ਅੰਮ੍ਰਿਤਸਰ: ਪੰਜਾਬ ਰਾਜ ਗੁਦਾਮ ਨਿਗਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਕਮਿਸ਼ਨਰੇਟ ਪੁਲੀਸ ਦੇ ਡੀ ਸੀ ਪੀ (ਇਨਵੈਸਟੀਗੇਸ਼ਨ) ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਤਿੰਨ ਦਿਨ ਵਾਸਤੇ ਹੋਰ ਪੁਲੀਸ ਰਿਮਾਂਡ ਵਿੱਚ ਵਾਧੇ ਦੀ ਅਪੀਲ ਕੀਤੀ ਗਈ ਸੀ ਪਰ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਦੌਰਾਨ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ।
ਇਸ ਤੋਂ ਪਹਿਲਾਂ ਲਾਲਜੀਤ ਸਿੰਘ ਭੁੱਲਰ ਨੂੰ ਪੰਜ ਦਿਨ ਵਾਸਤੇ ਅਤੇ ਮੁੜ ਹੋਰ ਤਿੰਨ ਦਿਨ ਵਾਸਤੇ ਪੁਲੀਸ ਰਿਮਾਂਡ ’ਤੇ ਭੇਜਿਆ ਸੀ ਜਿਸ ਵਿੱਚ ਪੁਲੀਸ ਵੱਲੋਂ ਅੱਜ ਹੋਰ ਵਾਧਾ ਕਰਨ ਦੀ ਮੰਗ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਪਿਛਲੇ ਅੱਠ ਦਿਨ ਦੇ ਪੁਲੀਸ ਰਿਮਾਂਡ ਦੌਰਾਨ ਪੁਲੀਸ ਉਸ ਕੋਲੋਂ ਉਸ ਦਾ ਮੋਬਾਈਲ, ਘਰ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦਾ ਡੀ ਵੀ ਆਰ ਅਤੇ ਹੋਰ ਲੋੜੀਂਦੇ ਸਬੂਤ ਬਰਾਮਦ ਕਰਨ ਵਿੱਚ ਅਸਫ਼ਲ ਰਹੀ ਹੈ। ਪਿਛਲੀ ਵਾਰ ਵੀ ਪੁਲੀਸ ਨੇ ਇਹ ਸਬੂਤ ਬਰਾਮਦ ਕਰਨ ਲਈ ਰਿਮਾਂਡ ਮੰਗਿਆ ਸੀ।ਜ਼ਿਕਰਯੋਗ ਹੈ ਕਿ 21 ਮਾਰਚ ਨੂੰ ਗਗਨਦੀਪ ਸਿੰਘ ਰੰਧਾਵਾ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਸੀ। ਇਹ ਕਦਮ ਚੁੱਕਣ ਤੋਂ ਪਹਿਲਾਂ ਉਸ ਨੇ ਵੀਡੀਓ ਬਣਾਈ ਸੀ ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਲਾਲਜੀਤ ਸਿੰਘ ਭੁੱਲਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਪੁਲੀਸ ਵੱਲੋਂ ਮਾਮਲੇ ਵਿੱਚ ਲਾਲਜੀਤ ਭੁੱਲਰ ਸਮੇਤ ਉਸ ਦੇ ਪਿਤਾ ਅਤੇ ਨਿੱਜੀ ਸਹਾਇਕ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ’ਚੋਂ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋ ਫਿਲਹਾਲ ਫ਼ਰਾਰ ਹਨ। ਦੂਜੇ ਪਾਸੇ ਪੀੜਤ ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।

