ਨਵੀਂ ਦਿੱਲੀ: ਕਾਂਗਰਸ ਆਗੂ ਕੇ ਸੀ ਵੇਣੂਗੋਪਾਲ ਨੇ ਲੋਕ ਸਭਾ ਸਪੀਕਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਮਰਿਆਦਾ ਦੀ ਉਲੰਘਣਾ ਦਾ ਨੋਟਿਸ ਸੌਂਪਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ’ਤੇ ਦੋਸ਼ ਲਾਇਆ ਹੈ ਕਿ 2029 ਵਿੱਚ ਮਹਿਲਾ ਰਾਖਵਾਂਕਰਨ ਲਾਗੂ ਕਰਨ ਸਬੰਧੀ ਬਿੱਲ ਦੇ ਸਦਨ ’ਚ ਰੱਦ ਹੋਣ ਤੋਂ ਬਾਅਦ ਰਾਸ਼ਟਰ ਦੇ ਨਾਂ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ’ਤੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ।
ਸ੍ਰੀ ਵੇਣੂਗੋਪਾਲ ਨੇ ਦੋਸ਼ ਲਾਇਆ ਕਿ ਮੈਂਬਰਾਂ ਦੇ ਵੋਟਿੰਗ ਵਿਹਾਰ ਪਿੱਛੇ ‘ਮੰਦੀ ਭਾਵਨਾ ਭਰੇ ਮਕਸਦ’ ਜੋੜਨਾ ਵਿਸ਼ੇਸ਼ ਅਧਿਕਾਰਾਂ ਦੀ ਜਾਣ-ਬੁੱਝ ਕੇ ਕੀਤੀ ਗਈ ਉਲੰਘਣਾ ਅਤੇ ਸਦਨ ਦੀ ਮਾਣਹਾਨੀ ਹੈ। ਉਨ੍ਹਾਂ ਸਪੀਕਰ ਓਮ ਬਿਰਲਾ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਵਿਸਥਾਰਤ ਜਾਂਚ ਲਈ ਲੋਕ ਸਭਾ ਦੀ ਮਰਿਆਦਾ ਕਮੇਟੀ ਕੋਲ ਭੇਜਿਆ ਜਾਵੇ। ਕਾਂਗਰਸ ਦੇ ਜਨਰਲ ਸਕੱਤਰ ਅਤੇ ਕੇਰਲਾ ਦੇ ਅਲੱਪੁਜ਼ਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਨੇ ਕਿਹਾ ਕਿ ‘ਕੌਮ ਦੇ ਨਾਂ ਸੰਬੋਧਨ’ ਦੌਰਾਨ ਪ੍ਰਧਾਨ ਮੰਤਰੀ ਨੇ ਬਿੱਲ ਨੂੰ ਰੋਕਣ ਲਈ ਵਿਰੋਧੀ ਪਾਰਟੀਆਂ ਦੀ ਆਲੋਚਨਾ ਕੀਤੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਵੋਟ ਪਾਉਣ ਦੇ ਢੰਗ ’ਤੇ ਸਿੱਧੀਆਂ ਟਿੱਪਣੀਆਂ ਕਰਦਿਆਂ ਉਨ੍ਹਾਂ ਦੇ ਇਰਾਦਿਆਂ ’ਤੇ ਸਵਾਲ ਚੁੱਕੇ ਸਨ। ਸ੍ਰੀ ਵੇਣੂਗੋਪਾਲ ਨੇ ਕਿਹਾ ਕਿ ਇਹ ਸਥਾਪਤ ਤੱਥ ਹੈ ਕਿ ਸੰਸਦ ਮੈਂਬਰਾਂ ਵੱਲੋਂ ਸੰਸਦ ਵਿੱਚ ਦਿੱਤੇ ਗਏ ਭਾਸ਼ਣਾਂ ਦੇ ਸਬੰਧ ਵਿੱਚ ਉਨ੍ਹਾਂ ’ਤੇ ਟਿੱਪਣੀਆਂ ਕਰਨਾ, ਇਲਜ਼ਾਮ ਲਗਾਉਣਾ ਜਾਂ ਉਨ੍ਹਾਂ ਦੇ ਇਰਾਦਿਆਂ ’ਤੇ ਸ਼ੱਕ ਕਰਨਾ ‘ਮਰਿਆਦਾ ਦੀ ਉਲੰਘਣਾ ਅਤੇ ਸਦਨ ਦੀ ਮਾਣਹਾਨੀ’ ਦੇ ਬਰਾਬਰ ਹੈ।

