀ, ਸ਼ਕਤੀਸ਼ਾਲੀ ਅਤੇ ਵਿਨਾਸ਼ਕਾਰੀ ਸਾਬਤ ਹੋਵੇਗੀ। ਹਾਲਾਂਕਿ, ਉਨ੍ਹਾਂ ਨੇ ਇਹ ਉਮੀਦ ਵੀ ਜਤਾਈ ਕਿ ਅਜਿਹਾ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ ਪਰ ਅਮਰੀਕਾ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ।

